ਸ਼ੇਰਪੁਰ/ਧੂਰੀ, 25 ਅਕਤੂਬਰ, 2026 (ਛਤਰਪਾਲ ਸਿੰਘ ) : ਕੁਦਰਤੀ ਸਰੋਤਾਂ ਦੀ ਸੰਭਾਲ ਅਤੇ ਖੇਤੀਬਾੜੀ ਨੂੰ ਵਧੇਰੇ ਟਿਕਾਊ ਬਣਾਉਣ ਦੇ ਉਦੇਸ਼ ਨਾਲ ਪੰਜਾਬ ਖੇਤੀਬਾੜੀ ਯੂਨੀਵਰਸਿਟੀ (ਪੀਏਯੂ), ਲੁਧਿਆਣਾ ਦੇ ਨਿਰਦੇਸ਼ਕ ਪਸਾਰ ਸਿੱਖਿਆ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ (ਐੱਫਏਐੱਸਸੀ), ਸੰਗਰੂਰ ਵੱਲੋਂ ਪਿੰਡ ਹੇੜੀਕੇ ਦੀ ਕੋਆਪ੍ਰੇਟਿਵ ਸੁਸਾਇਟੀ ਵਿਖੇ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਗਿਆ।
ਇਸ ਦੌਰਾਨ ਝੋਨੇ ਦੀ ਪਰਾਲੀ ਦੇ ਵਿਗਿਆਨਕ ਪ੍ਰਬੰਧਨ, ਖਾਦਾਂ ਦੀ ਸੰਤੁਲਿਤ ਵਰਤੋਂ, ਫਾਸਫੋਰਸ ਦੇ ਬਦਲਵੇਂ ਸਰੋਤਾਂ, ਕਣਕ ਦੀਆਂ ਸੁਧਰੀਆਂ ਕਿਸਮਾਂ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਵਿਭਿੰਨਤਾ ਬਾਰੇ ਕਿਸਾਨਾਂ ਨੂੰ ਜਾਣਕਾਰੀ ਦਿੱਤੀ ਗਈ। ਕੈਂਪ ਵਿੱਚ ਹੇੜੀਕੇ ਦੇ 30 ਤੋਂ ਵੱਧ ਕਿਸਾਨਾਂ ਨੇ ਭਾਗ ਲਿਆ। ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ ਅਤੇ ਇੰਚਾਰਜ ਨੇ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਸਾੜਨ ਦੀ ਪ੍ਰਥਾ ਛੱਡ ਕੇ ਇਸ ਨੂੰ ਮਿੱਟੀ ਦੀ ਸਿਹਤ ਸੁਧਾਰਨ ਲਈ ਵਰਤਣ ਦੀ ਅਪੀਲ ਕੀਤੀ। ਉਨ੍ਹਾਂ ਦੱਸਿਆ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਜੈਵਿਕ ਕਾਰਬਨ ਅਤੇ ਪੌਦਿਆਂ ਲਈ ਜ਼ਰੂਰੀ ਖੁਰਾਕੀ ਤੱਤਾਂ ਦਾ ਮਹੱਤਵਪੂਰਨ ਸਰੋਤ ਹੈ। ਇਸ ਨੂੰ ਖੇਤਾਂ ਵਿੱਚ ਹੀ ਸੰਭਾਲਣ ਨਾਲ ਮਿੱਟੀ ਦੀ ਉਪਜਾਊ ਸ਼ਕਤੀ ਵਿੱਚ ਸੁਧਾਰ ਅਤੇ ਲੰਮੇ ਸਮੇਂ ਤੱਕ ਫ਼ਸਲਾਂ ਦੀ ਉਤਪਾਦਕਤਾ ਬਣਾਈ ਰੱਖਣ ਵਿੱਚ ਮਦਦ ਮਿਲਦੀ ਹੈ।
ਪਰਾਲੀ ਸਾੜਨ ਨਾਲ ਹੋਣ ਵਾਲੇ ਨੁਕਸਾਨਾਂ ਬਾਰੇ ਜਾਣਕਾਰੀ ਦਿੰਦਿਆਂ ਡਾ. ਗਰਗ ਨੇ ਦੱਸਿਆ ਕਿ ਇੱਕ ਟਨ ਝੋਨੇ ਦੀ ਪਰਾਲੀ ਸਾੜਨ ਨਾਲ ਲਗਭਗ 400 ਕਿਲੋਗ੍ਰਾਮ ਜੈਵਿਕ ਕਾਰਬਨ, 5.5 ਕਿਲੋਗ੍ਰਾਮ ਨਾਈਟ੍ਰੋਜਨ, 2.3 ਕਿਲੋਗ੍ਰਾਮ ਫਾਸਫੋਰਸ, 25 ਕਿਲੋਗ੍ਰਾਮ ਪੋਟਾਸ਼ੀਅਮ ਅਤੇ 1.2 ਕਿਲੋਗ੍ਰਾਮ ਗੰਧਕ ਦਾ ਨੁਕਸਾਨ ਹੁੰਦਾ ਹੈ। ਉਨ੍ਹਾਂ ਕਿਸਾਨਾਂ ਨੂੰ ਹੈਪੀ ਸੀਡਰ, ਸੁਪਰ ਸੀਡਰ, ਪੀਏਯੂ ਸਮਾਰਟ ਸੀਡਰ ਅਤੇ ਸਰਫੇਸ ਸੀਡਿੰਗ-ਕਮ-ਮਲਚਿੰਗ ਵਰਗੀਆਂ ਪੀਏਯੂ ਦੀਆਂ ਸਿਫ਼ਾਰਸ਼ ਕੀਤੀਆਂ ਮਸ਼ੀਨਾਂ ਅਤੇ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ, ਤਾਂ ਜੋ ਪਰਾਲੀ ਨੂੰ ਅੱਗ ਲਗਾਏ ਬਿਨਾਂ ਅਗਲੀ ਕਣਕ ਦੀ ਫ਼ਸਲ ਦੀ ਬਿਜਾਈ ਕੀਤੀ ਜਾ ਸਕੇ। ਖਾਦ ਪ੍ਰਬੰਧਨ ਬਾਰੇ ਚਰਚਾ ਕਰਦਿਆਂ ਡਾ. ਗਰਗ ਨੇ ਜ਼ੋਰ ਦਿੱਤਾ ਕਿ ਖਾਦਾਂ ਦੀ ਵਰਤੋਂ ਮਿੱਟੀ ਦੀ ਪਰਖ, ਫ਼ਸਲ ਦੀ ਲੋੜ ਅਤੇ ਖੁਰਾਕੀ ਤੱਤਾਂ ਦੀ ਸੰਤੁਲਿਤ ਪੂਰਤੀ ਦੇ ਆਧਾਰ ’ਤੇ ਕਰਨੀ ਚਾਹੀਦੀ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਫਾਸਫੋਰਸ ਦੀ ਪੂਰਤੀ ਲਈ ਡੀਏਪੀ ਹੀ ਇਕਲੌਤਾ ਵਿਕਲਪ ਨਹੀਂ ਹੈ। ਸਿੰਗਲ ਸੁਪਰ ਫਾਸਫੇਟ (ਐੱਸਐੱਸਪੀ), ਟ੍ਰਿਪਲ ਸੁਪਰ ਫਾਸਫੇਟ (ਟੀਐੱਸਪੀ) ਅਤੇ ਐੱਨਪੀਕੇ 12:32:16 ਵਰਗੀਆਂ ਖਾਦਾਂ ਦੀ ਵੀ ਢੁਕਵੀਂ ਵਰਤੋਂ ਕੀਤੀ ਜਾ ਸਕਦੀ ਹੈ।
ਡਾ. ਗਰਗ ਨੇ ਕਿਸਾਨਾਂ ਨੂੰ ਖੇਤੀਬਾੜੀ ਯੂਨੀਵਰਸਿਟੀ ਦੁਆਰਾ ਕਣਕ ਦੇ ਬੀਜ ਨੂੰ ਲਗਾਉਣ ਵਾਲਾ ਜੀਵਾਣੂੰ ਖਾਦ ਦਾ ਟੀਕਾ, ਉਸ ਵਿੱਚ ਮੌਜੂਦ ਜੀਵਾਣੂੰ ਅਤੇ ਫਾਇਦਿਆਂ ਸਬੰਧੀ ਭਰਪੂਰ ਜਾਣਕਾਰੀ ਸਾਂਝੀ ਕੀਤੀ। ਕੈਂਪ ਦੌਰਾਨ ਕਿਸਾਨਾਂ ਨੂੰ ਆਉਣ ਵਾਲੇ ਹਾੜ੍ਹੀ ਦੇ ਸੀਜ਼ਨ ਲਈ ਪੀਏਯੂ ਵੱਲੋਂ ਸਿਫ਼ਾਰਸ਼ ਕੀਤੀਆਂ ਕਣਕ ਦੀਆਂ ਕਿਸਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਡਾ. ਗਰਗ ਨੇ ਪੀਬੀਡਬਲਯੂ 887 ਕਿਸਮ ਦੀਆਂ ਵਿਸ਼ੇਸ਼ਤਾਵਾਂ ਬਾਰੇ ਦੱਸਦਿਆਂ ਕਿਹਾ ਕਿ ਇਹ ਕਿਸਮ ਲਗਭਗ 155 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਇਸ ਦੀ ਔਸਤ ਪੈਦਾਵਾਰ ਸਮਰੱਥਾ 24.60 ਕੁਇੰਟਲ ਪ੍ਰਤੀ ਏਕੜ ਹੈ। ਇਸ ਤੋਂ ਇਲਾਵਾ ਪੀਬੀਡਬਲਯੂ 872 ਅਤੇ ਪੀਬੀਡਬਲਯੂ 826 ਦੇ ਨਾਲ-ਨਾਲ ਵਿਸ਼ੇਸ਼ ਵਰਤੋਂ ਅਤੇ ਪੌਸ਼ਟਿਕ ਗੁਣਾਂ ਲਈ ਵਿਕਸਿਤ ਕਿਸਮਾਂ, ਜਿਵੇਂ ਕਿ ਪੀਬੀਡਬਲਯੂ ਜ਼ਿੰਕ 2, ਪੀਬੀਡਬਲਯੂ 1 ਚਪਾਤੀ ਅਤੇ ਪੀਬੀਡਬਲਯੂ ਆਰਐੱਸ 1 ਬਾਰੇ ਵੀ ਜਾਣਕਾਰੀ ਸਾਂਝੀ ਕੀਤੀ ਗਈ।
ਹਾੜ੍ਹੀ ਦੀਆਂ ਫ਼ਸਲਾਂ ਦੀ ਵਿਭਿੰਨਤਾ ਨੂੰ ਉਤਸ਼ਾਹਿਤ ਕਰਦਿਆਂ ਡਾ. ਗਰਗ ਨੇ ਕਿਸਾਨਾਂ ਨੂੰ ਢੁਕਵੇਂ ਹਾਲਾਤ ਵਿੱਚ ਕਣਕ ਦੇ ਨਾਲ-ਨਾਲ ਦਾਲਾਂ ਅਤੇ ਤੇਲਬੀਜ ਵਾਲੀਆਂ ਫ਼ਸਲਾਂ ਦੀ ਕਾਸ਼ਤ ਕਰਨ ਦੀ ਸਲਾਹ ਦਿੱਤੀ। ਉਨ੍ਹਾਂ ਘਰੇਲੂ ਵਰਤੋਂ ਲਈ ਗੋਭੀ ਸਰ੍ਹੋਂ ਦੀ ਕਿਸਮ ਜੀਐੱਸਸੀ 7, ਛੋਲਿਆਂ ਦੀ ਕਿਸਮ ਪੀਬੀਜੀ 10 ਅਤੇ ਮਟਰਾਂ ਦੀ ਕਿਸਮ ਪੀਬੀ 90 ਬਾਰੇ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ ਅਜਿਹੀ ਫ਼ਸਲੀ ਵਿਭਿੰਨਤਾ ਖੁਰਾਕ ਵਿੱਚ ਪੌਸ਼ਟਿਕਤਾ ਅਤੇ ਵੰਨ-ਸੁਵੰਨਤਾ ਵਧਾਉਣ ਦੇ ਨਾਲ-ਨਾਲ ਪੌਸ਼ਟਿਕ ਸੁਰੱਖਿਆ ਅਤੇ ਟਿਕਾਊ ਖੇਤੀਬਾੜੀ ਨੂੰ ਵੀ ਉਤਸ਼ਾਹਿਤ ਕਰਦੀ ਹੈ।
ਕੈਂਪ ਦੌਰਾਨ ਕਿਸਾਨਾਂ ਨੇ ਪਰਾਲੀ ਪ੍ਰਬੰਧਨ, ਖਾਦਾਂ ਦੀ ਚੋਣ, ਮੈਗਨੀਜ਼ ਤੱਤ ਦੇ ਛਿੜਕਾਅ ਦਾ ਸਮਾਂ ਅਤੇ ਮਾਤਰਾ, ਕਣਕ ਦੀਆਂ ਕਿਸਮਾਂ ਅਤੇ ਹਾੜ੍ਹੀ ਦੀਆਂ ਫ਼ਸਲਾਂ ਦੀ ਵਿਉਂਤਬੰਦੀ ਸਬੰਧੀ ਵੱਖ-ਵੱਖ ਸਵਾਲ ਪੁੱਛੇ, ਜਿਨ੍ਹਾਂ ਦੇ ਡਾ. ਗਰਗ ਵੱਲੋਂ ਢੁਕਵੇਂ ਜਵਾਬ ਦਿੱਤੇ ਗਏ। ਕਿਸਾਨਾਂ ਨੂੰ ਪੀਏਯੂ ਦੀਆਂ ਸਿਫ਼ਾਰਸ਼ਾਂ ਅਪਣਾਉਣ ਲਈ ਉਤਸ਼ਾਹਿਤ ਕਰਨ ਵਾਸਤੇ ਗੋਭੀ ਸਰ੍ਹੋਂ ਦਾ ਬੀਜ, ਕਣਕ ਲਈ ਜੈਵਿਕ ਖਾਦ ਅਤੇ ਪੀਏਯੂ ਦਾ ਖੇਤੀਬਾੜੀ ਸਾਹਿਤ ਵੀ ਉਪਲੱਬਧ ਕਰਵਾਇਆ ਗਿਆ। ਇਸ ਪ੍ਰੋਗਰਾਮ ਦੀ ਸਫ਼ਲਤਾ ਵਿੱਚ ਸ. ਰਵਿੰਦਰ ਸਿੰਘ, ਅਤੇ ਸ. ਕੁਲਦੀਪ ਸਿੰਘ, ਸੈਕਟਰੀ ਕੋਆਪ੍ਰੇਟਿਵ ਸੋਸਾਇਟੀ ਅਤੇ ਪਿੰਡ ਹੇੜੀਕੇ ਦੇ ਹੋਰਨਾਂ ਕਿਸਾਨਾਂ ਨੇ ਵਡਮੁੱਲਾ ਯੋਗਦਾਨ ਪਾਇਆ। ਅਖੀਰ ਵਿੱਚ ਸ. ਰਵਿੰਦਰ ਸਿੰਘ ਦੇ ਬਾਸਮਤੀ ਦੇ ਖੇਤਾਂ ਦਾ ਦੌਰਾ ਵੀ ਕੀਤਾ ਗਿਆ।
