ਹਰਿਆਣਾ, 3 ਸਤੰਬਰ 2026 (ਸੰਜੀਵ ਸ਼ਰਮਾ): ਯਮੁਨਾਨਗਰ ਦੇ ਮਾਡਲ ਟਾਊਨ ਇਲਾਕੇ ਵਿੱਚ ਅੱਜ ਸਵੇਰੇ ਇੱਕ ਫਾਈਨਾਂਸਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਘਟਨਾ ਉਸ ਸਮੇਂ ਵਾਪਰੀ ਜਦੋਂ ਉਹ ਜਿਮ ਵਿੱਚ ਕਸਰਤ ਕਰਨ ਤੋਂ ਬਾਅਦ ਬਾਹਰ ਆ ਰਿਹਾ ਸੀ। ਜਾਣਕਾਰੀ ਮੁਤਾਬਕ ਮੋਟਰਸਾਈਕਲ ’ਤੇ ਸਵਾਰ ਹਮਲਾਵਰਾਂ ਨੇ ਜਿਮ ਦੇ ਬਾਹਰ ਹਰਭਜਨ ਸਿੰਘ ’ਤੇ ਗੋਲੀਆਂ ਚਲਾ ਦਿੱਤੀਆਂ ਅਤੇ ਵਾਰਦਾਤ ਤੋਂ ਬਾਅਦ ਮੌਕੇ ਤੋਂ ਫਰਾਰ ਹੋ ਗਏ। ਗੰਭੀਰ ਹਾਲਤ ਵਿੱਚ ਹਰਭਜਨ ਸਿੰਘ ਨੂੰ ਹਸਪਤਾਲ ਪਹੁੰਚਾਇਆ ਗਿਆ, ਪਰ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਮ੍ਰਿਤਕ ਦੀ ਪਛਾਣ ਪ੍ਰੇਮ ਨਗਰ ਵਾਸੀ ਹਰਭਜਨ ਸਿੰਘ (60) ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਐਸ.ਪੀ. ਕਮਲਦੀਪ ਗੋਇਲ ਦੀ ਅਗਵਾਈ ਹੇਠ ਪੁਲਿਸ ਟੀਮਾਂ ਮੌਕੇ ’ਤੇ ਪਹੁੰਚੀਆਂ ਅਤੇ ਜਾਂਚ ਸ਼ੁਰੂ ਕੀਤੀ। ਪੁਲਿਸ ਵੱਲੋਂ ਨੇੜਲੇ ਇਲਾਕਿਆਂ ਵਿੱਚ ਲੱਗੇ ਸੀ.ਸੀ.ਟੀ.ਵੀ. ਕੈਮਰਿਆਂ ਦੀ ਫੁਟੇਜ ਖੰਗਾਲੀ ਜਾ ਰਹੀ ਹੈ ਤਾਂ ਜੋ ਹਮਲਾਵਰਾਂ ਦੀ ਪਛਾਣ ਕੀਤੀ ਜਾ ਸਕੇ। ਫਿਲਹਾਲ ਹੱਤਿਆ ਦੇ ਕਾਰਨਾਂ ਅਤੇ ਹਮਲਾਵਰਾਂ ਬਾਰੇ ਪੁਲਿਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। ਪਰਿਵਾਰ ਮੁਤਾਬਕ ਹਰਭਜਨ ਸਿੰਘ ਦੇ ਦੋ ਪੁੱਤਰ ਹਨ। ਵੱਡਾ ਪੁੱਤਰ ਵਿਦੇਸ਼ ਵਿੱਚ ਰਹਿੰਦਾ ਹੈ, ਜਦਕਿ ਛੋਟਾ ਪੁੱਤਰ ਦਿਲਬਾਗ ਸਿੰਘ ਯਮੁਨਾਨਗਰ ਵਿੱਚ ਆਪਣੇ ਪਿਤਾ ਨਾਲ ਫਾਈਨਾਂਸ ਦੇ ਕਾਰੋਬਾਰ ਵਿੱਚ ਕੰਮ ਕਰਦਾ ਹੈ। ਹਰਭਜਨ ਸਿੰਘ ਰੋਜ਼ਾਨਾ ਸਵੇਰੇ ਮਾਡਲ ਟਾਊਨ ਸਥਿਤ ਜਿਮ ਵਿੱਚ ਕਸਰਤ ਕਰਨ ਜਾਂਦੇ ਸਨ।







