Home ਪਟਿਆਲਾ ਅਪਡੇਟ ਪਰਾਲੀ ਨਾ ਸਾੜਨ ਅਤੇ ਸੁਚੱਜੇ ਪ੍ਰਬੰਧਨ ਲਈ ਪਿੰਡ ਪੱਧਰੀ ਕੈਂਪ ਲਗਾ ਕੇ...

ਪਰਾਲੀ ਨਾ ਸਾੜਨ ਅਤੇ ਸੁਚੱਜੇ ਪ੍ਰਬੰਧਨ ਲਈ ਪਿੰਡ ਪੱਧਰੀ ਕੈਂਪ ਲਗਾ ਕੇ ਕਿਸਾਨਾਂ ਨੂੰ ਕੀਤਾ ਜਾਗਰੂਕ

Village Camps Raise Awareness Among Farmers Against Crop Residue Burning

0
ਨਾਭਾ ਬਲਾਕ ਦੇ ਵੱਖ-ਵੱਖ ਪਿੰਡਾਂ ਵਿੱਚ ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਸਬੰਧੀ ਦਿੱਤੀ ਜਾਣਕਾਰੀ

ਨਾਭਾ, 6 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਖੇਤੀਬਾੜੀ ਅਫ਼ਸਰ ਪਟਿਆਲਾ ਦੇ ਦਿਸ਼ਾ-ਨਿਰਦੇਸ਼ਾਂ ਅਤੇ ਬਲਾਕ ਖੇਤੀਬਾੜੀ ਅਫ਼ਸਰ ਨਾਭਾ ਦੀ ਅਗਵਾਈ ਹੇਠ ਬਲਾਕ ਨਾਭਾ ਦੇ ਪਿੰਡ ਅਭੈਪੁਰ, ਬਾਬਰਪੁਰ, ਟੌਹੜਾ, ਘਮਰੌਦਾ, ਹਿਆਣਾ ਖੁਰਦ, ਫਤਿਹਪੁਰ ਆਦਿ ਵਿੱਚ ਝੋਨੇ ਦੀ ਪਰਾਲੀ ਨੂੰ ਨਾ ਸਾੜਨ ਅਤੇ ਇਸ ਦੇ ਸੁਚੱਜੇ ਪ੍ਰਬੰਧਨ ਲਈ ਲਗਾਤਾਰ ਪਿੰਡ ਪੱਧਰੀ ਕੈਂਪ ਲਗਾਏ ਜਾ ਰਹੇ ਹਨ। ਕੈਂਪਾਂ ਦੌਰਾਨ ਖੇਤੀਬਾੜੀ ਵਿਭਾਗ ਨਾਭਾ ਵੱਲੋਂ ਕਿਸਾਨਾਂ ਨੂੰ ਦੱਸਿਆ ਗਿਆ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਿਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੇ ਮਿੱਤਰ ਕੀੜੇ ਵੀ ਮਰ ਜਾਂਦੇ ਹਨ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ‘ਤੇ ਮਾੜਾ ਅਸਰ ਪੈਂਦਾ ਹੈ। ਪਰਾਲੀ ਸਾੜਨ ਤੋਂ ਪੈਦਾ ਹੋਣ ਵਾਲੇ ਧੂੰਏਂ ਕਾਰਨ ਸਾਹ ਦੀਆਂ ਬਿਮਾਰੀਆਂ, ਅੱਖਾਂ ਵਿੱਚ ਜਲਣ ਅਤੇ ਹੋਰ ਕਈ ਸਿਹਤ ਸਮੱਸਿਆਵਾਂ ਪੈਦਾ ਹੋ ਸਕਦੀਆਂ ਹਨ।

ਕੈਂਪ ਦੌਰਾਨ ਕਿਸਾਨਾਂ ਨੂੰ ਪਰਾਲੀ ਦੇ ਸੁਚੱਜੇ ਪ੍ਰਬੰਧਨ ਲਈ ਆਧੁਨਿਕ ਖੇਤੀ ਮਸ਼ੀਨਰੀ ਜਿਵੇਂ ਸੁਪਰ ਸੀਡਰ, ਹੈਪੀ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ ਅਤੇ ਬੇਲਰ ਆਦਿ ਦੀ ਵਰਤੋਂ ਸਬੰਧੀ ਜਾਣਕਾਰੀ ਦਿੱਤੀ ਗਈ। ਖੇਤੀਬਾੜੀ ਮਾਹਰਾਂ ਨੇ ਦੱਸਿਆ ਕਿ ਪਰਾਲੀ ਨੂੰ ਜ਼ਮੀਨ ਵਿੱਚ ਮਿਲਾਉਣ ਨਾਲ ਮਿੱਟੀ ਵਿੱਚ ਜੈਵਿਕ ਮਾਦੇ (ਔਰਗੈਨਿਕ ਮੈਟਰ) ਦੀ ਮਾਤਰਾ ਵਧਦੀ ਹੈ, ਜਿਸ ਨਾਲ ਜ਼ਮੀਨ ਦੀ ਗੁਣਵੱਤਾ ਵਿੱਚ ਸੁਧਾਰ ਹੋਣ ਦੇ ਨਾਲ-ਨਾਲ ਅਗਲੀ ਫ਼ਸਲ ਦੇ ਝਾੜ ਵਿੱਚ ਵੀ ਵਾਧਾ ਹੁੰਦਾ ਹੈ। ਇਸ ਮੌਕੇ ਕਿਸਾਨਾਂ ਨੂੰ ਵਿਭਾਗ ਵੱਲੋਂ ਖੇਤੀ ਮਸ਼ੀਨਰੀ ‘ਤੇ ਦਿੱਤੀ ਜਾ ਰਹੀ ਸਬਸਿਡੀ ਅਤੇ ਹੋਰ ਸਰਕਾਰੀ ਯੋਜਨਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਵਿਭਾਗ ਦੇ ਨੁਮਾਇੰਦਿਆਂ ਨੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵਾਤਾਵਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਦੇ ਭਵਿੱਖ ਨੂੰ ਸੁਰੱਖਿਅਤ ਰੱਖਣ ਲਈ ਪਰਾਲੀ ਨੂੰ ਅੱਗ ਨਾ ਲਗਾਉਣ ਅਤੇ ‘ਜ਼ੀਰੋ ਬਰਨਿੰਗ’ ਦਾ ਸੁਨੇਹਾ ਅਮਲ ਵਿੱਚ ਲਿਆਉਣ। ਕੈਂਪ ਦੇ ਅਖੀਰ ਵਿੱਚ ਸਮੂਹ ਕਿਸਾਨਾਂ ਨੇ ਪਰਾਲੀ ਨਾ ਸਾੜਨ ਅਤੇ ਵਾਤਾਵਰਨ ਨੂੰ ਸਾਫ਼-ਸੁਥਰਾ ਰੱਖਣ ਵਿੱਚ ਆਪਣਾ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

Exit mobile version