ਮੋਗਾ, 5 ਅਕਤੂਬਰ 2026 (ਚੌਧਰੀ ਪ੍ਰਭਜੀਤ ਸਿੰਘ): ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਮੋਗਾ ਵਿੱਚ ਸਰਕਾਰ ਖ਼ਿਲਾਫ਼ ਸੰਘਰਸ਼ ਤੇਜ਼ ਕਰ ਦਿੱਤਾ ਗਿਆ ਹੈ। ਯੂਨੀਅਨ ਦੀ ਸੂਬਾ ਕਮੇਟੀ ਦੇ ਸੱਦੇ ’ਤੇ ਕਿਸਾਨਾਂ ਨੇ ਡੀਸੀ ਦਫ਼ਤਰ ਦੇ ਬਾਹਰ ਅਣਮਿੱਥੇ ਸਮੇਂ ਲਈ ਪੱਕਾ ਮੋਰਚਾ ਸ਼ੁਰੂ ਕੀਤਾ ਹੈ। ਧਰਨੇ ਵਿੱਚ ਵੱਡੀ ਗਿਣਤੀ ਵਿੱਚ ਕਿਸਾਨਾਂ ਨੇ ਸ਼ਮੂਲੀਅਤ ਕੀਤੀ। ਪ੍ਰਦਰਸ਼ਨ ਦੌਰਾਨ ਕਿਸਾਨਾਂ ਨੇ ਡੀਸੀ ਅਤੇ ਐਸਐਸਪੀ ਦਫ਼ਤਰ ਦੇ ਦੋਵੇਂ ਗੇਟ ਬੰਦ ਕਰਕੇ ਪੰਜਾਬ ਅਤੇ ਕੇਂਦਰ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ। ਕਿਸਾਨ ਆਗੂਆਂ ਨੇ ਸਪੱਸ਼ਟ ਕੀਤਾ ਕਿ ਜਦੋਂ ਤੱਕ ਉਨ੍ਹਾਂ ਦੀਆਂ ਮੰਗਾਂ ’ਤੇ ਠੋਸ ਫੈਸਲਾ ਨਹੀਂ ਲਿਆ ਜਾਂਦਾ, ਉਦੋਂ ਤੱਕ ਮੋਰਚਾ ਜਾਰੀ ਰਹੇਗਾ। ਕਿਸਾਨ ਆਗੂਆਂ ਅਨੁਸਾਰ, ਇਸ ਤੋਂ ਪਹਿਲਾਂ ਵੀ ਮੋਗਾ ਦੇ ਡੀਸੀ ਦਫ਼ਤਰ ਦੇ ਬਾਹਰ 13 ਦਿਨ ਲਗਾਤਾਰ ਧਰਨਾ ਦਿੱਤਾ ਗਿਆ ਸੀ। ਉਨ੍ਹਾਂ ਦਾ ਦੋਸ਼ ਹੈ ਕਿ ਉਸ ਸਮੇਂ ਸਰਕਾਰ ਵੱਲੋਂ ਮੰਗਾਂ ਦੇ ਹੱਲ ਲਈ ਕੋਈ ਠੋਸ ਕਦਮ ਨਹੀਂ ਚੁੱਕਿਆ ਗਿਆ। ਇਸ ਤੋਂ ਬਾਅਦ ਯੂਨੀਅਨ ਦੀ ਸੂਬਾ ਕਮੇਟੀ ਨੇ ਪੰਜਾਬ ਦੇ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ’ਤੇ ਡੀਸੀ ਦਫ਼ਤਰਾਂ ਦੇ ਬਾਹਰ ਪੱਕੇ ਮੋਰਚੇ ਲਗਾਉਣ ਦਾ ਫੈਸਲਾ ਕੀਤਾ।
ਕਿਸਾਨਾਂ ਵੱਲੋਂ ਰੱਖੀਆਂ ਗਈਆਂ ਮੁੱਖ ਮੰਗਾਂ ਵਿੱਚ ਭਾਰਤ-ਅਮਰੀਕਾ ਵਪਾਰ ਸਮਝੌਤਾ ਰੱਦ ਕਰਨਾ, ਲੈਂਡ ਪੂਲਿੰਗ ਨੀਤੀ ਵਾਪਸ ਲੈਣਾ ਅਤੇ ਫ਼ਸਲਾਂ ਦੇ ਨੁਕਸਾਨ ਦਾ ਢੁਕਵਾਂ ਮੁਆਵਜ਼ਾ ਦੇਣਾ ਸ਼ਾਮਲ ਹੈ। ਇਸ ਤੋਂ ਇਲਾਵਾ ਕਿਸਾਨਾਂ ਦੇ ਕਰਜ਼ੇ ਮੁਆਫ਼ ਕਰਨ, ਫ਼ਸਲਾਂ ਲਈ ਐਮਐਸਪੀ ਦੀ ਕਾਨੂੰਨੀ ਗਾਰੰਟੀ ਦੇਣ, ਕਿਸਾਨਾਂ ਖ਼ਿਲਾਫ਼ ਦਰਜ ਕੇਸ ਵਾਪਸ ਲੈਣ ਅਤੇ ਬਿਜਲੀ ਬਿੱਲ-2020 ਨੂੰ ਰੱਦ ਕਰਨ ਦੀ ਮੰਗ ਵੀ ਕੀਤੀ ਗਈ ਹੈ। ਕਿਸਾਨ ਆਗੂਆਂ ਨੇ ਕਿਹਾ ਕਿ ਉਨ੍ਹਾਂ ਦਾ ਸੰਘਰਸ਼ ਸਿਰਫ਼ ਮੋਗਾ ਤੱਕ ਸੀਮਤ ਨਹੀਂ ਹੈ, ਸਗੋਂ ਸੂਬਾ ਕਮੇਟੀ ਦੇ ਸੱਦੇ ’ਤੇ ਪੰਜਾਬ ਦੇ ਵੱਖ-ਵੱਖ ਜ਼ਿਲ੍ਹਿਆਂ ਵਿੱਚ ਵੀ ਅਜਿਹੇ ਮੋਰਚੇ ਲਗਾਏ ਗਏ ਹਨ। ਉਨ੍ਹਾਂ ਚੇਤਾਵਨੀ ਦਿੱਤੀ ਕਿ ਜੇਕਰ ਸਰਕਾਰ ਨੇ ਮੰਗਾਂ ਨੂੰ ਗੰਭੀਰਤਾ ਨਾਲ ਨਾ ਲਿਆ ਤਾਂ ਆਉਣ ਵਾਲੇ ਦਿਨਾਂ ਵਿੱਚ ਸੰਘਰਸ਼ ਨੂੰ ਹੋਰ ਤਿੱਖਾ ਕੀਤਾ ਜਾਵੇਗਾ। ਯੂਨੀਅਨ ਆਗੂਆਂ ਨੇ ਦੁਹਰਾਇਆ ਕਿ ਮੰਗਾਂ ਦੀ ਪੂਰਤੀ ਤੱਕ ਕਿਸਾਨਾਂ ਦਾ ਅਣਮਿੱਥੇ ਸਮੇਂ ਵਾਲਾ ਧਰਨਾ ਜਾਰੀ ਰਹੇਗਾ।
