Home ਪੰਜਾਬ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਦਾ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਦਾ ਅਚਨਚੇਤ ਨਿਰੀਖਣ; ਤਸੱਲੀ ਦਾ ਪ੍ਰਗਟਾਵਾ

Harpal Singh Cheema Inspects Government Girls' School, Expresses Satisfaction

0
ਦਿੜ੍ਹਬਾ, 13 ਅਕਤੂਬਰ, 2026 (ਹਰਸ਼ਪ੍ਰੀਤ ਕੌਰ) : ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਸਵੇਰੇ ਸਕੂਲ ਲੱਗਣ ਸਮੇਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਮਹਿਲਾਂ ਵਿਖੇ ਅਚਨਚੇਤ ਪਹੁੰਚ ਕੇ ਸਕੂਲ ਦਾ ਨਿਰੀਖਣ ਕੀਤਾ। ਉਨ੍ਹਾਂ ਵੱਖ-ਵੱਖ ਜਮਾਤਾਂ ਵਿੱਚ ਜਾ ਕੇ ਵਿਦਿਆਰਥੀਆਂ ਨਾਲ ਖੁੱਲ੍ਹ ਕੇ ਗੱਲਬਾਤ ਕੀਤੀ ਅਤੇ ਪੜ੍ਹਾਈ, ਸਕੂਲ ਵਿੱਚ ਉਪਲਬਧ ਸਹੂਲਤਾਂ ਅਤੇ ਉਨ੍ਹਾਂ ਦੀਆਂ ਲੋੜਾਂ ਬਾਰੇ ਜਾਣਕਾਰੀ ਹਾਸਲ ਕੀਤੀ। ਇਸ ਮੌਕੇ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਵਿੱਚ ਮਿਆਰੀ ਸਿੱਖਿਆ ਅਤੇ ਬਿਹਤਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਕੰਮਾਂ ਦੇ ਨਤੀਜੇ ਹੁਣ ਸਕੂਲਾਂ ਵਿੱਚ ਸਪੱਸ਼ਟ ਤੌਰ ’ਤੇ ਨਜ਼ਰ ਆਉਣ ਲੱਗੇ ਹਨ ਅਤੇ ਸਕੂਲਾਂ ਦਾ ਸੁਧਰ ਰਿਹਾ ਵਾਤਾਵਰਨ ਸਿੱਖਿਆ ਕ੍ਰਾਂਤੀ ਦੇ ਸੁਪਨੇ ਨੂੰ ਸਾਕਾਰ ਕਰਨ ਵੱਲ ਅਹਿਮ ਕਦਮ ਹੈ।
ਵਿੱਤ ਮੰਤਰੀ ਨੇ ਸਕੂਲ ਵਿੱਚ ਬਣ ਰਹੀਆਂ ਤਿੰਨ ਵਿਗਿਆਨ ਲੈਬੋਰਟਰੀਆਂ ਦੇ ਨਿਰਮਾਣ ਕਾਰਜਾਂ ਦਾ ਵੀ ਜਾਇਜ਼ਾ ਲਿਆ। ਉਨ੍ਹਾਂ ਕਿਹਾ ਕਿ ਇਹ ਲੈਬੋਰਟਰੀਆਂ ਜਲਦੀ ਤਿਆਰ ਕਰਕੇ ਸਕੂਲ ਦੇ ਹਵਾਲੇ ਕੀਤੀਆਂ ਜਾਣਗੀਆਂ ਅਤੇ ਇਨ੍ਹਾਂ ਦਾ ਉਦਘਾਟਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਗਿਆਨ ਦੀ ਸਿੱਖਿਆ ਵਿੱਚ ਪ੍ਰਯੋਗਾਤਮਕ ਗਿਆਨ ਦੀ ਵਿਸ਼ੇਸ਼ ਮਹੱਤਤਾ ਹੈ ਅਤੇ ਇਨ੍ਹਾਂ ਲੈਬੋਰਟਰੀਆਂ ਨਾਲ ਵਿਦਿਆਰਥੀਆਂ ਨੂੰ ਵਿਗਿਆਨਕ ਧਾਰਨਾਵਾਂ ਸਮਝਣ ਅਤੇ ਆਪਣੇ ਗਿਆਨ ਨੂੰ ਅਮਲੀ ਰੂਪ ਦੇਣ ਲਈ ਬਿਹਤਰ ਸਹੂਲਤ ਮਿਲੇਗੀ।
ਸਕੂਲ ਦੇ ਸਟਾਫ ਨਾਲ ਗੱਲਬਾਤ ਦੌਰਾਨ ਹਰਪਾਲ ਸਿੰਘ ਚੀਮਾ ਨੇ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੀਆਂ ਗਰਾਂਟਾਂ ਅਤੇ ਉਨ੍ਹਾਂ ਦੀ ਵਰਤੋਂ ਬਾਰੇ ਵਿਚਾਰ-ਚਰਚਾ ਕੀਤੀ। ਉਨ੍ਹਾਂ ਸਕੂਲ ਦੀਆਂ ਹੋਰ ਲੋੜਾਂ ਬਾਰੇ ਵੀ ਜਾਣਕਾਰੀ ਲਈ ਅਤੇ ਭਰੋਸਾ ਦਿੱਤਾ ਕਿ ਸਕੂਲ ਨੂੰ ਹੋਰ ਬਿਹਤਰ ਬਣਾਉਣ ਲਈ ਲੋੜ ਅਨੁਸਾਰ ਵਾਧੂ ਗਰਾਂਟਾਂ ਮੁਹੱਈਆ ਕਰਵਾਈਆਂ ਜਾਣਗੀਆਂ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ।
ਸਕੂਲ ਦੇ ਵਿਦਿਅਕ ਵਾਤਾਵਰਨ ਦੀ ਸ਼ਲਾਘਾ ਕਰਦਿਆਂ ਵਿੱਤ ਮੰਤਰੀ ਨੇ ਕਿਹਾ ਕਿ ਸਕੂਲ ਵਿੱਚ ਪੰਜਾਬੀ ਭਾਸ਼ਾ, ਵਿਗਿਆਨ ਅਤੇ ਗਣਿਤ ਨਾਲ ਸਬੰਧਤ ਲਗਾਏ ਗਏ ਸਿੱਖਣ ਸਮੱਗਰੀ ਦੇ ਮਾਡਲ ਵਿਦਿਆਰਥੀਆਂ ਦੀ ਰੁਚੀ ਵਧਾਉਣ ਦਾ ਵਧੀਆ ਉਪਰਾਲਾ ਹਨ। ਉਨ੍ਹਾਂ ਕਿਹਾ ਕਿ ਸਕੂਲ ਵਿੱਚ ਦਾਖਲ ਹੁੰਦਿਆਂ ਹੀ ਨਜ਼ਰ ਆਉਂਦੀ ਸਿੱਖਿਆ ਨਾਲ ਜੁੜੀ ਸਮੱਗਰੀ ਅਤੇ ਸੁਚੱਜਾ ਵਾਤਾਵਰਨ ਮਨ ਨੂੰ ਖੁਸ਼ੀ ਦਿੰਦਾ ਹੈ। ਉਨ੍ਹਾਂ ਕਿਹਾ ਕਿ ਸਹੂਲਤਾਂ ਅਤੇ ਸਿੱਖਣ ਦੇ ਮਾਹੌਲ ਪੱਖੋਂ ਸਾਡੇ ਸਰਕਾਰੀ ਸਕੂਲ ਕਿਸੇ ਵੀ ਨਿੱਜੀ ਸਕੂਲ ਤੋਂ ਘੱਟ ਨਹੀਂ ਹਨ।
ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਅੱਜ ਦੇ ਅਚਨਚੇਤ ਨਿਰੀਖਣ ਦੌਰਾਨ ਸਕੂਲ ਵਿੱਚ ਹੋਏ ਸੁਧਾਰ ਦੇਖ ਕੇ ਉਨ੍ਹਾਂ ਨੂੰ ਤਸੱਲੀ ਹੋਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਉਦੇਸ਼ ਹਰ ਬੱਚੇ ਨੂੰ ਅਜਿਹੀ ਸਿੱਖਿਆ ਪ੍ਰਦਾਨ ਕਰਨਾ ਹੈ, ਜਿਸ ਨਾਲ ਉਹ ਆਪਣੀ ਸਮਰੱਥਾ ਨੂੰ ਪਛਾਣ ਕੇ ਭਵਿੱਖ ਵਿੱਚ ਅੱਗੇ ਵਧ ਸਕੇ।
ਵਿੱਤ ਮੰਤਰੀ ਨੇ ਸਕੂਲ ਦੇ ਸਟਾਫ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਵਿਦਿਆਰਥੀਆਂ ਨੂੰ ਪਾਠਕ੍ਰਮ ਦੀ ਪੜ੍ਹਾਈ ਦੇ ਨਾਲ-ਨਾਲ ਆਮ ਗਿਆਨ ਅਤੇ ਵੱਖ-ਵੱਖ ਖੇਤਰਾਂ ਵਿੱਚ ਹੋਣ ਵਾਲੇ ਮੁਕਾਬਲਿਆਂ ਲਈ ਵੀ ਤਿਆਰ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਬੱਚਿਆਂ ਵਿੱਚ ਆਤਮਵਿਸ਼ਵਾਸ, ਤਰਕਸ਼ੀਲ ਸੋਚ ਅਤੇ ਸਿੱਖਣ ਦੀ ਰੁਚੀ ਪੈਦਾ ਕਰਨ ਵਿੱਚ ਅਧਿਆਪਕਾਂ ਦੀ ਅਹਿਮ ਭੂਮਿਕਾ ਹੈ। ਇਸ ਮੌਕੇ ਸਕੂਲ ਦੇ ਪ੍ਰਿੰਸੀਪਲ ਇੰਚਾਰਜ ਪਰਮਿੰਦਰ ਕੁਮਾਰ ਲੌਂਗੋਵਾਲ, ਮੈਡਮ ਨਵਰਾਜ ਕੌਰ ਅਤੇ ਸਮੂਹ ਸਟਾਫ ਨੇ ਵਿੱਤ ਮੰਤਰੀ ਦਾ ਸਵਾਗਤ ਕੀਤਾ ਅਤੇ ਸਕੂਲ ਦੇ ਵਿਕਾਸ ਲਈ ਪਹਿਲਾਂ ਦਿੱਤੀਆਂ ਗਰਾਂਟਾਂ ਲਈ ਧੰਨਵਾਦ ਕੀਤਾ।  ਇਸ ਮੌਕੇ ਵਿੱਤ ਮੰਤਰੀ ਦੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ ਅਤੇ ਪਿੰਡ ਦੇ ਸਰਪੰਚ ਰਵਿੰਦਰ ਸਿੰਘ ਮਾਨ ਵੀ ਹਾਜ਼ਰ ਸਨ।

Exit mobile version