ਨਵੀਂ ਦਿੱਲੀ, 6 ਅਗਸਤ, 2026 (ਹਰਸ਼ਪ੍ਰੀਤ ਕੌਰ) : ਕੇਂਦਰ ਸਰਕਾਰ ਨੇ ਦੱਸਿਆ ਹੈ ਕਿ ਕੋਵਿਡ-19 ਮਹਾਂਮਾਰੀ ਤੋਂ ਬਾਅਦ ਪਹਿਲੀ ਵਾਰ ਰਾਸ਼ਟਰੀ ਰਾਜਮਾਰਗਾਂ ‘ਤੇ ਸੜਕ ਹਾਦਸਿਆਂ ਕਾਰਨ ਹੋਣ ਵਾਲੀਆਂ ਮੌਤਾਂ ਦੀ ਗਿਣਤੀ ਵਿੱਚ ਕਮੀ ਦਰਜ ਕੀਤੀ ਗਈ ਹੈ। ਕੇਂਦਰੀ ਸੜਕ ਆਵਾਜਾਈ ਅਤੇ ਰਾਜਮਾਰਗ ਮੰਤਰੀ ਨਿਤਿਨ ਗਡਕਰੀ ਨੇ ਰਾਜ ਸਭਾ ਵਿੱਚ ਲਿਖਤੀ ਜਵਾਬ ਦਿੰਦਿਆਂ ਇਹ ਜਾਣਕਾਰੀ ਸਾਂਝੀ ਕੀਤੀ। ਗਡਕਰੀ ਨੇ ਦੱਸਿਆ ਕਿ ਸਾਲ 2025 ਵਿੱਚ ਰਾਸ਼ਟਰੀ ਰਾਜਮਾਰਗਾਂ ‘ਤੇ 62,122 ਲੋਕਾਂ ਦੀ ਮੌਤ ਸੜਕ ਹਾਦਸਿਆਂ ਵਿੱਚ ਹੋਈ, ਜੋ ਕਿ 2024 ਦੇ ਮੁਕਾਬਲੇ ਲਗਭਗ 4 ਫੀਸਦੀ ਘੱਟ ਹੈ। 2024 ਵਿੱਚ ਇਹ ਅੰਕੜਾ 64,772 ਸੀ, ਜਦਕਿ 2023 ਵਿੱਚ 63,112 ਲੋਕਾਂ ਦੀ ਜਾਨ ਗਈ ਸੀ।
ਉਨ੍ਹਾਂ ਦੱਸਿਆ ਕਿ 2025 ਦੌਰਾਨ ਰਾਸ਼ਟਰੀ ਰਾਜਮਾਰਗਾਂ ‘ਤੇ 1,43,526 ਸੜਕ ਹਾਦਸੇ ਦਰਜ ਕੀਤੇ ਗਏ। ਇਸੇ ਸਮੇਂ ਦੌਰਾਨ ਦੇਸ਼ ਭਰ ਦੀਆਂ ਸਾਰੀਆਂ ਸੜਕਾਂ ‘ਤੇ ਕੁੱਲ 5,13,563 ਹਾਦਸੇ ਵਾਪਰੇ, ਜਿਨ੍ਹਾਂ ਵਿੱਚ 1,83,382 ਲੋਕਾਂ ਦੀ ਮੌਤ ਹੋਈ। ਔਸਤਨ ਹਰ ਘੰਟੇ 21 ਲੋਕ ਸੜਕ ਹਾਦਸਿਆਂ ਵਿੱਚ ਆਪਣੀ ਜਾਨ ਗੁਆ ਬੈਠੇ।
ਕੇਂਦਰੀ ਮੰਤਰੀ ਨੇ ਕਿਹਾ ਕਿ ਸਰਕਾਰ ਨੇ ਹਾਦਸਿਆਂ ਨੂੰ ਘਟਾਉਣ ਲਈ ਰਾਸ਼ਟਰੀ ਰਾਜਮਾਰਗਾਂ ‘ਤੇ ਕਈ ਖਤਰਨਾਕ ਥਾਵਾਂ, ਜਿਨ੍ਹਾਂ ਨੂੰ ਬਲੈਕ ਸਪਾਟ ਕਿਹਾ ਜਾਂਦਾ ਹੈ, ਦੀ ਪਛਾਣ ਕੀਤੀ ਹੈ। ਇਸ ਲਈ ਆਈਆਈਟੀ ਕਾਨਪੁਰ ਵੱਲੋਂ ਤਿਆਰ ਕੀਤੇ ਗਏ ਆਰਟੀਫ਼ਿਸ਼ਲ ਇੰਟੈਲੀਜੈਂਸ (AI) ਆਧਾਰਿਤ ਟੂਲ ਦੀ ਮਦਦ ਲਈ ਜਾ ਰਹੀ ਹੈ, ਜਿਸ ਨਾਲ ਅਸਲ ਸਮੇਂ ਵਿੱਚ ਜੋਖ਼ਿਮ ਵਾਲੇ ਸਥਾਨਾਂ ਦੀ ਨਿਗਰਾਨੀ ਕੀਤੀ ਜਾ ਸਕੇ।
ਗਡਕਰੀ ਨੇ ਇਹ ਵੀ ਦੱਸਿਆ ਕਿ ਦੇਸ਼ ਭਰ ਵਿੱਚ ਇਸ ਵੇਲੇ 1,191 ਰਾਸ਼ਟਰੀ ਰਾਜਮਾਰਗ ਪ੍ਰੋਜੈਕਟਾਂ ‘ਤੇ ਕੰਮ ਚੱਲ ਰਿਹਾ ਹੈ। ਇਨ੍ਹਾਂ ਦੀ ਕੁੱਲ ਲੰਬਾਈ 25,917 ਕਿਲੋਮੀਟਰ ਹੈ ਅਤੇ ਇਨ੍ਹਾਂ ‘ਤੇ ਲਗਭਗ ₹7.15 ਲੱਖ ਕਰੋੜ ਦੀ ਲਾਗਤ ਆ ਰਹੀ ਹੈ। ਇਸ ਤੋਂ ਇਲਾਵਾ ਸੜਕ ਸੁਰੱਖਿਆ ਨੂੰ ਹੋਰ ਮਜ਼ਬੂਤ ਕਰਨ ਲਈ ਐਡਵਾਂਸਡ ਟ੍ਰੈਫਿਕ ਮੈਨੇਜਮੈਂਟ ਸਿਸਟਮ (ATMS) ਵੀ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਇਹ ਵੀ ਜਾਣਕਾਰੀ ਦਿੱਤੀ ਕਿ 31 ਜੁਲਾਈ 2026 ਤੱਕ ਰਜਿਸਟਰਡ ਵਹੀਕਲ ਸਕ੍ਰੈਪਿੰਗ ਫੈਸਿਲਿਟੀਜ਼ ਵਿੱਚ 70,495 ਵਪਾਰਕ ਅਤੇ 3,96,486 ਨਿੱਜੀ ਵਾਹਨਾਂ ਨੂੰ ਸਕ੍ਰੈਪ ਕੀਤਾ ਜਾ ਚੁੱਕਾ ਹੈ।







