ਹਮੀਰਗੜ੍ਹ ਅਤੇ ਭਾਠੂਆਂ ਦੇ 50 ਕਿਸਾਨਾਂ ਨੇ ਸਿਖਲਾਈ ਕੋਰਸ ਵਿੱਚ ਲਿਆ ਭਾਗ – ਡਾ. ਮਨਦੀਪ ਸਿੰਘ
ਮੂਨਕ, 14 ਸਤੰਬਰ, 2026 (ਛਤਰਪਾਲ ਸਿੰਘ ) : ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਮੂਨਕ ਤਹਿਸੀਲ ਦੇ ਪਿੰਡਾਂ ਹਮੀਰਗੜ੍ਹ ਅਤੇ ਭਾਠੂਆਂ ਵਿਖੇ ਝੋਨੇ ਦੀ ਪਰਾਲੀ ਦੇ ਸੁਚੱਜੇ ਪ੍ਰਬੰਧਨ ਸਬੰਧੀ ਲਗਾਏ ਗਏ ਪੰਜ-ਦਿਨਾਂ ਸਿਖਲਾਈ ਕੋਰਸ ਸਫ਼ਲਤਾ ਪੂਰਵਕ ਸੰਪੰਨ ਹੋਏ। ਇਨ੍ਹਾਂ ਸਿਖਲਾਈ ਕੋਰਸਾਂ ਵਿੱਚ ਕਿਸਾਨਾਂ ਨੂੰ ਝੋਨੇ ਦੀ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਇਸ ਨੂੰ ਖੇਤ ਵਿੱਚ ਹੀ ਸੰਭਾਲਣ ਦੇ ਲਾਭਾਂ ਅਤੇ ਇਸ ਸਬੰਧੀ ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਵੱਲੋਂ ਮੁਹੱਈਆ ਕਾਰਵਾਈ ਜਾਂਦੀ ਤਕਨੀਕੀ ਜਾਣਕਾਰੀ ਅਤੇ ਖੇਤੀ ਮਸ਼ੀਨਰੀ ਬਾਰੇ ਜਾਣਕਾਰੀ ਦਿੱਤੀ ਗਈ।

ਡਾ. ਮਨਦੀਪ ਸਿੰਘ, ਇੰਚਾਰਜ, ਪੀ.ਏ.ਯੂ.-ਕ੍ਰਿਸ਼ੀ ਵਿਗਿਆਨ ਕੇਂਦਰ, ਸੰਗਰੂਰ ਨੇ ਖੇਤ ਵਿੱਚ ਹੀ ਝੋਨੇ ਦੀ ਪਰਾਲੀ ਦੇ ਪ੍ਰਬੰਧਨ ਦੇ ਫਾਇਦਿਆਂ ਬਾਰੇ ਦੱਸਦਿਆਂ ਕਿਹਾ ਕਿ ਇਸ ਨਾਲ ਮਿੱਟੀ ਵਿੱਚ ਜੈਵਿਕ ਕਾਰਬਨ ਅਤੇ ਪੌਸ਼ਟਿਕ ਤੱਤਾਂ ਦੀ ਮਾਤਰਾ ਵਧਦੀ ਹੈ, ਮਿੱਟੀ ਦੀ ਭੌਤਿਕ ਸਿਹਤ ਵਿੱਚ ਸੁਧਾਰ ਹੁੰਦਾ ਹੈ ਅਤੇ ਵਾਤਾਵਰਣ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਮਦਦ ਮਿਲਦੀ ਹੈ। ਉਨ੍ਹਾਂ ਨੇ ਕਿਸਾਨਾਂ ਨੂੰ ਕੇ.ਵੀ.ਕੇ. ਵੱਲੋਂ ਪਰਾਲੀ ਦੀ ਖੇਤ ਵਿੱਚ ਸੰਭਾਲ ਲਈ ਖੇਤੀ ਮਸ਼ੀਨਰੀ ਅਤੇ ਤਕਨੀਕੀ ਜਾਣਕਾਰੀ ਦਾ ਲਾਭ ਲੈਣ ਲਈ ਪ੍ਰੇਰਿਤ ਕੀਤਾ। ਇਸ ਤੋਂ ਇਲਾਵਾ ਉਹਨਾਂ ਕਿਸਾਨਾਂ ਨੂੰ ਪਰਾਲੀ ਨੂੰ ਸਾੜਨ ਨਾਲ ਪੈਦਾ ਹੋਣ ਵਾਲੀਆਂ ਹਾਨੀਕਾਰਕ ਗੈਸਾਂ ਅਤੇ ਧੂਏਂ ਨਾਲ ਵਾਤਾਵਰਣ ਅਤੇ ਮਨੁੱਖੀ ਸਿਹਤ ਉੱਤੇ ਪੈਣ ਵਾਲੇ ਮਾੜੇ ਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ। ਉਹਨਾਂ ਕਿਸਾਨਾਂ ਨੂੰ ਹਾੜ੍ਹੀ ਦੀਆਂ ਫ਼ਸਲਾਂ ਦੀ ਕੁਸ਼ਲ ਵਿਉਂਤਬੰਦੀ ਬਾਰੇ ਵੀ ਜਾਣਕਾਰੀ ਦਿੱਤੀ। ਉਹਨਾਂ ਕਣਕ ਦੀ ਨਵੀਂ ਕਿਸਮ ਪੀ ਬੀ ਡਬਲਯੂ 887 ਅਤੇ ਰਾਇਆ ਸਰੋਂ ਦੀਆਂ ਨਵੀਂਆਂ ਕਿਸਮਾਂ ਪੰਜਾਬ ਰਾਇਆ ਕਨੋਲਾ ਸਰੋਂ 7 ਅਤੇ ਪੀ ਬੀ ਆਰ 813 ਬਾਰੇ ਵੀ ਜਾਣਕਾਰੀ ਦਿੱਤੀ।
ਡਾ. ਸੁਨੀਲ ਕੁਮਾਰ , ਸਹਾਇਕ ਪ੍ਰੋਫੈਸਰ (ਫਾਰਮ ਪਾਵਰ ਮਸ਼ੀਨਰੀ) ਨੇ ਝੋਨੇ ਦੀ ਪਰਾਲੀ ਦੇ ਖੇਤ ਵਿੱਚ ਹੀ ਪ੍ਰਬੰਧਨ ਲਈ ਵਰਤੀ ਜਾਣ ਵਾਲੀ ਖੇਤੀ ਮਸ਼ੀਨਰੀ ਜਿਵੇਂ ਕਿ ਹੈਪੀ ਸੀਡਰ, ਸੁਪਰ ਸੀਡਰ, ਸਰਫੇਸ ਸੀਡਰ, ਸਮਾਰਟ ਸੀਡਰ, ਪੈਡੀ ਸਟਰਾਅ ਚੌਪਰ-ਕਮ-ਸ਼ਰੈਡਰ ਅਤੇ ਮਲਚਿੰਗ ਮਸ਼ੀਨਰੀ ਦੀ ਸਹੀ ਵਰਤੋਂ ਅਤੇ ਖੇਤ ਦੀ ਤਿਆਰੀ ਸਬੰਧੀ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਕਿਸਾਨਾਂ ਨੂੰ ਮਸ਼ੀਨਰੀ ਦੀ ਸੁਚੱਜੀ ਵਰਤੋਂ ਕਰਕੇ ਪਰਾਲੀ ਪ੍ਰਬੰਧਨ ਦੀਆਂ ਵਿਗਿਆਨਕ ਤਕਨੀਕਾਂ ਅਪਣਾਉਣ ਲਈ ਪ੍ਰੇਰਿਤ ਕੀਤਾ ਅਤੇ ਕਿਸਾਨਾਂ ਦੇ ਇਸ ਤਕਨੀਕ ਬਾਰੇ ਸਾਰੇ ਸ਼ੰਕੇ ਅਤੇ ਡਰ ਦੂਰ ਕੀਤੇ ।
ਡਾ. ਰੁਕਿੰਦਰਪ੍ਰੀਤ ਸਿੰਘ ਧਾਲੀਵਾਲ, ਸਹਾਇਕ ਪ੍ਰੋਫੈਸਰ (ਫ਼ਸਲ ਵਿਗਿਆਨ ) ਨੇ ਪਰਾਲੀ ਦੇ ਖੇਤ ਵਿੱਚ ਪ੍ਰਬੰਧਨ ਤੋਂ ਬਾਅਦ ਕਣਕ ਦੀ ਬਿਜਾਈ ਸਮੇਂ ਅਪਣਾਈਆਂ ਜਾਣ ਵਾਲੀਆਂ ਸੁਧਰੀਆਂ ਖੇਤੀਬਾੜੀ ਤਕਨੀਕਾਂ, ਨਦੀਨਾਂ ਦੀ ਰੋਕਥਾਮ ਅਤੇ ਖਾਦਾਂ ਦੀ ਵਰਤੋਂ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਇਸ ਤੋਂ ਇਲਾਵਾ ਉਨ੍ਹਾਂ ਨੇ ਝੋਨੇ ਵਿੱਚ ਆਉਣ ਵਾਲੀਆਂ ਸਮੱਸਿਆਵਾਂ ਜਿਵੇਂ ਬੌਣਾ ਰੋਗ, ਭੂਰੇ ਪਿੱਠ ਵਾਲੇ ਟਿੱਡੇ, ਹਲਦੀ ਰੋਗ ਅਤੇ ਝੰਡਾ ਰੋਗ ਦੀ ਪਛਾਣ ਅਤੇ ਰੋਕਥਾਮ ਕਿਸਾਨਾਂ ਨੂੰ ਜਾਗਰੂਕ ਕੀਤਾ। ਉਨ੍ਹਾਂ ਨੇ ਝੋਨੇ ਵਿੱਚ ਪੋਟਾਸ਼ੀਅਮ ਨਾਈਟ੍ਰੇਟ ਦੇ ਛਿੜਕਾਅ ਦੀ ਮਹੱਤਤਾ ਅਤੇ ਇਸ ਦੀ ਸਿਫ਼ਾਰਸ਼ਾਂ ਅਨੁਸਾਰ ਵਰਤੋਂ ਸਬੰਧੀ ਵੀ ਜਾਣਕਾਰੀ ਸਾਂਝੀ ਕੀਤੀ।
ਡਾ. ਰਵਿੰਦਰ ਕੌਰ , ਸਹਿਯੋਗੀ ਪ੍ਰੋਫੈਸਰ (ਬਾਗ਼ਬਾਨੀ), ਨੇ ਪੰਜਾਬ ਐਗਰੀਕਲਚਰਲ ਯੂਨੀਵਰਸਿਟੀ ਵੱਲੋਂ ਸਿਫ਼ਾਰਸ਼ ਕੀਤੀਆਂ ਮਟਰ, ਪਿਆਜ਼, ਗਾਜਰ, ਖਰਬੂਜ਼ਾ ਅਤੇ ਤਰਬੂਜ਼ ਦੀਆਂ ਕਿਸਮਾਂ ਬਾਰੇ ਜਾਣਕਾਰੀ ਸਾਂਝੀ ਕੀਤੀ। ਉਨ੍ਹਾਂ ਨੇ ਬਾਗ਼ਬਾਨੀ ਫ਼ਸਲਾਂ ਵਿੱਚ ਝੋਨੇ ਦੀ ਪਰਾਲੀ ਨੂੰ ਮਲਚ ਵਜੋਂ ਵਰਤਣ ਦੇ ਤਰੀਕੇ ਅਤੇ ਇਸ ਦੇ ਫਾਇਦਿਆਂ ਬਾਰੇ ਵੀ ਦੱਸਿਆ। ਉਨ੍ਹਾਂ ਕਿਹਾ ਕਿ ਪਰਾਲੀ ਦੀ ਸੁਚੱਜੀ ਵਰਤੋਂ ਨਾਲ ਬਾਗਾਂ ਵਿੱਚ ਨਦੀਨਾਂ ਦੀ ਰੋਕਥਾਮ, ਮਿੱਟੀ ਵਿੱਚ ਨਮੀ ਦੀ ਸੰਭਾਲ ਅਤੇ ਚੰਗੀ ਕੁਆਲਿਟੀ ਵਾਲੇ ਫਲ ਪੈਦਾ ਕੀਤੇ ਜਾ ਸਕਦੇ ਹਨ ।
ਸ਼੍ਰੀਮਤੀ ਅਮਰਪ੍ਰੀਤ ਕੌਰ, ਲੈਬ ਟੈਕਨੀਸ਼ੀਅਨ (ਮਿੱਟੀ ਅਤੇ ਪਾਣੀ ਪਰਖ ਪ੍ਰਯੋਗਸ਼ਾਲਾ) ਨੇ ਕਿਸਾਨਾਂ ਨੂੰ ਮਿੱਟੀ ਅਤੇ ਪਾਣੀ ਦੀ ਪਰਖ ਦੀ ਮਹੱਤਤਾ, ਮਿੱਟੀ ਅਤੇ ਪਾਣੀ ਦੇ ਨਮੂਨੇ ਸਹੀ ਢੰਗ ਨਾਲ ਲੈਣ ਅਤੇ ਜਾਂਚ ਲਈ ਪ੍ਰਯੋਗਸ਼ਾਲਾ ਵਿੱਚ ਜਮ੍ਹਾਂ ਕਰਵਾਉਣ ਬਾਰੇ ਜਾਣਕਾਰੀ ਦਿੱਤੀ। ਇਸ ਮੌਕੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ , ਸੰਗਰੂਰ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਕਿਸਾਨ ਭਲਾਈ ਸਕੀਮਾਂ ਬਾਰੇ ਵੀ ਜਾਣਕਾਰੀ ਦਿੱਤੀ ਗਈ। ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਲਾਭ ਲੈਣ ਲਈ ਲੋੜੀਂਦੀ ਯੋਗਤਾ, ਅਰਜ਼ੀ ਪ੍ਰਕਿਰਿਆ ਅਤੇ ਉਪਲੱਬਧ ਸਹਾਇਤਾ ਬਾਰੇ ਜਾਣੂ ਕਰਵਾਇਆ ਗਿਆ ਅਤੇ ਸਬੰਧਤ ਵਿਭਾਗ ਨਾਲ ਸੰਪਰਕ ਕਰਕੇ ਇਨ੍ਹਾਂ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਲੈਣ ਲਈ ਪ੍ਰੇਰਿਤ ਕੀਤਾ ਗਿਆ। ਸਿਖਿਆਰਥੀਆਂ ਨੂੰ ਕ੍ਰਿਸ਼ੀ ਵਿਗਿਆਨ ਕੇਂਦਰ ਵੱਲੋਂ ਫ਼ਸਲਾਂ ਦੀ ਰਹਿੰਦ-ਖੂੰਹਦ ਸੰਭਾਲਣ ਸੰਬੰਧੀ ਸਾਹਿਤ ਅਤੇ ਸਬਜ਼ੀਆਂ ਦੇ ਬੀਜਾਂ ਦੀਆਂ ਕਿੱਟਾਂ ਵੀ ਵੰਡੀਆ ਗਈਆਂ। ਦੋਹਾਂ ਪਿੰਡਾਂ ਦੇ ਕਿਸਾਨਾਂ ਨੇ ਝੋਨੇ ਦੀ ਪਰਾਲੀ ਨੂੰ ਖੇਤ ਵਿੱਚ ਹੀ ਸਾਂਭਣ ਦਾ ਪ੍ਰਣ ਕੀਤਾ।