Homeਸੰਸਾਰਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ FBI ਨੇ 10 ਲੱਖ ਡਾਲਰ ਦੇ...

ਗੈਂਗਸਟਰ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਲਈ FBI ਨੇ 10 ਲੱਖ ਡਾਲਰ ਦੇ ਇਨਾਮ ਦਾ ਕੀਤਾ ਐਲਾਨ

FBI announces $1 million reward for information leading to the arrest of fugitive gangster Goldy Brar.

ਵਾਸ਼ਿੰਗਟਨ, 21 ਨਵੰਬਰ 2026 (ਚੌਧਰੀ ਪ੍ਰਭਜੀਤ ਸਿੰਘ ) : ਅਮਰੀਕਾ ਦੀ ਜਾਂਚ ਏਜੰਸੀ ਫੈਡਰਲ ਬਿਊਰੋ ਆਫ਼ ਇਨਵੈਸਟੀਗੇਸ਼ਨ (FBI) ਨੇ ਭਾਰਤੀ ਮੂਲ ਦੇ ਗੈਂਗਸਟਰ ਸਤਿੰਦਰਜੀਤ ਸਿੰਘ ਉਰਫ਼ ਗੋਲਡੀ ਬਰਾੜ ਦੀ ਗ੍ਰਿਫ਼ਤਾਰੀ ਵਿੱਚ ਮਦਦਗਾਰ ਜਾਣਕਾਰੀ ਦੇਣ ਵਾਲੇ ਵਿਅਕਤੀ ਲਈ 10 ਲੱਖ ਅਮਰੀਕੀ ਡਾਲਰ ਤੱਕ ਦੇ ਇਨਾਮ ਦਾ ਐਲਾਨ ਕੀਤਾ ਹੈ। FBI ਨੇ ਗੋਲਡੀ ਬਰਾੜ ਨੂੰ ਆਪਣੀ ‘10 ਮੋਸਟ ਵਾਂਟੇਡ ਫਿਊਜਿਟਿਵਜ਼’ ਸੂਚੀ ਵਿੱਚ ਵੀ ਸ਼ਾਮਲ ਕੀਤਾ ਹੈ।

FBI ਦੇ ਨੋਟਿਸ ਅਨੁਸਾਰ ਗੋਲਡੀ ਬਰਾੜ ਅਮਰੀਕਾ ਅਤੇ ਕੈਨੇਡਾ ਵਿੱਚ ਸਰਗਰਮ ਇੱਕ ਕਥਿਤ ਅੰਤਰਰਾਸ਼ਟਰੀ ਅਪਰਾਧਿਕ ਗਿਰੋਹ ਦੀ ਅਗਵਾਈ ਕਰਨ ਦੇ ਦੋਸ਼ਾਂ ਦਾ ਸਾਹਮਣਾ ਕਰ ਰਿਹਾ ਹੈ। ਜਾਂਚ ਏਜੰਸੀ ਦਾ ਦੋਸ਼ ਹੈ ਕਿ ਉਹ ਲਾਰੈਂਸ ਬਿਸ਼ਨੋਈ ਸੰਗਠਿਤ ਅਪਰਾਧ ਗਰੁੱਪ (OCG) ਦੇ ਉੱਤਰੀ ਅਮਰੀਕਾ ਵਿੱਚ ਚੱਲ ਰਹੇ ਨੈੱਟਵਰਕ ਦਾ ਸੰਚਾਲਨ ਕਰਦਾ ਰਿਹਾ ਹੈ। FBI ਮੁਤਾਬਕ ਇਸ ਗਿਰੋਹ ’ਤੇ ਸਿਆਸੀ ਅਤੇ ਧਾਰਮਿਕ ਸ਼ਖ਼ਸੀਅਤਾਂ ਦੀਆਂ ਹੱਤਿਆਵਾਂ, ਗੋਲੀਬਾਰੀ, ਕਤਲ, ਅਗਵਾ, ਫਿਰੌਤੀ ਵਸੂਲੀ, ਹਮਲੇ, ਮਨੁੱਖੀ ਤਸਕਰੀ ਅਤੇ ਨਸ਼ੀਲੇ ਪਦਾਰਥਾਂ ਤੇ ਹਥਿਆਰਾਂ ਦੀ ਤਸਕਰੀ ਵਰਗੀਆਂ ਗੰਭੀਰ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋਣ ਦੇ ਦੋਸ਼ ਹਨ। FBI ਦੇ ਲਾਸ ਏਂਜਲਸ ਦਫ਼ਤਰ ਦੇ ਇੰਚਾਰਜ ਸਹਾਇਕ ਡਾਇਰੈਕਟਰ ਪੈਟ੍ਰਿਕ ਗ੍ਰੈਂਡੀ ਨੇ ਕਿਹਾ ਕਿ ਗੋਲਡੀ ਬਰਾੜ ਨੂੰ ਉਸ ਦੇ ਕਥਿਤ ਹਿੰਸਕ ਅਪਰਾਧਾਂ ਅਤੇ ਜਨਤਕ ਸੁਰੱਖਿਆ ਲਈ ਪੈਦਾ ਹੋਣ ਵਾਲੇ ਖ਼ਤਰੇ ਦੇ ਮੱਦੇਨਜ਼ਰ ਮੋਸਟ ਵਾਂਟੇਡ ਸੂਚੀ ਵਿੱਚ ਸ਼ਾਮਲ ਕੀਤਾ ਗਿਆ ਹੈ।

FBI ਦੇ ਨੋਟਿਸ ਅਨੁਸਾਰ, ਗੋਲਡੀ ਬਰਾੜ ਵਿਰੁੱਧ ਅਮਰੀਕਾ ਦੀ ਲਾਸ ਏਂਜਲਸ ਸਥਿਤ ਸੰਘੀ ਜ਼ਿਲ੍ਹਾ ਅਦਾਲਤ ਵੱਲੋਂ 1 ਜੁਲਾਈ ਨੂੰ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਉਸ ’ਤੇ ਸੰਗਠਿਤ ਅਪਰਾਧ ਨਾਲ ਸਬੰਧਤ ਸਾਜ਼ਿਸ਼ (RICO), ਫਿਰੌਤੀ ਰਾਹੀਂ ਵਪਾਰਕ ਗਤੀਵਿਧੀਆਂ ਵਿੱਚ ਦਖ਼ਲ ਦੇਣ ਦੀ ਸਾਜ਼ਿਸ਼ ਅਤੇ ਕੋਸ਼ਿਸ਼ ਕਰਨ ਦੇ ਨਾਲ-ਨਾਲ ਨਸ਼ੀਲੇ ਪਦਾਰਥਾਂ ਦੀ ਵੰਡ ਅਤੇ ਵੰਡਣ ਦੇ ਇਰਾਦੇ ਨਾਲ ਆਪਣੇ ਕਬਜ਼ੇ ਵਿੱਚ ਰੱਖਣ ਦੀ ਸਾਜ਼ਿਸ਼ ਦੇ ਦੋਸ਼ ਲਗਾਏ ਗਏ ਹਨ। ਜਾਂਚ ਏਜੰਸੀ ਦਾ ਦਾਅਵਾ ਹੈ ਕਿ ਗੋਲਡੀ ਬਰਾੜ ਲਾਰੈਂਸ ਬਿਸ਼ਨੋਈ ਦਾ ਬਚਪਨ ਦਾ ਸਾਥੀ ਰਿਹਾ ਹੈ ਅਤੇ ਉਸ ਨੇ ਅਮਰੀਕਾ ਤੇ ਕੈਨੇਡਾ ਵਿੱਚ ਗਿਰੋਹ ਦੀਆਂ ਗਤੀਵਿਧੀਆਂ ਨੂੰ ਚਲਾਉਣ ਵਿੱਚ ਭੂਮਿਕਾ ਨਿਭਾਈ। FBI ਅਨੁਸਾਰ ਭਾਰਤ ਵਿੱਚ ਮੁੱਖ ਦਫ਼ਤਰ ਰੱਖਣ ਵਾਲੇ ਇਸ ਕਥਿਤ ਅਪਰਾਧਿਕ ਸੰਗਠਨ ਦੇ ਹਜ਼ਾਰਾਂ ਮੈਂਬਰ ਅਤੇ ਸਹਿਯੋਗੀ ਅਮਰੀਕਾ, ਕੈਨੇਡਾ, ਬ੍ਰਿਟੇਨ, ਯੂਰਪ ਅਤੇ ਆਸਟ੍ਰੇਲੀਆ ਵਿੱਚ ਫੈਲੇ ਹੋਏ ਹਨ।

ਇਸ ਮਾਮਲੇ ਦੀ ਜਾਂਚ ਦੌਰਾਨ ਅਮਰੀਕੀ ਏਜੰਸੀਆਂ ਵੱਲੋਂ ਚਲਾਏ ਗਏ ‘ਆਪ੍ਰੇਸ਼ਨ ਹਾਰਡ ਬਾਲ’ ਤਹਿਤ ਗੋਲਡੀ ਬਰਾੜ ਨਾਲ ਕਥਿਤ ਤੌਰ ’ਤੇ ਜੁੜੇ ਕਈ ਵਿਅਕਤੀਆਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ। ਇਹ ਕਾਰਵਾਈ ਸੰਗਠਿਤ ਅਪਰਾਧ, ਨਿਸ਼ਾਨਾ ਬਣਾ ਕੇ ਹੱਤਿਆਵਾਂ, ਫਿਰੌਤੀ ਅਤੇ ਅੰਤਰਰਾਸ਼ਟਰੀ ਨਸ਼ਾ ਤਸਕਰੀ ਦੇ ਨੈੱਟਵਰਕ ਦੀ ਜਾਂਚ ਦੇ ਹਿੱਸੇ ਵਜੋਂ ਕੀਤੀ ਗਈ। FBI ਨੇ ਗੋਲਡੀ ਬਰਾੜ ਨੂੰ ਹਥਿਆਰਬੰਦ ਅਤੇ ਖ਼ਤਰਨਾਕ ਕਰਾਰ ਦਿੰਦਿਆਂ ਲੋਕਾਂ ਨੂੰ ਉਸ ਦੇ ਨੇੜੇ ਜਾਣ ਤੋਂ ਬਚਣ ਦੀ ਚਿਤਾਵਨੀ ਦਿੱਤੀ ਹੈ। ਏਜੰਸੀ ਨੇ ਅਪੀਲ ਕੀਤੀ ਹੈ ਕਿ ਜੇਕਰ ਕਿਸੇ ਵਿਅਕਤੀ ਕੋਲ ਉਸ ਦੇ ਟਿਕਾਣੇ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਆਪਣੇ ਨਜ਼ਦੀਕੀ FBI ਦਫ਼ਤਰ, ਅਮਰੀਕੀ ਦੂਤਾਵਾਸ ਜਾਂ ਕੌਂਸਲੇਟ ਨਾਲ ਸੰਪਰਕ ਕਰ ਸਕਦਾ ਹੈ ਜਾਂ FBI ਦੀ ਅਧਿਕਾਰਤ ਵੈੱਬਸਾਈਟ ਰਾਹੀਂ ਸੂਚਨਾ ਦੇ ਸਕਦਾ ਹੈ। ਏਜੰਸੀ ਨੇ ਜਾਣਕਾਰੀ ਦੇਣ ਵਾਲਿਆਂ ਦੀ ਪਛਾਣ ਗੁਪਤ ਰੱਖਣ ਦਾ ਭਰੋਸਾ ਵੀ ਦਿੱਤਾ ਹੈ।

 

RELATED ARTICLES
- Advertisment -
Google search engine
Google search engine
Google search engine

Most Popular

Recent Comments