ਕਾਬੁਲ, 28 ਨਵੰਬਰ, 2026 (ਛਤਰਪਾਲ ਸਿੰਘ ): ਅਫਗਾਨਿਸਤਾਨ ਦੇ ਪੂਰਬੀ ਸੂਬੇ ਕੁਨਾਰ ਵਿੱਚ ਇੱਕ ਮਿਡਲ ਸਕੂਲ ਵਿੱਚ ਹੋਏ ਜ਼ਬਰਦਸਤ ਧਮਾਕੇ ਕਾਰਨ ਕਈ ਵਿਦਿਆਰਥੀਆਂ ਦੇ ਮਾਰੇ ਜਾਣ ਜਾਂ ਜ਼ਖ਼ਮੀ ਹੋਣ ਦੀ ਖ਼ਬਰ ਸਾਹਮਣੇ ਆਈ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸਥਾਨਕ ਪੁਲਿਸ ਨੇ ਸ਼ਨੀਵਾਰ ਨੂੰ ਧਮਾਕੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਹਾਦਸੇ ਵਿੱਚ ਸਕੂਲੀ ਬੱਚੇ ਪ੍ਰਭਾਵਿਤ ਹੋਏ ਹਨ।
ਕੁਨਾਰ ਸੂਬਾਈ ਪੁਲਿਸ ਹੈੱਡਕੁਆਰਟਰ ਦੇ ਬੁਲਾਰੇ ਫਰੀਦ ਦੇਹਕਾਨ ਅਨੁਸਾਰ ਧਮਾਕਾ ਸਵੇਰੇ ਕਰੀਬ 10 ਵਜੇ ਸੂਬੇ ਦੇ ਅੰਦਰ ਸੇਰ ਇਲਾਕੇ ਵਿੱਚ ਸਥਿਤ ਇੱਕ ਮਿਡਲ ਸਕੂਲ ਵਿੱਚ ਹੋਇਆ। ਉਨ੍ਹਾਂ ਦੱਸਿਆ ਕਿ ਧਮਾਕੇ ਕਾਰਨ ਕਈ ਵਿਦਿਆਰਥੀਆਂ ਦੇ ਜਾਨੀ ਨੁਕਸਾਨ ਅਤੇ ਜ਼ਖ਼ਮੀ ਹੋਣ ਦੀ ਸੂਚਨਾ ਹੈ। ਹਾਲਾਂਕਿ, ਮ੍ਰਿਤਕਾਂ ਅਤੇ ਜ਼ਖ਼ਮੀਆਂ ਦੀ ਸਹੀ ਗਿਣਤੀ ਬਾਰੇ ਤੁਰੰਤ ਕੋਈ ਅਧਿਕਾਰਤ ਵੇਰਵਾ ਜਾਰੀ ਨਹੀਂ ਕੀਤਾ ਗਿਆ। ਪੁਲਿਸ ਬੁਲਾਰੇ ਨੇ ਕਿਹਾ ਕਿ ਧਮਾਕੇ ਦੇ ਅਸਲ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਘਟਨਾ ਦੀ ਜਾਂਚ ਲਈ ਕੁਨਾਰ ਸੂਬੇ ਦੀਆਂ ਜਾਂਚ ਟੀਮਾਂ ਮੌਕੇ ’ਤੇ ਪਹੁੰਚ ਗਈਆਂ ਹਨ ਅਤੇ ਧਮਾਕੇ ਨਾਲ ਜੁੜੇ ਸਬੂਤ ਇਕੱਠੇ ਕੀਤੇ ਜਾ ਰਹੇ ਹਨ। ਸਕੂਲ ਵਰਗੇ ਸਿੱਖਿਆ ਸੰਸਥਾਨ ਵਿੱਚ ਵਾਪਰੀ ਇਸ ਘਟਨਾ ਨੇ ਬੱਚਿਆਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾਵਾਂ ਪੈਦਾ ਕਰ ਦਿੱਤੀਆਂ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਹੀ ਧਮਾਕੇ ਦੇ ਕਾਰਨਾਂ ਅਤੇ ਇਸ ਵਿੱਚ ਹੋਏ ਨੁਕਸਾਨ ਸਬੰਧੀ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਮੀਦ ਹੈ।
