Home ਪੰਜਾਬ ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਨ-ਸੀਟੂ ਅਤੇ ਐਕਸ-ਸੀਟੂ ਤਕਨੀਕਾਂ ਰਾਹੀਂ ਪਰਾਲੀ...

ਪਰਾਲੀ ਨੂੰ ਅੱਗ ਲਾਉਣ ਦੀ ਬਜਾਏ ਇਨ-ਸੀਟੂ ਅਤੇ ਐਕਸ-ਸੀਟੂ ਤਕਨੀਕਾਂ ਰਾਹੀਂ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਕਿਸਾਨ: ਡਿਪਟੀ ਕਮਿਸ਼ਨਰ ਪੂਨਮਦੀਪ ਕੌਰ

DC Poonamdeep Kaur Urges Farmers to Adopt Crop Residue Management and Avoid Stubble Burning

0
ਸੰਗਰੂਰ, 07 ਅਕਤੂਬਰ, 2026 (ਕਾਜਲ) : ਡਿਪਟੀ ਕਮਿਸ਼ਨਰ ਸੰਗਰੂਰ ਸ੍ਰੀਮਤੀ ਪੂਨਮਦੀਪ ਕੌਰ ਨੇ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਹੈ ਕਿ ਝੋਨੇ ਦੀ ਕਟਾਈ ਤੋਂ ਬਾਅਦ ਪਰਾਲੀ ਅਤੇ ਹੋਰ ਫ਼ਸਲੀ ਰਹਿੰਦ-ਖੂੰਹਦ ਨੂੰ ਅੱਗ ਲਾਉਣ ਦੀ ਬਜਾਏ ਇਨ-ਸੀਟੂ ਅਤੇ ਐਕਸ-ਸੀਟੂ ਤਕਨੀਕਾਂ ਰਾਹੀਂ ਇਸ ਦਾ ਸੁਚੱਜਾ ਪ੍ਰਬੰਧਨ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ, ਲੋਕਾਂ ਦੀ ਸਿਹਤ ਦੀ ਰਾਖੀ ਕਰਨ ਅਤੇ ਮਿੱਟੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਲਈ ਕਿਸਾਨਾਂ ਦਾ ਸਹਿਯੋਗ ਬੇਹੱਦ ਅਹਿਮ ਹੈ।
 ਸ੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਪਰਾਲੀ ਨੂੰ ਸਾੜਨ ਦੀ ਬਜਾਏ ਉਪਲਬਧ ਖੇਤੀ ਮਸ਼ੀਨਰੀ ਦੀ ਮਦਦ ਨਾਲ ਇਸ ਨੂੰ ਖੇਤ ਵਿੱਚ ਹੀ ਸੰਭਾਲਿਆ ਜਾ ਸਕਦਾ ਹੈ ਜਾਂ ਹੋਰ ਉਪਯੋਗਾਂ ਲਈ ਖੇਤ ਤੋਂ ਬਾਹਰ ਭੇਜਿਆ ਜਾ ਸਕਦਾ ਹੈ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਇਨ-ਸੀਟੂ ਵਿਧੀ ਤਹਿਤ ਪਰਾਲੀ ਦਾ ਪ੍ਰਬੰਧਨ ਖੇਤ ਦੇ ਅੰਦਰ ਹੀ ਕੀਤਾ ਜਾਂਦਾ ਹੈ। ਇਸ ਲਈ ਢੁਕਵੀਂ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਨੂੰ ਮਿੱਟੀ ਵਿੱਚ ਮਿਲਾਇਆ ਜਾ ਸਕਦਾ ਹੈ ਜਾਂ ਖੇਤ ਵਿੱਚ ਪਰਾਲੀ ਦੀ ਮੌਜੂਦਗੀ ਦੌਰਾਨ ਹੀ ਅਗਲੀ ਫ਼ਸਲ ਦੀ ਬਿਜਾਈ ਕੀਤੀ ਜਾ ਸਕਦੀ ਹੈ।  ਇਸੇ ਤਰ੍ਹਾਂ ਐਕਸ-ਸੀਟੂ ਵਿਧੀ ਤਹਿਤ ਪਰਾਲੀ ਨੂੰ ਇਕੱਠਾ ਕਰਕੇ ਹੋਰ ਉਪਯੋਗਾਂ ਲਈ ਖੇਤ ਤੋਂ ਬਾਹਰ ਲਿਜਾਇਆ ਜਾਂਦਾ ਹੈ। ਉਨ੍ਹਾਂ ਕਿਹਾ ਕਿ ਕਿਸਾਨ ਆਪਣੇ ਖੇਤਾਂ ਦੀਆਂ ਲੋੜਾਂ ਅਤੇ ਮਸ਼ੀਨਰੀ ਦੀ ਉਪਲਬਧਤਾ ਅਨੁਸਾਰ ਢੁਕਵੀਂ ਵਿਧੀ ਅਪਣਾਉਣ।
ਉਨ੍ਹਾਂ ਅੱਗੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਕਟਾਈ ਕਰਨ ਵਾਲੀਆਂ ਕੰਬਾਈਨਾਂ ਲਈ ਸੁਪਰ ਸਟਰਾਅ ਮੈਨੇਜਮੈਂਟ ਸਿਸਟਮ (ਐਸ.ਐਮ.ਐਸ.) ਦੀ ਵਰਤੋਂ ਲਾਜ਼ਮੀ ਕੀਤੀ ਗਈ ਹੈ। ਇਹ ਪ੍ਰਣਾਲੀ ਕਟਾਈ ਦੌਰਾਨ ਪਰਾਲੀ ਨੂੰ ਛੋਟੇ ਟੁਕੜਿਆਂ ਵਿੱਚ ਕੱਟ ਕੇ ਖੇਤ ਵਿੱਚ ਖਿਲਾਰਨ ਵਿੱਚ ਮਦਦ ਕਰਦੀ ਹੈ, ਜਿਸ ਨਾਲ ਇਸ ਦੇ ਅਗਲੇ ਪ੍ਰਬੰਧਨ ਵਿੱਚ ਸਹੂਲਤ ਹੁੰਦੀ ਹੈ। ਉਨ੍ਹਾਂ ਕੰਬਾਈਨ ਮਾਲਕਾਂ ਨੂੰ ਹਦਾਇਤ ਕੀਤੀ ਕਿ ਕਟਾਈ ਦੌਰਾਨ ਇਸ ਪ੍ਰਣਾਲੀ ਦੀ ਵਰਤੋਂ ਯਕੀਨੀ ਬਣਾਈ ਜਾਵੇ। ਸ੍ਰੀਮਤੀ ਪੂਨਮਦੀਪ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਵਿੱਚ ਸ਼ਾਮ 6 ਵਜੇ ਤੋਂ ਸਵੇਰੇ 10 ਵਜੇ ਤੱਕ ਕੰਬਾਈਨਾਂ ਨਾਲ ਝੋਨੇ ਦੀ ਕਟਾਈ ਕਰਨ ’ਤੇ ਵੀ ਪਾਬੰਦੀ ਹੈ। ਉਨ੍ਹਾਂ ਕਿਹਾ ਕਿ ਰਾਤ ਸਮੇਂ ਤਰੇਲ ਪੈਣ ਕਾਰਨ ਫ਼ਸਲ ਵਿੱਚ ਨਮੀ ਵੱਧ ਜਾਂਦੀ ਹੈ, ਜਿਸ ਨਾਲ ਕਿਸਾਨਾਂ ਨੂੰ ਮੰਡੀ ਵਿੱਚ ਫ਼ਸਲ ਵੇਚਣ ਸਮੇਂ ਮੁਸ਼ਕਲ ਆ ਸਕਦੀ ਹੈ। ਉਨ੍ਹਾਂ ਕਿਸਾਨਾਂ ਅਤੇ ਕੰਬਾਈਨ ਮਾਲਕਾਂ ਨੂੰ ਨਿਰਧਾਰਤ ਸਮੇਂ ਸਬੰਧੀ ਹੁਕਮਾਂ ਦੀ ਪਾਲਣਾ ਕਰਨ ਅਤੇ ਪੂਰੀ ਤਰ੍ਹਾਂ ਪੱਕੇ ਝੋਨੇ ਦੀ ਹੀ ਕਟਾਈ ਕਰਨ ਦੀ ਅਪੀਲ ਕੀਤੀ।
ਡਿਪਟੀ ਕਮਿਸ਼ਨਰ ਨੇ ਕਿਸਾਨਾਂ ਨੂੰ ਮੰਡੀਆਂ ਵਿੱਚ ਨਿਰਧਾਰਤ ਮਾਪਦੰਡਾਂ ਅਨੁਸਾਰ ਸੁੱਕਾ ਅਤੇ ਸਾਫ਼ ਝੋਨਾ ਲਿਆਉਣ ਦੀ ਅਪੀਲ ਵੀ ਕੀਤੀ।  ਸ੍ਰੀਮਤੀ ਪੂਨਮਦੀਪ ਕੌਰ ਨੇ ਕਿਹਾ ਕਿ ਪਰਾਲੀ ਦਾ ਸੁਚੱਜਾ ਪ੍ਰਬੰਧਨ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਸਾਨਾਂ, ਕੰਬਾਈਨ ਮਾਲਕਾਂ ਅਤੇ ਸਬੰਧਤ ਧਿਰਾਂ ਨੂੰ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਨਾ ਲਾਉਣ, ਉਪਲਬਧ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਨ ਅਤੇ ਜ਼ਿਲ੍ਹੇ ਨੂੰ ਪ੍ਰਦੂਸ਼ਣ ਤੋਂ ਬਚਾਉਣ ਲਈ ਪ੍ਰਸ਼ਾਸਨ ਦਾ ਪੂਰਨ ਸਹਿਯੋਗ ਦੇਣ।

Exit mobile version