ਫ਼ਤਿਹਗੜ੍ਹ ਸਾਹਿਬ, 6 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ) : ਅਜ ਸ੍ਰੀ ਗੁਰੂ ਗ੍ਰੰਥ ਸਾਹਿਬ ਵਰਲਡ ਯੂਨੀਵਰਸਿਟੀ, ਫ਼ਤਿਹਗੜ੍ਹ ਸਾਹਿਬ ਦੇ ਨੌਂ ਲੋੜਵੰਦ ਵਿਦਿਆਰਥੀਆਂ ਦੀ ਪੜ੍ਹਾਈ ਵਿੱਚ ਸਹਾਇਤਾ ਕਰਨ ਦੇ ਉਦੇਸ਼ ਨਾਲ ਪ੍ਰੋ. ਕਿਰਪਾਲ ਸਿੰਘ ਬਡੂੰਗਰ, ਸਾਬਕਾ ਪ੍ਰਧਾਨ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਆਪਣੇ ਅਖਤਿਆਰੀ ਕੋਟੇ ਵਿਚੋਂ ਵਿੱਤੀ ਸਹਾਇਤਾ ਪ੍ਰਦਾਨ ਕੀਤੀ ਗਈ। ਵਖ ਵਖ ਵਿਭਾਗਾਂ ਨਾਲ ਸੰਬੰਧਤ ਵਿੱਤੀ ਸਹਾਇਤਾ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਵਿੱਚ ਜੈਸਮੀਨ ਕੌਰ, ਜਸਨੂਰ ਕੌਰ, ਹਰਕਰਨ ਸਿੰਘ, ਨਵਨੀਤ ਕੌਰ, ਅਕਾਸ਼ਦੀਪ ਸਿੰਘ, ਸਤਵੀਰ ਕੌਰ ਬਾਵਾ, ਅਰਸ਼ਦੀਪ ਕੌਰ, ਜਨਤ ਨਾਫਰੀ ਅਤੇ ਜਸਮੀਨ ਕੌਰ ਸ਼ਾਮਲ ਹਨ। ਇਸ ਮੌਕੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਵਿਦਿਆਰਥੀ ਕੌਮ ਅਤੇ ਸਮਾਜ ਦਾ ਭਵਿੱਖ ਹੁੰਦੇ ਹਨ ਅਤੇ ਉਨ੍ਹਾਂ ਦੀ ਸਿੱਖਿਆ ਵਿੱਚ ਸਹਿਯੋਗ ਦੇਣਾ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਕਿਹਾ ਕਿ ਆਰਥਿਕ ਮੁਸ਼ਕਿਲਾਂ ਕਾਰਨ ਕਿਸੇ ਵੀ ਲੋੜਵੰਦ ਵਿਦਿਆਰਥੀ ਦੀ ਪੜ੍ਹਾਈ ਪ੍ਰਭਾਵਿਤ ਨਹੀਂ ਹੋਣੀ ਚਾਹੀਦੀ। ਉਨ੍ਹਾਂ ਵਿਦਿਆਰਥੀਆਂ ਨੂੰ ਮਿਹਨਤ ਅਤੇ ਲਗਨ ਨਾਲ ਆਪਣੀ ਸਿੱਖਿਆ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।
ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਪ੍ਰੋ. (ਡਾ.) ਪਰਿਤ ਪਾਲ ਸਿੰਘ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਵੱਲੋਂ ਦਿੱਤੀ ਗਈ ਸਹਾਇਤਾ ਲਈ ਧੰਨਵਾਦ ਕਰਦਿਆਂ ਕਿਹਾ ਕਿ ਅਜਿਹੇ ਉਪਰਾਲੇ ਵਿਦਿਆਰਥੀਆਂ ਦਾ ਹੌਸਲਾ ਵਧਾਉਂਦੇ ਹਨ ਅਤੇ ਉਨ੍ਹਾਂ ਨੂੰ ਆਪਣੀ ਸਿੱਖਿਆ ਜਾਰੀ ਰੱਖਣ ਵਿੱਚ ਸਹਿਯੋਗ ਦਿੰਦੇ ਹਨ। ਯੂਨੀਵਰਸਿਟੀ ਦੇ ਰਜਿਸਟਰਾਰ ਪ੍ਰੋ. (ਡਾ.) ਤੇਜਬੀਰ ਸਿੰਘ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਲੋੜ ਦੇ ਸਮੇਂ ਮਿਲਣ ਵਾਲੀ ਸਹਾਇਤਾ ਵਿਦਿਆਰਥੀਆਂ ਨੂੰ ਆਪਣੀ ਪੜ੍ਹਾਈ ’ਤੇ ਹੋਰ ਇਕਾਗਰਤਾ ਨਾਲ ਧਿਆਨ ਦੇਣ ਵਿੱਚ ਮਦਦ ਕਰਦੀ ਹੈ। ਇਸ ਮੌਕੇ ਡਾ. ਹਰਦੇਵ ਸਿੰਘ, ਡੀਨ, ਫੈਕਲਟੀ ਆਫ਼ ਧਰਮ ਅਧਿਐਨ, ਡਾ. ਅੰਕਦੀਪ ਕੌਰ ਅਟਵਾਲ, ਡਾਇਰੈਕਟਰ ਆਈਕਿਊਏਸੀ ਅਤੇ ਜਸਪ੍ਰੀਤ ਕੌਰ, ਪੀਆਰਓ ਵੀ ਹਾਜ਼ਰ ਸਨ। ਵਿਦਿਆਰਥੀਆਂ ਨੇ ਪ੍ਰੋ. ਕਿਰਪਾਲ ਸਿੰਘ ਬਡੂੰਗਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਪੂਰੀ ਲਗਨ ਤੇ ਮਿਹਨਤ ਨਾਲ ਵਿਦਿਆ ਖੇਤਰ ਦੀਆਂ ਉਚੇਰੀਆਂ ਮੰਜਿਲਾਂ ਸਰ ਕਰਨ ਦਾ ਜਤਨ ਕਰਨਗੇ।







