ਜਲੰਧਰ, 8 ਨਵੰਬਰ, 2026 (ਗੁਰਮੀਤ ਸਿੰਘ ਤੁੰਗ) : ਜਲੰਧਰ ਦੇ ਮਾਡਲ ਟਾਊਨ ਇਲਾਕੇ ਵਿੱਚ ਚੀਮਾ ਚੌਕ ਨੇੜੇ ਰਾਤ ਸਮੇਂ ਪਟਾਕਿਆਂ ਦੇ ਇੱਕ ਸਟਾਲ ਨੂੰ ਅਚਾਨਕ ਅੱਗ ਲੱਗਣ ਕਾਰਨ ਇਲਾਕੇ ਵਿੱਚ ਦਹਿਸ਼ਤ ਅਤੇ ਹਫੜਾ-ਦਫੜੀ ਦਾ ਮਾਹੌਲ ਬਣ ਗਿਆ। ਅੱਗ ਨੇ ਕੁਝ ਹੀ ਸਮੇਂ ਵਿੱਚ ਭਿਆਨਕ ਰੂਪ ਧਾਰਨ ਕਰ ਲਿਆ ਅਤੇ ਸਟਾਲ ਵਿੱਚੋਂ ਨਿਕਲਦੀਆਂ ਅੱਗ ਦੀਆਂ ਲਪਟਾਂ ਤੇ ਧੂੰਆਂ ਦੂਰ ਤੱਕ ਦਿਖਾਈ ਦੇਣ ਲੱਗੇ। ਘਟਨਾ ਨੂੰ ਦੇਖਦਿਆਂ ਸਥਾਨਕ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਣ ’ਤੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ’ਤੇ ਪਹੁੰਚੀਆਂ ਅਤੇ ਅੱਗ ਬੁਝਾਉਣ ਦਾ ਕੰਮ ਸ਼ੁਰੂ ਕਰ ਦਿੱਤਾ। ਫਾਇਰ ਕਰਮਚਾਰੀਆਂ ਨੇ ਕਾਫ਼ੀ ਜੱਦੋ-ਜਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ ਅਤੇ ਇਸ ਨੂੰ ਹੋਰ ਇਲਾਕੇ ਵਿੱਚ ਫੈਲਣ ਤੋਂ ਰੋਕ ਦਿੱਤਾ। ਇਸ ਘਟਨਾ ਦੌਰਾਨ ਰਾਹਤ ਦੀ ਗੱਲ ਇਹ ਰਹੀ ਕਿ ਕਿਸੇ ਵੀ ਵਿਅਕਤੀ ਦੇ ਜ਼ਖ਼ਮੀ ਹੋਣ ਦੀ ਸੂਚਨਾ ਨਹੀਂ ਹੈ। ਫਾਇਰ ਅਧਿਕਾਰੀ ਵਨੀਸ਼ ਸੋਢੀ ਨੇ ਦੱਸਿਆ ਕਿ ਅੱਗ ਬੁਝਾਉਣ ਤੋਂ ਬਾਅਦ ਟੀਮ ਵੱਲੋਂ ਮੌਕੇ ਦਾ ਮੁਆਇਨਾ ਕੀਤਾ ਗਿਆ, ਪਰ ਸਟਾਲ ਦਾ ਸੰਚਾਲਕ ਉੱਥੇ ਮੌਜੂਦ ਨਹੀਂ ਸੀ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਅਧਿਕਾਰੀਆਂ ਅਨੁਸਾਰ ਜਾਂਚ ਪੂਰੀ ਹੋਣ ਤੋਂ ਬਾਅਦ ਹੀ ਅੱਗ ਲੱਗਣ ਦੇ ਕਾਰਨਾਂ ਬਾਰੇ ਸਪੱਸ਼ਟ ਜਾਣਕਾਰੀ ਮਿਲ ਸਕੇਗੀ।






