ਦੁਬਈ, 6 ਅਗਸਤ, 2026 (ਛਤਰਪਾਲ ਸਿੰਘ) : ਦੁਬਈ ਦੇ ਸ਼ੇਖ ਜ਼ਾਇਦ ਰੋਡ ਸਥਿਤ ਇੱਕ ਕਾਰ ਸ਼ੋਰੂਮ ਵਿੱਚ ਗੈਸ ਸਿਲੰਡਰ ਫਟਣ ਕਾਰਨ ਇੱਕ ਭਾਰਤੀ ਨੌਜਵਾਨ ਦੀ ਮੌਤ ਹੋ ਗਈ, ਜਦਕਿ ਪੰਜ ਹੋਰ ਵਿਅਕਤੀ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਕੇਰਲ ਦੇ ਕੋਲਮ ਜ਼ਿਲ੍ਹੇ ਦੇ ਰਹਿਣ ਵਾਲੇ 27 ਸਾਲਾ ਸ਼ਿਜਿਨ ਪਾਲ ਵਜੋਂ ਹੋਈ ਹੈ। ਜਾਣਕਾਰੀ ਅਨੁਸਾਰ ਸ਼ਿਜਿਨ ਪਾਲ ਸ਼ੋਰੂਮ ਵਿੱਚ ਸੋਸ਼ਲ ਮੀਡੀਆ ਮੈਨੇਜਰ ਵਜੋਂ ਕੰਮ ਕਰਦਾ ਸੀ। ਹਾਦਸੇ ਵਾਲੇ ਦਿਨ ਸ਼ੋਰੂਮ ਵਿੱਚ ਅਚਾਨਕ ਅੱਗ ਲੱਗ ਗਈ, ਜਿਸ ਤੋਂ ਬਾਅਦ ਕਰਮਚਾਰੀਆਂ ਨੇ ਬਾਹਰ ਨਿਕਲਣ ਦੀ ਕੋਸ਼ਿਸ਼ ਕੀਤੀ। ਇਸ ਦੌਰਾਨ ਕੁਝ ਕਰਮਚਾਰੀਆਂ ਨੇ ਅੱਗ ‘ਤੇ ਕਾਬੂ ਪਾਉਣ ਲਈ ਫਾਇਰ ਐਕਸਟਿੰਗੁਇਸ਼ਰ ਦੀ ਵਰਤੋਂ ਕੀਤੀ, ਪਰ ਕੁਝ ਹੀ ਪਲਾਂ ਬਾਅਦ ਗੈਸ ਸਿਲੰਡਰ ਵਿੱਚ ਜ਼ੋਰਦਾਰ ਧਮਾਕਾ ਹੋ ਗਿਆ।
ਧਮਾਕਾ ਇੰਨਾ ਭਿਆਨਕ ਸੀ ਕਿ ਸ਼ਿਜਿਨ ਪਾਲ ਦੀ ਮੌਕੇ ‘ਤੇ ਹੀ ਮੌਤ ਹੋ ਗਈ, ਜਦਕਿ ਪੰਜ ਹੋਰ ਲੋਕ ਜ਼ਖ਼ਮੀ ਹੋ ਗਏ। ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ। ਦੁਬਈ ਮੀਡੀਆ ਦਫ਼ਤਰ ਨੇ ਹਾਦਸੇ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਉੱਧਰ, ਦੁਬਈ ਸਥਿਤ ਭਾਰਤੀ ਕੌਂਸਲੇਟ ਨੇ ਵੀ ਸ਼ਿਜਿਨ ਪਾਲ ਦੀ ਮੌਤ ਦੀ ਪੁਸ਼ਟੀ ਕੀਤੀ ਹੈ ਅਤੇ ਕਿਹਾ ਹੈ ਕਿ ਉਹ ਪਰਿਵਾਰ ਨਾਲ ਲਗਾਤਾਰ ਸੰਪਰਕ ਵਿੱਚ ਹਨ। ਕੌਂਸਲੇਟ ਦੇ ਅਧਿਕਾਰੀਆਂ ਨੇ ਦੱਸਿਆ ਕਿ ਮ੍ਰਿਤਕ ਦੀ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਭੇਜਣ ਲਈ ਸਥਾਨਕ ਪ੍ਰਸ਼ਾਸਨ ਨਾਲ ਲੋੜੀਂਦੀਆਂ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ।







