ਬੀਕੇਯੂ (ਰਾਜੇਵਾਲ) ਦੀ ਅਗਵਾਈ ਹੇਠ ਮੋਹਾਲੀ ਤੋਂ ਸੈਕਟਰ-34 ਤੱਕ ਰੈਲੀ, ਸਵੇਰੇ 10:30 ਤੋਂ ਦੁਪਹਿਰ 3 ਵਜੇ ਤੱਕ ਆਵਾਜਾਈ ਪ੍ਰਭਾਵਿਤ ਰਹੇਗੀ
ਚੰਡੀਗੜ੍ਹ: 13 ਜੁਲਾਈ 2026 (ਵਿਸ਼ਾਲ ਗੁਪਤਾ) : ਅੱਜ ਭਾਰਤੀ ਕਿਸਾਨ ਯੂਨੀਅਨ (ਰਾਜੇਵਾਲ) ਵੱਲੋਂ ਕੱਢੀ ਜਾ ਰਹੀ ਬਾਈਕ ਰੈਲੀ ਅਤੇ ਪ੍ਰਦਰਸ਼ਨ ਦੇ ਮੱਦੇਨਜ਼ਰ ਚੰਡੀਗੜ੍ਹ ਵਿੱਚ ਟ੍ਰੈਫਿਕ ਵਿਵਸਥਾ ਪ੍ਰਭਾਵਿਤ ਹੋਵੇਗੀ। ਰੈਲੀ ਮੋਹਾਲੀ ਤੋਂ ਸ਼ੁਰੂ ਹੋ ਕੇ ਸੈਕਟਰ-34 ਦੇ ਪ੍ਰਦਰਸ਼ਨੀ ਮੈਦਾਨ ਤੱਕ ਪਹੁੰਚੇਗੀ, ਜਿੱਥੇ ਕਿਸਾਨ ਆਪਣੀਆਂ ਮੰਗਾਂ ਸਬੰਧੀ ਮੁੱਖ ਮੰਤਰੀ ਅਤੇ ਰਾਜਪਾਲ ਰਾਹੀਂ ਪ੍ਰਧਾਨ ਮੰਤਰੀ ਨੂੰ ਮੰਗ ਪੱਤਰ ਸੌਂਪਣਗੇ। ਭਾਰਤ-ਅਮਰੀਕਾ ਵਪਾਰ ਸਮਝੌਤਾ, ਪੰਜਾਬ ਦੀ ਪਾਣੀ ਅਤੇ ਭੂਮੀ ਨੀਤੀ ਸਮੇਤ ਕਈ ਮੁੱਦਿਆਂ ਨੂੰ ਲੈ ਕੇ ਇਹ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।
ਇਸ ਨੂੰ ਧਿਆਨ ਵਿੱਚ ਰੱਖਦਿਆਂ ਚੰਡੀਗੜ੍ਹ ਪੁਲਿਸ ਨੇ ਹਾਈ ਅਲਰਟ ਜਾਰੀ ਕਰ ਦਿੱਤਾ ਹੈ ਅਤੇ ਸਵੇਰੇ 10:30 ਵਜੇ ਤੋਂ ਦੁਪਹਿਰ 3 ਵਜੇ ਤੱਕ ਕਈ ਪ੍ਰਮੁੱਖ ਸੜਕਾਂ ‘ਤੇ ਟ੍ਰੈਫਿਕ ਡਾਇਵਰਟ ਕਰਨ ਦਾ ਫ਼ੈਸਲਾ ਕੀਤਾ ਹੈ। ਸੈਕਟਰ 51/52 ਤੋਂ ਸੈਕਟਰ 43 ਚੌਂਕ, ਸਾਊਥ ਐਂਡ ਚੌਂਕ, ਪਿਕੈਡਲੀ ਚੌਂਕ, ਅਰੋਮਾ ਲਾਈਟ ਪੁਆਇੰਟ, ਕਿਸਾਨ ਭਵਨ ਚੌਂਕ, ਗੁਰਦੁਆਰਾ ਚੌਂਕ, ਗੌਸ਼ਾਲਾ ਚੌਂਕ ਅਤੇ ਮੋਹਾਲੀ ਬੈਰੀਅਰ ਵੱਲ ਜਾਣ ਵਾਲੇ ਕਈ ਰੂਟਾਂ ‘ਤੇ ਆਵਾਜਾਈ ਪ੍ਰਭਾਵਿਤ ਰਹੇਗੀ।
ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਉਹ ਘਰੋਂ ਨਿਕਲਣ ਤੋਂ ਪਹਿਲਾਂ ਟ੍ਰੈਫਿਕ ਐਡਵਾਈਜ਼ਰੀ ਦੀ ਜਾਣਕਾਰੀ ਜ਼ਰੂਰ ਲੈਣ ਅਤੇ ਬਦਲਵੇਂ ਰੂਟਾਂ ਦੀ ਵਰਤੋਂ ਕਰਨ। ਬੀਕੇਯੂ (ਰਾਜੇਵਾਲ) ਦੇ ਰਾਸ਼ਟਰੀ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਕਿਹਾ ਕਿ ਪੰਜਾਬ ਦੇ ਸਾਰੇ ਜ਼ਿਲ੍ਹਿਆਂ ਤੋਂ ਵੱਡੀ ਗਿਣਤੀ ਵਿੱਚ ਕਿਸਾਨ ਇਸ ਰੈਲੀ ਵਿੱਚ ਸ਼ਾਮਲ ਹੋਣਗੇ ਅਤੇ ਕੇਂਦਰ ਸਰਕਾਰ ਦੀਆਂ ਨੀਤੀਆਂ ਖ਼ਿਲਾਫ਼ ਆਪਣੀ ਆਵਾਜ਼ ਬੁਲੰਦ ਕਰਨਗੇ।








