‘ਮੇਰੀ ਫ਼ਸਲ ਮੇਰਾ ਬਿਓਰਾ’ ਪੋਰਟਲ ‘ਤੇ 21 ਤੋਂ 27 ਸਤੰਬਰ ਵਿਚਕਾਰ ਕਿਸਾਨ ਕਰ ਸਕਣਗੇ ਅਰਜ਼ੀ: ਨਾਇਬ ਸਿੰਘ ਸੈਣੀ
ਮੁੱਖ ਮੰਤਰੀ ਨੇ ਬਾਬੈਨ ਅਨਾਜ ਮੰਡੀ ਵਿੱਚ ਕਿਸਾਨਾਂ, ਆੜ੍ਹਤੀਆਂ, ਵਪਾਰੀਆਂ, ਰਾਈਸ ਮਿਲਰਾਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਕੀਤੀ ਬੈਠਕ
ਬਾਬੈਨ, 21 ਸਤੰਬਰ, 2026 (ਸੰਜੀਵ ਸ਼ਰਮਾ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਝੋਨੇ ਦੀ ਫ਼ਸਲ ਦੀ ਖ਼ਰੀਦ ਦੌਰਾਨ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਮਿਲਣ ‘ਤੇ ਸਖ਼ਤ ਕਾਰਵਾਈ ਕੀਤੀ ਜਾਵੇਗੀ। ਸੀਜ਼ਨ ਵਿੱਚ ਕਿਸਾਨਾਂ ਨੂੰ ਕਿਸੇ ਵੀ ਦਿੱਕਤ ਜਾਂ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ‘ਮੇਰੀ ਫ਼ਸਲ ਮੇਰਾ ਬਿਓਰਾ’ ਪੋਰਟਲ ਕਿਸਾਨਾਂ ਦੀਆਂ ਅਰਜ਼ੀਆਂ ਲਈ 21 ਤੋਂ 27 ਸਤੰਬਰ ਤੱਕ ਖੋਲ੍ਹਿਆ ਜਾ ਰਿਹਾ ਹੈ। ਜਿਨ੍ਹਾਂ ਕਿਸਾਨਾਂ ਦੀ ਵੈਰੀਫਿਕੇਸ਼ਨ ਦਾ ਕੰਮ ਪੈਂਡਿੰਗ ਹੈ, ਉਹ ਐਸ.ਡੀ.ਐਮ. (SDM) ਕੋਲ ਆਪਣੀ ਅਰਜ਼ੀ ਦੇਣ। ਮੁੱਖ ਮੰਤਰੀ ਨਾਇਬ ਸਿੰਘ ਸੈਣੀ ਐਤਵਾਰ ਨੂੰ ਬਾਬੈਨ ਮਾਰਕੀਟ ਕਮੇਟੀ ਦਫ਼ਤਰ ਵਿੱਚ ਕਰਵਾਈ ਗਈ ਬੈਠਕ ਨੂੰ ਸੰਬੋਧਨ ਕਰ ਰਹੇ ਸਨ। ਇਸ ਬੈਠਕ ਵਿੱਚ ਕਿਸਾਨ, ਆੜ੍ਹਤੀ, ਵਪਾਰੀ, ਰਾਈਸ ਮਿਲਰ ਅਤੇ ਪ੍ਰਸ਼ਾਸਨਿਕ ਅਧਿਕਾਰੀ ਮੌਜੂਦ ਸਨ। ਮੁੱਖ ਮੰਤਰੀ ਨੇ ਅਧਿਕਾਰੀਆਂ ਨਾਲ ਝੋਨੇ ਦੀ ਫ਼ਸਲ ਦੀ ਖ਼ਰੀਦ ਦੇ ਸਬੰਧ ਵਿੱਚ ਚਰਚਾ ਕੀਤੀ। ਇਸ ਦੌਰਾਨ ਖੁਰਾਕ ਤੇ ਸਪਲਾਈ ਵਿਭਾਗ ਅਤੇ ਮੰਡੀ ਪ੍ਰਸ਼ਾਸਨ ਨੂੰ ਜ਼ਰੂਰੀ ਦਿਸ਼ਾ-ਨਿਰਦੇਸ਼ ਦਿੱਤੇ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹੁਣੇ ਹੀ ਕਿਸਾਨਾਂ ਦੀ ਫ਼ਸਲ ਦੀ ਵੈਰੀਫਿਕੇਸ਼ਨ ਅਤੇ ਐਮ.ਐਫ.ਐਮ.ਬੀ. (MFMB) ਪੋਰਟਲ ‘ਤੇ ਅਰਜ਼ੀ ਨਾ ਹੋਣ ਦੀ ਜਾਣਕਾਰੀ ਧਿਆਨ ਵਿੱਚ ਆਈ ਸੀ, ਜਿਸ ਨੂੰ ਦੇਖਦੇ ਹੋਏ ਸਰਕਾਰ ਨੇ ਅਧਿਕਾਰੀਆਂ ਨੂੰ ਪੋਰਟਲ ਖੋਲ੍ਹਣ ਦੇ ਨਿਰਦੇਸ਼ ਦਿੱਤੇ ਹਨ। ਹੁਣ 21 ਤੋਂ 27 ਸਤੰਬਰ ਤੱਕ ਪੋਰਟਲ ਚਾਲੂ ਰਹੇਗਾ, ਜਿੱਥੇ ਕਿਸਾਨ ਆਪਣੀ ਅਰਜ਼ੀ ਦੇ ਸਕਦੇ ਹਨ ਅਤੇ ਜਿਨ੍ਹਾਂ ਕਿਸਾਨਾਂ ਦੀ ਅਰਜ਼ੀ ਦੀ ਵੈਰੀਫਿਕੇਸ਼ਨ ਪੈਂਡਿੰਗ ਹੈ, ਉਹ ਆਪਣੇ ਐਸ.ਡੀ.ਐਮ. ਨੂੰ ਲਿਖਤੀ ਵਿੱਚ ਦੇਣ, ਤਾਂ ਜੋ ਉਨ੍ਹਾਂ ਦੀ ਵੈਰੀਫਿਕੇਸ਼ਨ ਕਰਵਾਈ ਜਾ ਸਕੇ।
ਉਨ੍ਹਾਂ ਕਿਹਾ ਕਿ ਸਰਕਾਰ ਨੇ ਪਹਿਲੇ ਦਿਨ ਤੋਂ ਹੀ ਕਿਸਾਨਾਂ ਲਈ ਨੀਤੀਆਂ ਅਤੇ ਯੋਜਨਾਵਾਂ ਨੂੰ ਲਾਗੂ ਕੀਤਾ ਹੈ। ਸੂਬੇ ਦੇ ਕਿਸਾਨਾਂ ਦੀਆਂ ਸਾਰੀਆਂ 24 ਫ਼ਸਲਾਂ ਐਮ.ਐਸ.ਪੀ. (MSP) ‘ਤੇ ਖ਼ਰੀਦੀਆਂ ਜਾ ਰਹੀਆਂ ਹਨ। ਸਬਜ਼ੀਆਂ ਦੀਆਂ ਫ਼ਸਲਾਂ ‘ਤੇ ‘ਭਾਵਾਂਤਰ ਭਰਪਾਈ ਯੋਜਨਾ’ ਦਾ ਲਾਭ ਦਿੱਤਾ ਜਾ ਰਹਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਕਿਸਾਨ ਸਨਮਾਨ ਨਿਧੀ ਯੋਜਨਾ ਤਹਿਤ 6 ਹਜ਼ਾਰ ਰੁਪਏ ਸਾਲਾਨਾ ਸਿੱਧੇ ਖ਼ਾਤਿਆਂ ਵਿੱਚ ਭੇਜੇ ਜਾ ਰਹੇ ਹਨ। ਕਿਸਾਨਾਂ ਦੀਆਂ ਫ਼ਸਲਾਂ ਦਾ ਬੀਮਾ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਸਬਸਿਡੀ ‘ਤੇ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਜਾ ਰਹੇ ਹਨ। ਇਸ ਮੌਕੇ ਮੁੱਖ ਮੰਤਰੀ ਦੇ ਦਫ਼ਤਰ ਇੰਚਾਰਜ ਕੈਲਾਸ਼ ਸੈਣੀ, ਡਿਪਟੀ ਕਮਿਸ਼ਨਰ ਵਿਸ਼ਰਾਮ ਕੁਮਾਰ ਮੀਨਾ, ਪੁਲਿਸ ਸੁਪਰਡੈਂਟ ਚੰਦਰ ਮੋਹਨ, ਮੀਡੀਆ ਕੋਆਰਡੀਨੇਟਰ ਤੁਸ਼ਾਰ ਸੈਣੀ, ਜ਼ਿਲ੍ਹਾ ਪ੍ਰਧਾਨ ਰਮੇਸ਼ ਸੈਣੀ, ਮੰਡਲ ਪ੍ਰਧਾਨ ਵਿਕਾਸ ਸ਼ਰਮਾ, ਨਾਇਬ ਸਿੰਘ ਪਟਾਕ ਮਾਜਰਾ, ਸਰਪੰਚ ਸੰਜੀਵ ਗੋਲਡੀ, ਮਾਰਕੀਟ ਕਮੇਟੀ ਸਕੱਤਰ ਗੁਰਮੀਤ ਸੈਣੀ ਸਮੇਤ ਹੋਰ ਪਤਵੰਤੇ ਸੱਜਣ ਮੌਜੂਦ ਸਨ।
