‘ਇੱਕ ਸ਼ਾਮ ਸ਼ਿਵ ਕੇ ਨਾਮ’ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਸਮਾਗਮ ’ਚ ਰਾਜਨੀਤਿਕ ਪਾਰਟੀਆਂ, ਪਟਿਆਲਾ ਵਾਸੀ ਵੱਡੀ ਗਿਣਤੀ ਵਿਚ ਸ਼ਿਵ ਦੇ ਰੰਗ ਵਿਚ ਰੰਗੇ
ਪਟਿਆਲਾ, 29 ਜੁਲਾਈ 2026 (ਜੀ.ਐਸ.ਤੁੰਗ): ਪਟਿਆਲਾ ਵਿਖੇ ਆਯੋਜਿਤ ‘ਇੱਕ ਸ਼ਾਮ ਸ਼ਿਵ ਕੇ ਨਾਮ‘ ਸਮਾਗਮ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਹਰ ਧਰਮ ਦਾ ਬਰਾਬਰ ਸਤਿਕਾਰ ਕਰਦੀ ਹੈ ਅਤੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਦਿਨ-ਰਾਤ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦਾ ਉਦੇਸ਼ ਅਜਿਹਾ ਸਮਾਜ ਬਣਾਉਣਾ ਹੈ, ਜਿੱਥੇ ਹਰ ਧਰਮ ਅਤੇ ਹਰ ਵਰਗ ਦੇ ਲੋਕ ਆਪਸੀ ਪਿਆਰ, ਸਤਿਕਾਰ ਅਤੇ ਸਦਭਾਵਨਾ ਨਾਲ ਰਹਿਣ।

ਪੰਜਾਬ ‘ਚ ਭਾਈਚਾਰਕ ਸਾਂਝ ਨਾਲ ਵੰਡਪਾਊ ਤਾਕਤਾਂ ਨੂੰ ਨਹੀਂ ਮਿਲੇਗੀ ਕਾਮਯਾਬੀ, ਸ਼ਾਂਤੀ ਹਰ ਕੀਮਤ ‘ਤੇ ਰਹੇਗੀ ਬਰਕਰਾਰ: ਮੁੱਖ ਮੰਤਰੀ ਭਗਵੰਤ ਮਾਨ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਹੈ ਕਿ ਪੰਜਾਬ ਦੀ ਧਰਤੀ ‘ਤੇ ਵੰਡਪਾਊ ਅਤੇ ਨਫ਼ਰਤ ਫੈਲਾਉਣ ਵਾਲੀਆਂ ਤਾਕਤਾਂ ਕਦੇ ਵੀ ਕਾਮਯਾਬ ਨਹੀਂ ਹੋ ਸਕਦੀਆਂ, ਕਿਉਂਕਿ ਇੱਥੋਂ ਦੇ ਲੋਕ ਹਰ ਧਰਮ ਅਤੇ ਹਰ ਤਿਉਹਾਰ ਨੂੰ ਮਿਲ-ਜੁਲ ਕੇ ਮਨਾਉਂਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੀ ਧਰਤੀ ਉੱਤੇ ਨਫ਼ਰਤ ਦੇ ਬੀਜ ਤੋਂ ਇਲਾਵਾ ਹਰ ਬੀਜ ਪੁੰਗਰ ਸਕਦਾ ਹੈ ਅਤੇ ਸੂਬੇ ਵਿੱਚ ਮਿਹਨਤ ਨਾਲ ਸਥਾਪਿਤ ਹੋਈ ਸ਼ਾਂਤੀ, ਕੌਮੀ ਸਦਭਾਵਨਾ ਅਤੇ ਭਾਈਚਾਰਕ ਸਾਂਝ ਨੂੰ ਹਰ ਕੀਮਤ ‘ਤੇ ਬਰਕਰਾਰ ਰੱਖਿਆ ਜਾਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਹਮੇਸ਼ਾ ਭਾਈਚਾਰਕ ਸਾਂਝ ਅਤੇ ਆਜ਼ਾਦੀ ਦੀ ਧਰਤੀ ਰਿਹਾ ਹੈ। ਉਨ੍ਹਾਂ ਦੱਸਿਆ ਕਿ ਭਾਵੇਂ ਇਹ ਸਮਾਗਮ ਭਗਵਾਨ ਸ਼ਿਵ ਜੀ ਨੂੰ ਸਮਰਪਿਤ ਸੀ, ਪਰ ਇਸ ਵਿੱਚ ਹਰ ਧਰਮ ਦੇ ਲੋਕਾਂ ਦੀ ਸ਼ਮੂਲੀਅਤ ਨੇ ਪੰਜਾਬ ਦੀ ਅਸਲ ਰੂਹ ਨੂੰ ਦਰਸਾਇਆ ਹੈ। ਉਨ੍ਹਾਂ ਸੰਤਾਂ ਅਤੇ ਰੂਹਾਨੀ ਰਹਿਬਰਾਂ ਨੂੰ ਨਮਨ ਕਰਦਿਆਂ ਕਿਹਾ ਕਿ ਸਮਾਜ ਵਿੱਚ ਏਕਤਾ ਅਤੇ ਪਿਆਰ ਦਾ ਸੰਦੇਸ਼ ਹੀ ਪੰਜਾਬ ਦੀ ਸਭ ਤੋਂ ਵੱਡੀ ਤਾਕਤ ਹੈ।
ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਭਗਵੰਤ ਮਾਨ ਨੇ ਦੱਸਿਆ ਕਿ ਸੂਬੇ ਵਿੱਚ 19 ਟੋਲ ਪਲਾਜ਼ੇ ਬੰਦ ਕੀਤੇ ਗਏ ਹਨ, ਜਿਸ ਨਾਲ ਲੋਕਾਂ ਦੀ ਰੋਜ਼ਾਨਾ ਕਰੀਬ 70 ਲੱਖ ਰੁਪਏ ਦੀ ਬਚਤ ਹੋ ਰਹੀ ਹੈ। ਉਨ੍ਹਾਂ ਕਿਹਾ ਕਿ ਪਾਰਦਰਸ਼ੀ ਪ੍ਰਕਿਰਿਆ ਰਾਹੀਂ 68 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਲਗਭਗ 90 ਫ਼ੀਸਦੀ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ, ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਸਪਲਾਈ ਦਿੱਤੀ ਜਾ ਰਹੀ ਹੈ ਅਤੇ ਸੜਕਾਂ ਅਤੇ ਨਹਿਰੀ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ।


ਉਨ੍ਹਾਂ ‘ਮਾਵਾਂ-ਧੀਆਂ ਸਤਿਕਾਰ ਯੋਜਨਾ’ ਬਾਰੇ ਦੱਸਦਿਆਂ ਕਿਹਾ ਕਿ ਪਹਿਲੀ ਜੁਲਾਈ ਤੋਂ ਯੋਗ ਔਰਤਾਂ ਦੇ ਬੈਂਕ ਖਾਤਿਆਂ ਵਿੱਚ ਸਿੱਧੀ ਵਿੱਤੀ ਸਹਾਇਤਾ ਭੇਜੀ ਜਾ ਰਹੀ ਹੈ। ਇਸ ਯੋਜਨਾ ਤਹਿਤ ਯੋਗ ਔਰਤਾਂ ਨੂੰ ਹਰ ਮਹੀਨੇ ₹1,000 ਅਤੇ ਅਨੁਸੂਚਿਤ ਜਾਤੀਆਂ ਨਾਲ ਸਬੰਧਤ ਔਰਤਾਂ ਨੂੰ ₹1,500 ਮਹੀਨਾਵਾਰ ਦਿੱਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਹਿਲੀ ਅਗਸਤ ਨੂੰ ਵੀ ਇਹ ਰਕਮ ਸਿੱਧੀ ਖਾਤਿਆਂ ਵਿੱਚ ਟਰਾਂਸਫਰ ਕੀਤੀ ਜਾਵੇਗੀ ਅਤੇ ਸਮਾਜਿਕ ਸੁਰੱਖਿਆ ਪੈਨਸ਼ਨ ਲੈ ਰਹੀਆਂ ਔਰਤਾਂ ਵੀ ਇਸ ਯੋਜਨਾ ਦਾ ਲਾਭ ਲੈ ਸਕਣਗੀਆਂ।
ek sham shiv ke naam Patiala video:
ਮੁੱਖ ਮੰਤਰੀ ਨੇ ਦਾਅਵਾ ਕੀਤਾ ਕਿ ਸੂਬੇ ਦੀਆਂ ਕਰੀਬ 97 ਫ਼ੀਸਦੀ ਔਰਤਾਂ ਇਸ ਯੋਜਨਾ ਤੋਂ ਲਾਭ ਪ੍ਰਾਪਤ ਕਰ ਰਹੀਆਂ ਹਨ ਅਤੇ ਇਸ ਲਈ ਸਰਕਾਰ ਨੇ ₹9,300 ਕਰੋੜ ਦਾ ਬਜਟ ਰੱਖਿਆ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕ ਭਲਾਈ ਅਤੇ ਸਮਾਜਿਕ ਏਕਤਾ ਨੂੰ ਮਜ਼ਬੂਤ ਕਰਨ ਲਈ ਵਚਨਬੱਧ ਹੈ।









