ਚੰਡੀਗੜ੍ਹ, 9 ਸਤੰਬਰ 2026 (ਹਰਸ਼ਪ੍ਰੀਤ ਕੌਰ) : ਪੰਜਾਬੀ ਗਾਇਕ ਅਤੇ ਅਦਾਕਾਰ ਅੰਮੀ ਵਿਰਕ ਨੂੰ ਨਿਸ਼ਾਨਾ ਬਣਾ ਕੇ ਗੋਲੀਬਾਰੀ ਹੋਣ ਦੀਆਂ ਸਾਹਮਣੇ ਆ ਰਹੀਆਂ ਖ਼ਬਰਾਂ ਨੂੰ ਉਨ੍ਹਾਂ ਦੇ ਪਿਤਾ ਕੁਲਜੀਤ ਸਿੰਘ ਨੇ ਸਿਰੇ ਤੋਂ ਨਕਾਰ ਦਿੱਤਾ ਹੈ। ਉਨ੍ਹਾਂ ਸਪੱਸ਼ਟ ਕੀਤਾ ਕਿ ਅੰਮੀ ਵਿਰਕ ਨਾਲ ਗੋਲੀਬਾਰੀ ਦੀ ਕੋਈ ਘਟਨਾ ਨਹੀਂ ਵਾਪਰੀ। ਕੁਲਜੀਤ ਸਿੰਘ ਨੇ ਕਿਹਾ ਕਿ ਕੁਝ ਮੀਡੀਆ ਰਿਪੋਰਟਾਂ ਵੱਲੋਂ ਬਿਨਾਂ ਪੁਸ਼ਟੀ ਕੀਤੇ ਅੰਮੀ ਵਿਰਕ ’ਤੇ ਫਾਇਰਿੰਗ ਦੀ ਖ਼ਬਰ ਪ੍ਰਸਾਰਿਤ ਕੀਤੀ ਗਈ, ਜੋ ਕਿ ਗਲਤ ਹੈ। ਉਨ੍ਹਾਂ ਲੋਕਾਂ ਨੂੰ ਅਜਿਹੀਆਂ ਅਪੁਸ਼ਟ ਖ਼ਬਰਾਂ ’ਤੇ ਵਿਸ਼ਵਾਸ ਨਾ ਕਰਨ ਦੀ ਅਪੀਲ ਕੀਤੀ। ਇਸੇ ਦੌਰਾਨ ਅੰਮੀ ਵਿਰਕ ਦੇ ਇੱਕ ਨਜ਼ਦੀਕੀ ਰਿਸ਼ਤੇਦਾਰ, ਜੋ ਕੈਨੇਡਾ ਦੇ ਐਬਟਸਫੋਰਡ ਵਿੱਚ ਗਾਇਕ ਦੇ ਨਾਲ ਮੌਜੂਦ ਸਨ, ਨੇ ਵੀ ਕਿਸੇ ਗੋਲੀਬਾਰੀ ਦੀ ਘਟਨਾ ਤੋਂ ਇਨਕਾਰ ਕੀਤਾ ਹੈ। ਉਨ੍ਹਾਂ ਕਿਹਾ ਕਿ ਯਾਤਰਾ ਦੌਰਾਨ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਫਾਇਰਿੰਗ ਦਾ ਸਾਹਮਣਾ ਨਹੀਂ ਕਰਨਾ ਪਿਆ।
