Home ਪੰਜਾਬ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਗਿਦੜਿਆਣੀ ਵਿਖੇ ਕਿਸਾਨ ਜਾਗਰੂਕਤਾ ਕੈਂਪ; ਪਰਾਲੀ ਪ੍ਰਬੰਧਨ...

ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਪਿੰਡ ਗਿਦੜਿਆਣੀ ਵਿਖੇ ਕਿਸਾਨ ਜਾਗਰੂਕਤਾ ਕੈਂਪ; ਪਰਾਲੀ ਪ੍ਰਬੰਧਨ ‘ਤੇ ਦਿੱਤਾ ਜ਼ੋਰ

Krishi Vigyan Kendra Organizes Farmer Awareness Camp in Gidryani, Promoting Sustainable Stubble Management Practices.

0
ਲਹਿਰਾਗਾਗਾ, 20 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਪਿੰਡ ਗਿਦੜਿਆਣੀ, ਬਲਾਕ ਲਹਿਰਾਗਾਗਾ ਵਿਖੇ ਪਰਾਲੀ ਪ੍ਰਬੰਧਨ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਕਾਸ਼ਤ ਬਾਰੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ। ਜਿਸ ਵਿੱਚ 80 ਤੋਂ ਵੱਧ ਕਿਸਾਨਾਂ ਨੇ ਬਹੁਤ ਉਤਸ਼ਾਹ ਨਾਲ ਭਾਗ ਲਿਆ। ਇਸ ਕੈਂਪ ਦੌਰਾਨ ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ., ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਫਸਲਾਂ ਦੀ ਰਹਿੰਦ-ਖੂੰਹਦ (ਪਰਾਲੀ) ਦੇ ਇਨ-ਸਿਟੂ ਪ੍ਰਬੰਧਨ ‘ਤੇ ਵਿਸ਼ੇਸ਼ ਜ਼ੋਰ ਦਿੱਤਾ। ਉਹਨਾਂ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਸਾੜਨ ਦੀ ਬਜਾਏ ਖੇਤਾਂ ਵਿੱਚ ਹੀ ਇਸ ਦਾ ਯੋਗ ਪ੍ਰਬੰਧਨ ਕਰਨ ਲਈ ਉਤਸ਼ਾਹਿਤ ਕੀਤਾ। ਉਨ੍ਹਾਂ ਕਿਸਾਨਾਂ ਨੂੰ ‘ਸੁਪਰ ਸੀਡਰ’, ‘ਹੈਪੀ ਸੀਡਰ’, ‘ਸਮਾਰਟ ਸੀਡਰ’, ‘ਸਰਫੇਸ ਸੀਡਰ’ ਅਤੇ ਹੋਰ ਅਜਿਹੀਆਂ ਖੇਤੀ ਮਸ਼ੀਨਾਂ ਦੀ ਵਰਤੋਂ ਕਰਕੇ ਫਸਲਾਂ ਦੀ ਰਹਿੰਦ-ਖੂੰਹਦ ਦਾ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਬੰਧਨ ਕਰਨ ਦੀ ਅਪੀਲ ਕੀਤੀ। ਉਹਨਾਂ ਦੱਸਿਆ ਕਿ ਫਸਲਾਂ ਦੀ ਰਹਿੰਦ-ਖੂੰਹਦ (ਪਰਾਲੀ) ਦਾ ਸਹੀ ਪ੍ਰਬੰਧਨ ਮਿੱਟੀ ਦੀ ਗੁਣਵੱਤਾ ਬਣਾਈ ਰੱਖਣ, ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਅਤੇ ਮਿੱਟੀ ਵਿੱਚ ਜੈਵਿਕ ਮਾਦੇ ਦੀ ਮਾਤਰਾ ਵਧਾਉਣ ਵਿੱਚ ਮਦਦ ਕਰਦਾ ਹੈ। ਇਸ ਤੋਂ ਇਲਾਵਾ ਉਹਨਾਂ ਮਿੱਟੀ ਪਰਖ ਦੇ ਨਤੀਜਿਆਂ ਦੇ ਆਧਾਰ ‘ਤੇ ਸੰਤੁਲਿਤ ਅਤੇ ਸਮਝਦਾਰੀ ਨਾਲ ਖਾਦਾਂ ਦੀ ਵਰਤੋਂ ਕਰਨ ਲਈ ਉਤਸ਼ਾਹਿਤ ਕੀਤਾ ਤਾਂ ਜੋ ਬੇਲੋੜੀ ਖਾਦ ਦੀ ਖਪਤ ਨੂੰ ਘੱਟ ਕੀਤਾ ਜਾ ਸਕੇ। ਇਸ ਦੇ ਨਾਲ ਹੀ ਉਨ੍ਹਾਂ ਪਾਣੀ ਅਤੇ ਪੌਸ਼ਟਿਕ ਤੱਤਾਂ ਦੇ ਕੁਸ਼ਲ ਪ੍ਰਬੰਧਨ ‘ਤੇ ਵੀ ਜ਼ੋਰ ਦਿੱਤਾ।
ਡਾ. ਗੁਰਬੀਰ ਕੌਰ, ਸਹਾਇਕ ਪ੍ਰੋਫੈਸਰ (ਪੌਦ ਸੁਰੱਖਿਆ) ਨੇ ਹਾੜ੍ਹੀ ਦੀਆਂ ਫ਼ਸਲਾਂ ਦੇ ਬੀਜ ਦੀ ਸੋਧ ਅਤੇ ਬਿਮਾਰੀਆਂ ਦੀ ਏਕਿਕ੍ਰਿਤ ਰੋਕਥਾਮ ਲਈ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਹਨਾਂ ਝੋਨੇ ਦੀ ਮੌਜੂਦਾ ਫ਼ਸਲ ਦੀ ਦੇਖਭਾਲ ਲਈ ਵੀ ਸੁਝਾਅ ਸਾਂਝੇ ਕੀਤੇ।
ਡਾ. ਰਵਿੰਦਰ ਕੌਰ, ਸਹਿਯੋਗੀ ਪ੍ਰੋਫੈਸਰ (ਬਾਗਬਾਨੀ) ਨੇ ਕਿਸਾਨਾਂ ਨੂੰ ਪੌਸ਼ਟਿਕ ਸੁਰੱਖਿਆ ਲਈ ਘਰੇਲੂ ਪੱਧਰ ‘ਤੇ ਸਬਜ਼ੀ ਅਤੇ ਫ਼ਲਦਾਰ ਬਗੀਚੀ ਲਾਉਣ ਲਈ ਪ੍ਰੇਰਿਤ ਕੀਤਾ। ਉਹਨਾਂ ਸਰਦੀ ਰੁੱਤ ਦੀਆਂ ਸਬਜ਼ੀਆਂ ਦੀਆਂ ਉੱਨਤ ਕਿਸਮਾਂ ਅਤੇ ਖੁੰਬਾਂ ਦੀ ਕਾਸ਼ਤ ਬਾਰੇ ਵੀ ਜਾਣਕਾਰੀ ਸਾਂਝੀ ਕੀਤੀ।  ਇਸ ਕੈਂਪ ਵਿੱਚ ਪਿੰਡ ਦੀ ਸਹਿਕਾਰੀ ਸਭਾ ਦੇ ਸਕੱਤਰ ਸ੍ਰ ਗੁਰਮੀਤ ਸਿੰਘ ਅਤੇ ਸਮੂਹ ਕਰਮਚਾਰੀਆਂ ਨੇ ਭਾਗ ਲਿਆ। ਸ. ਜਗਦੀਪ ਸਿੰਘ, ਅਗਾਂਹਵਧੂ ਫੁੱਲ ਉਤਪਾਦਕ ਨੇ ਵਿਸ਼ੇਸ਼ ਤੌਰ ‘ਤੇ ਯਤਨ ਕਰਕੇ ਕੈਂਪ ਦੇ ਸਮੁੱਚੇ ਪ੍ਰਬੰਧ ਕੀਤੇ। ਕੈਂਪ ਵਿੱਚ ਸ਼ਿਰਕਤ ਕਰਨ ਵਾਲੇ ਕਿਸਾਨਾਂ ਨੂੰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਪ੍ਰਕਾਸ਼ਿਤ ਕੀਤਾ ਗਿਆ ਖੇਤੀ ਸਹਿਤ ਅਤੇ ਕਣਕ ਦੇ ਬੀਜ ਨੂੰ ਲਗਾਉਣ ਵਾਲਾ ਜੀਵਾਣੂੰ ਖਾਦ ਦਾ ਟੀਕਾ ਮੁਹਈਆ ਕਰਵਾਇਆ ਗਿਆ।

Exit mobile version