Homeਪੰਜਾਬਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਦੇ ਪੰਜ ਪਿੰਡਾਂ ਦੇ...

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਦਿੜ੍ਹਬਾ ਹਲਕੇ ਦੇ ਪੰਜ ਪਿੰਡਾਂ ਦੇ ਵਿਕਾਸ ਲਈ 01 ਕਰੋੜ 18 ਲੱਖ ਰੁਪਏ ਦੇ ਚੈੱਕ ਭੇਟ

Punjab Finance Minister Harpal Singh Cheema distributes ₹1.18 crore in development funds for five villages in the Dirba constituency.

ਪਿੰਡਾਂ ਦੀਆਂ ਸੱਥਾਂ ਵਿੱਚ ਪਹੁੰਚ ਕੇ ਸਰਪੰਚਾਂ ਨੂੰ ਸੌਂਪੀਆਂ ਗਰਾਂਟਾਂ; ਵਿਕਾਸ ਕਾਰਜ ਜਲਦੀ ਸ਼ੁਰੂ ਕਰਕੇ ਸਮੇਂ ਸਿਰ ਮੁਕੰਮਲ ਕਰਨ ਦੀ ਹਦਾਇਤ
ਦਿੜ੍ਹਬਾ, 05 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) :  ਪੰਜਾਬ ਦੇ ਵਿੱਤ ਮੰਤਰੀ ਸ੍ਰੀ ਹਰਪਾਲ ਸਿੰਘ ਚੀਮਾ ਨੇ ਵਿਧਾਨ ਸਭਾ ਹਲਕਾ ਦਿੜ੍ਹਬਾ ਦੇ ਪਿੰਡਾਂ ਵਿੱਚ ਵਿਕਾਸ ਕਾਰਜਾਂ ਨੂੰ ਹੋਰ ਤੇਜ਼ੀ ਦੇਣ ਲਈ ਪੰਜ ਪਿੰਡਾਂ ਦੀਆਂ ਪੰਚਾਇਤਾਂ ਨੂੰ ਕੁੱਲ 01 ਕਰੋੜ 18 ਲੱਖ ਰੁਪਏ ਦੀ ਰਾਸ਼ੀ ਦੇ ਚੈੱਕ ਪਿੰਡਾਂ ਦੀਆਂ ਸੱਥਾਂ ਵਿੱਚ ਪੁੱਜ ਕੇ ਭੇਟ ਕੀਤੇ। ਉਨ੍ਹਾਂ ਨੇ ਖ਼ੁਦ ਪਿੰਡਾਂ ਵਿੱਚ ਪਹੁੰਚ ਕੇ ਸਰਪੰਚਾਂ ਨੂੰ ਚੈੱਕ ਸੌਂਪੇ ਅਤੇ ਹਦਾਇਤ ਕੀਤੀ ਕਿ ਵਿਕਾਸ ਕਾਰਜ ਜਲਦੀ ਤੋਂ ਜਲਦੀ ਸ਼ੁਰੂ ਕਰਕੇ ਨਿਰਧਾਰਤ ਸਮੇਂ ਅੰਦਰ ਮੁਕੰਮਲ ਕੀਤੇ ਜਾਣ, ਤਾਂ ਜੋ ਲੋਕਾਂ ਨੂੰ ਇਨ੍ਹਾਂ ਦਾ ਲਾਭ ਛੇਤੀ ਮਿਲ ਸਕੇ। ਇਸ ਮੌਕੇ ਵਿੱਤ ਮੰਤਰੀ ਨੇ ਦੱਸਿਆ ਕਿ ਗੁਰੂ ਤੇਗ ਬਹਾਦਰ ਨਗਰ, ਆਬਾਦੀ ਹਰਿਆਊ ਨੂੰ 20 ਲੱਖ ਰੁਪਏ, ਸੰਗਤਪੁਰਾ ਨੂੰ 3 ਲੱਖ ਰੁਪਏ, ਰਟੋਲਾਂ ਨੂੰ 40 ਲੱਖ ਰੁਪਏ, ਸੂਲਰ ਘਰਾਟ ਨੂੰ 40 ਲੱਖ ਰੁਪਏ ਅਤੇ ਰਾਮਪੁਰ ਗੁੱਜਰਾਂ ਨੂੰ 15 ਲੱਖ ਰੁਪਏ ਦੀਆਂ ਗਰਾਂਟਾਂ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਇਹ ਰਾਸ਼ੀ ਪਿੰਡਾਂ ਦੀਆਂ ਸਥਾਨਕ ਲੋੜਾਂ ਅਨੁਸਾਰ ਵਿਕਾਸ ਕਾਰਜਾਂ ਅਤੇ ਬੁਨਿਆਦੀ ਸਹੂਲਤਾਂ ਵਿੱਚ ਸੁਧਾਰ ਲਈ ਵਰਤੀ ਜਾਵੇਗੀ।
ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਪਿੰਡਾਂ ਅਤੇ ਸ਼ਹਿਰਾਂ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਕੰਮ ਕਰ ਰਹੀ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿੱਚ ਬਿਹਤਰ ਸੜਕਾਂ, ਗਲੀਆਂ-ਨਾਲੀਆਂ, ਖੇਡ ਸਹੂਲਤਾਂ ਅਤੇ ਹੋਰ ਲੋੜੀਂਦੇ ਬੁਨਿਆਦੀ ਢਾਂਚੇ ਦੀ ਉਸਾਰੀ ਰਾਹੀਂ ਲੋਕਾਂ ਦਾ ਜੀਵਨ ਪੱਧਰ ਉੱਚਾ ਚੁੱਕਣਾ ਸਰਕਾਰ ਦੀ ਮੁੱਖ ਤਰਜੀਹ ਹੈ।
ਵਿੱਤ ਮੰਤਰੀ ਨੇ ਕਿਹਾ ਕਿ ਦਿੜ੍ਹਬਾ ਹਲਕੇ ਨੂੰ ਪਹਿਲਾਂ ਪਿਛੜੇ ਹਲਕੇ ਵਜੋਂ ਜਾਣਿਆ ਜਾਂਦਾ ਸੀ, ਪਰ ਮੌਜੂਦਾ ਸਰਕਾਰ ਵੱਲੋਂ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਨਾਲ ਹਲਕੇ ਦੀ ਨੁਹਾਰ ਬਦਲੀ ਹੈ। ਉਨ੍ਹਾਂ ਕਿਹਾ ਕਿ ਦਿੜ੍ਹਬਾ ਨੂੰ ਵਿਕਾਸ ਦੇ ਮੋਹਰੀ ਹਲਕਿਆਂ ਵਿੱਚ ਸ਼ਾਮਲ ਕਰਨ ਲਈ ਸੜਕੀ ਸੰਪਰਕ, ਖੇਡ ਢਾਂਚੇ ਅਤੇ ਸਿੰਚਾਈ ਸਹੂਲਤਾਂ ਨੂੰ ਮਜ਼ਬੂਤ ਕਰਨ ਵੱਲ ਵਿਸ਼ੇਸ਼ ਧਿਆਨ ਦਿੱਤਾ ਗਿਆ ਹੈ। ਉਨ੍ਹਾਂ ਦਾਅਵਾ ਕੀਤਾ ਕਿ ਪਿਛਲੇ ਦਹਾਕਿਆਂ ਤੋਂ ਅਧੂਰੇ ਪਏ ਕਈ ਕੰਮ ਮੌਜੂਦਾ ਸਰਕਾਰ ਨੇ ਸਾਢੇ ਚਾਰ ਸਾਲਾਂ ਦੌਰਾਨ ਕਰਕੇ ਵਿਖਾਏ ਹਨ।
ਸ੍ਰ ਚੀਮਾ ਨੇ ਕਿਹਾ ਕਿ ਪਿੰਡਾਂ ਨੂੰ ਪੱਕੀਆਂ ਸੜਕਾਂ ਨਾਲ ਜੋੜਨ ਦੇ ਨਾਲ-ਨਾਲ ਨੌਜਵਾਨਾਂ ਲਈ ਖੇਡ ਸਟੇਡੀਅਮਾਂ ਦੀ ਉਸਾਰੀ ਵੀ ਕਰਵਾਈ ਗਈ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨ ਨੌਜਵਾਨਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਦੇ ਮੌਕੇ ਪ੍ਰਦਾਨ ਕਰਦੇ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰਹਿ ਕੇ ਸਿਹਤਮੰਦ ਜੀਵਨ ਅਪਣਾਉਣ ਲਈ ਪ੍ਰੇਰਿਤ ਕਰਦੇ ਹਨ। ਪੰਜਾਬ ਸਰਕਾਰ ਦਾ ਉਦੇਸ਼ ਨੌਜਵਾਨਾਂ ਦੀ ਊਰਜਾ ਨੂੰ ਉਸਾਰੂ ਦਿਸ਼ਾ ਦੇ ਕੇ ਉਨ੍ਹਾਂ ਲਈ ਅੱਗੇ ਵਧਣ ਦੇ ਮੌਕੇ ਪੈਦਾ ਕਰਨਾ ਹੈ। ਵਿੱਤ ਮੰਤਰੀ ਨੇ ਸਰਪੰਚਾਂ ਅਤੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਗਰਾਂਟਾਂ ਦੀ ਪਾਰਦਰਸ਼ੀ ਅਤੇ ਸੁਚੱਜੀ ਵਰਤੋਂ ਯਕੀਨੀ ਬਣਾਈ ਜਾਵੇ। ਉਨ੍ਹਾਂ ਕਿਹਾ ਕਿ ਵਿਕਾਸ ਕਾਰਜਾਂ ਦੀ ਗੁਣਵੱਤਾ ਨਾਲ ਕੋਈ ਸਮਝੌਤਾ ਨਾ ਕੀਤਾ ਜਾਵੇ ਅਤੇ ਹਰੇਕ ਰੁਪਇਆ ਲੋਕਾਂ ਦੀ ਭਲਾਈ ਲਈ ਖ਼ਰਚਿਆ ਜਾਵੇ। ਉਨ੍ਹਾਂ ਭਰੋਸਾ ਦਿੱਤਾ ਕਿ ਪਿੰਡਾਂ ਦੀਆਂ ਜਾਇਜ਼ ਵਿਕਾਸ ਲੋੜਾਂ ਲਈ ਫੰਡਾਂ ਦੀ ਘਾਟ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਲੋੜ ਪੈਣ ’ਤੇ ਹੋਰ ਰਾਸ਼ੀ ਵੀ ਮੁਹੱਈਆ ਕਰਵਾਈ ਜਾਵੇਗੀ।
ਕਿਸਾਨਾਂ ਲਈ ਸਿੰਚਾਈ ਸਹੂਲਤਾਂ ਦਾ ਜ਼ਿਕਰ ਕਰਦਿਆਂ ਸ੍ਰੀ ਚੀਮਾ ਨੇ ਕਿਹਾ ਕਿ ਨਹਿਰੀ ਪਾਣੀ ਨੂੰ ਟੇਲਾਂ ਤੱਕ ਪਹੁੰਚਾਉਣ ਲਈ ਕੀਤੇ ਉਪਰਾਲਿਆਂ ਨਾਲ ਕਿਸਾਨਾਂ ਨੂੰ ਰਾਹਤ ਮਿਲੀ ਹੈ। ਉਨ੍ਹਾਂ ਕਿਹਾ ਕਿ ਖੇਤਾਂ ਤੱਕ ਪਾਣੀ ਦੀ ਪਹੁੰਚ ਬਿਹਤਰ ਬਣਾਉਣਾ ਖੇਤੀਬਾੜੀ ਨੂੰ ਮਜ਼ਬੂਤ ਕਰਨ ਅਤੇ ਕਿਸਾਨਾਂ ਦੇ ਸਿੰਚਾਈ ਖ਼ਰਚੇ ਘਟਾਉਣ ਲਈ ਅਹਿਮ ਹੈ। ਉਨ੍ਹਾਂ ਕਿਹਾ ਕਿ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਦੀ ਸਹੂਲਤ ਨਾਲ ਵੱਡੀ ਗਿਣਤੀ ਵਿੱਚ ਪਰਿਵਾਰਾਂ ਨੂੰ ਆਰਥਿਕ ਰਾਹਤ ਮਿਲੀ ਹੈ। ਇਸੇ ਤਰ੍ਹਾਂ ਮਹਿਲਾ ਭਲਾਈ ਲਈ ‘ਮਾਵਾਂ ਧੀਆਂ ਸਤਿਕਾਰ ਯੋਜਨਾ’ ਵਰਗੀਆਂ ਪਹਿਲਕਦਮੀਆਂ ਰਾਹੀਂ ਮਹਿਲਾਵਾਂ ਦੀ ਆਰਥਿਕ ਮਜ਼ਬੂਤੀ ਅਤੇ ਮਾਣ-ਸਤਿਕਾਰ ਵਧਾਉਣ ਲਈ ਯਤਨ ਕੀਤੇ ਜਾ ਰਹੇ ਹਨ।
ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੋਕਾਂ ਵੱਲੋਂ ਟੈਕਸਾਂ ਦੇ ਰੂਪ ਵਿੱਚ ਦਿੱਤਾ ਗਿਆ ਪੈਸਾ ਉਨ੍ਹਾਂ ਦੀਆਂ ਸਹੂਲਤਾਂ ਅਤੇ ਭਲਾਈ ਲਈ ਹੀ ਵਰਤਿਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸੜਕਾਂ, ਪਿੰਡਾਂ ਦੀਆਂ ਗਲੀਆਂ-ਨਾਲੀਆਂ, ਸਟੇਡੀਅਮਾਂ ਅਤੇ ਹੋਰ ਜਨਤਕ ਸਹੂਲਤਾਂ ’ਤੇ ਕੀਤਾ ਜਾ ਰਿਹਾ ਖ਼ਰਚ ਇਸੇ ਲੋਕ-ਪੱਖੀ ਸੋਚ ਦਾ ਹਿੱਸਾ ਹੈ। ਉਨ੍ਹਾਂ ਪੰਚਾਇਤਾਂ ਨੂੰ ਅਪੀਲ ਕੀਤੀ ਕਿ ਉਹ ਵਿਕਾਸ ਕਾਰਜਾਂ ਦੀ ਨਿਗਰਾਨੀ ਵਿੱਚ ਸਰਗਰਮ ਭੂਮਿਕਾ ਨਿਭਾਉਣ ਅਤੇ ਪਿੰਡ ਵਾਸੀਆਂ ਦੀਆਂ ਲੋੜਾਂ ਨੂੰ ਪਹਿਲ ਦੇਣ। ਇਸ ਮੌਕੇ ਓ.ਐੱਸ.ਡੀ. ਤਪਿੰਦਰ ਸਿੰਘ ਸੋਹੀ, ਨਗਰ ਸੁਧਾਰ ਟਰਸਟ ਸੰਗਰੂਰ ਦੇ ਚੇਅਰਮੈਨ ਪ੍ਰੀਤਮ ਸਿੰਘ ਪੀਤੂ, ਮਾਰਕੀਟ ਕਮੇਟੀ ਦਿੜ੍ਹਬਾ ਦੀ ਚੇਅਰਪਰਸਨ ਜਸਵੀਰ ਕੌਰ ਸ਼ੇਰਗਿੱਲ, ਮਾਰਕੀਟ ਕਮੇਟੀ ਸੂਲਰ ਘਰਾਟ ਦੇ ਚੇਅਰਮੈਨ ਹਰਵਿੰਦਰ ਸਿੰਘ ਛਾਜਲੀ ਸਮੇਤ ਪਿੰਡਾਂ ਦੇ ਸਰਪੰਚ, ਪੰਚਾਇਤ ਮੈਂਬਰ ਅਤੇ ਹੋਰ ਪਤਵੰਤੇ ਹਾਜ਼ਰ ਸਨ।
RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments