Home ਪਟਿਆਲਾ ਅਪਡੇਟ ਸਹਿਕਾਰੀ ਸਭਾਵਾਂ ਦੀ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ...

ਸਹਿਕਾਰੀ ਸਭਾਵਾਂ ਦੀ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਕੇ ਪਰਾਲੀ ਦਾ ਸੁਚੱਜਾ ਪ੍ਰਬੰਧਨ ਕਰਨ ਕਿਸਾਨ: ਅਮਨਦੀਪ ਸ਼ਰਮਾ

Amandeep Sharma Urges Farmers to Use Cooperative Society Machinery for Effective Stubble Management.

0
ਪਟਿਆਲਾ, 17 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਪਟਿਆਲਾ ਅਮਨਦੀਪ ਸ਼ਰਮਾ ਨੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਨ ਅਤੇ ਪਰਾਲੀ ਨੂੰ ਅੱਗ ਲਗਾਉਣ ਤੋਂ ਗੁਰੇਜ਼ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਹਿਕਾਰੀ ਸਭਾਵਾਂ ਵਿੱਚ ਉਪਲਬਧ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਵੱਧ ਤੋਂ ਵੱਧ ਵਰਤੋਂ ਕਰਕੇ ਪਰਾਲੀ ਦਾ ਵਾਤਾਵਰਣ-ਪੱਖੀ ਢੰਗ ਨਾਲ ਪ੍ਰਬੰਧਨ ਕੀਤਾ ਜਾ ਸਕਦਾ ਹੈ। ਅਮਨਦੀਪ ਸ਼ਰਮਾ ਨੇ ਅੱਜ ਕਲਿਆਣ ਖੇਤੀਬਾੜੀ ਸਹਿਕਾਰੀ ਸਭਾ ਦਾ ਦੌਰਾ ਕੀਤਾ ਅਤੇ ਸਭਾ ਵੱਲੋਂ ਖਰੀਦੇ ਗਏ ਟਰੈਕਟਰ ਤੇ ਮਲਚਰ ਦਾ ਨਿਰੀਖਣ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਸਹਿਕਾਰੀ ਸਭਾਵਾਂ ਰਾਹੀਂ ਕਿਸਾਨਾਂ ਨੂੰ ਆਧੁਨਿਕ ਖੇਤੀਬਾੜੀ ਮਸ਼ੀਨਰੀ ਉਪਲਬਧ ਕਰਵਾਉਣ ਦਾ ਮੁੱਖ ਉਦੇਸ਼ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਯਕੀਨੀ ਬਣਾਉਣਾ ਅਤੇ ਪਰਾਲੀ ਸਾੜਨ ਦੀ ਪ੍ਰਥਾ ਨੂੰ ਰੋਕਣ ਲਈ ਕਿਸਾਨਾਂ ਨੂੰ ਉਤਸ਼ਾਹਿਤ ਕਰਨਾ ਹੈ।
ਉਨ੍ਹਾਂ ਦੱਸਿਆ ਕਿ ਸਹਾਇਕ ਰਜਿਸਟਰਾਰ ਸਹਿਕਾਰੀ ਸਭਾਵਾਂ, ਪਟਿਆਲਾ ਦੇ ਅਧੀਨ ਆਉਂਦੀਆਂ ਵੱਖ-ਵੱਖ ਸਹਿਕਾਰੀ ਸਭਾਵਾਂ ਵੱਲੋਂ ਟਰੈਕਟਰ, ਮਲਚਰ, ਸੁਪਰ ਸੀਡਰ ਅਤੇ ਹੋਰ ਆਧੁਨਿਕ ਖੇਤੀਬਾੜੀ ਸੰਦ ਖਰੀਦੇ ਗਏ ਹਨ। ਇਨ੍ਹਾਂ ਸੰਦਾਂ ਦੀ ਵਰਤੋਂ ਨਾਲ ਕਿਸਾਨ ਪਰਾਲੀ ਦਾ ਖੇਤਾਂ ਵਿੱਚ ਹੀ ਸੁਚੱਜਾ ਪ੍ਰਬੰਧਨ ਕਰ ਸਕਦੇ ਹਨ ਅਤੇ ਇਸ ਨੂੰ ਅੱਗ ਲਗਾਉਣ ਦੀ ਲੋੜ ਤੋਂ ਬਚ ਸਕਦੇ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਨਾਲ ਹਵਾ ਪ੍ਰਦੂਸ਼ਣ ਵਧਦਾ ਹੈ, ਮਿੱਟੀ ਦੀ ਉਪਜਾਊ ਸ਼ਕਤੀ ਪ੍ਰਭਾਵਿਤ ਹੁੰਦੀ ਹੈ ਅਤੇ ਮਨੁੱਖੀ ਸਿਹਤ ਦੇ ਨਾਲ-ਨਾਲ ਵਾਤਾਵਰਣ ਨੂੰ ਵੀ ਨੁਕਸਾਨ ਪਹੁੰਚਦਾ ਹੈ। ਇਸ ਲਈ ਕਿਸਾਨਾਂ ਨੂੰ ਚਾਹੀਦਾ ਹੈ ਕਿ ਉਹ ਪਰਾਲੀ ਦੇ ਨਿਪਟਾਰੇ ਲਈ ਉਪਲਬਧ ਆਧੁਨਿਕ ਖੇਤੀਬਾੜੀ ਮਸ਼ੀਨਰੀ ਦੀ ਵਰਤੋਂ ਕਰਨ ਅਤੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ।
ਅਮਨਦੀਪ ਸ਼ਰਮਾ ਨੇ ਕਿਹਾ ਕਿ ਸਾਫ਼-ਸੁਥਰਾ ਵਾਤਾਵਰਣ ਯਕੀਨੀ ਬਣਾਉਣਾ ਸਾਰਿਆਂ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਉਣ ਵਾਲੀਆਂ ਪੀੜ੍ਹੀਆਂ ਦੇ ਸਿਹਤਮੰਦ ਭਵਿੱਖ ਨੂੰ ਧਿਆਨ ਵਿੱਚ ਰੱਖਦਿਆਂ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦਾ ਸੁਚੱਜਾ ਪ੍ਰਬੰਧਨ ਕਰਕੇ ਪ੍ਰਦੂਸ਼ਣ ਘਟਾਉਣ ਦੇ ਯਤਨਾਂ ਵਿੱਚ ਸਰਗਰਮ ਭੂਮਿਕਾ ਨਿਭਾਉਣ।
ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਵੱਲੋਂ ਖਰੀਦੀ ਗਈ ਆਧੁਨਿਕ ਖੇਤੀਬਾੜੀ ਮਸ਼ੀਨਰੀ ਕਿਸਾਨਾਂ ਨੂੰ ਕਿਰਾਏ ’ਤੇ ਮੁਹੱਈਆ ਕਰਵਾਈ ਜਾਂਦੀ ਹੈ, ਜਦਕਿ ਛੋਟੇ ਅਤੇ ਸੀਮਾਂਤ ਕਿਸਾਨਾਂ ਨੂੰ ਇਹ ਮਸ਼ੀਨਰੀ ਮੁਫ਼ਤ ਵਰਤਣ ਦੀ ਸਹੂਲਤ ਦਿੱਤੀ ਜਾਂਦੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਇਸ ਸਹੂਲਤ ਦਾ ਵੱਧ ਤੋਂ ਵੱਧ ਲਾਭ ਉਠਾਉਣ ਅਤੇ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਆਧੁਨਿਕ ਖੇਤੀਬਾੜੀ ਸੰਦਾਂ ਦੀ ਮਦਦ ਨਾਲ ਇਸ ਦਾ ਸੁਚੱਜਾ ਪ੍ਰਬੰਧਨ ਕਰਨ।

Exit mobile version