ਹਰਿਆਣਾ ਵਿੱਚ ਖੇਤੀਬਾੜੀ, MSME, ਰੁਜ਼ਗਾਰ ਅਤੇ ਤਕਨੀਕੀ ਵਿਕਾਸ ਨੂੰ ਹੁਲਾਰਾ ਦੇਣ ਲਈ ਸਹਿਯੋਗ ਵਧਾਉਣ ‘ਤੇ ਬਣੀ ਸਹਿਮਤੀ
ਨਵੀਂ ਦਿੱਲੀ: 30 ਜੂਨ 2026 (ਚੌਧਰੀ ਪ੍ਰਭਜੀਤ ਸਿੰਘ): ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਅੱਜ ਨਵੀਂ ਦਿੱਲੀ ਵਿੱਚ ਫਲਿਪਕਾਰਟ ਗਰੁੱਪ ਦੇ ਮੁੱਖ ਕਾਰਜਕਾਰੀ ਅਧਿਕਾਰੀ (ਸੀਈਓ) ਕਲਿਆਣ ਕ੍ਰਿਸ਼ਨਮੂਰਤੀ ਅਤੇ ਚੀਫ਼ ਕਾਰਪੋਰੇਟ ਅਫੇਅਰਜ਼ ਅਫ਼ਸਰ ਰਜਨੀਸ਼ ਕੁਮਾਰ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ।
ਮੁਲਾਕਾਤ ਦੌਰਾਨ ਹਰਿਆਣਾ ਦੇ ਕਿਸਾਨਾਂ, ਐਮਐਸਐਮਈ ਸੈਕਟਰ, ਸਥਾਨਕ ਉਦਮੀਆਂ ਅਤੇ ਨੌਜਵਾਨਾਂ ਲਈ ਨਵੇਂ ਆਰਥਿਕ ਮੌਕੇ ਸਿਰਜਣ ਸਬੰਧੀ ਵਿਸਥਾਰ ਨਾਲ ਚਰਚਾ ਕੀਤੀ ਗਈ। ਇਸ ਤੋਂ ਇਲਾਵਾ ਖੇਤੀ ਮੁੱਲ ਲੜੀ (ਐਗਰੀਕਲਚਰ ਵੈਲਿਊ ਚੇਨ) ਨੂੰ ਹੋਰ ਮਜ਼ਬੂਤ ਬਣਾਉਣ, ਕੌਸ਼ਲ ਵਿਕਾਸ, ਰੁਜ਼ਗਾਰ ਦੇ ਮੌਕੇ ਵਧਾਉਣ ਅਤੇ ਤਕਨਾਲੋਜੀ ਆਧਾਰਿਤ ਸਮਾਵੇਸ਼ੀ ਵਿਕਾਸ ਨੂੰ ਗਤੀ ਦੇਣ ਵਰਗੇ ਮੁੱਦਿਆਂ ‘ਤੇ ਵੀ ਵਿਚਾਰ-ਵਟਾਂਦਰਾ ਹੋਇਆ।
ਫਲਿਪਕਾਰਟ ਗਰੁੱਪ ਦੇ ਅਧਿਕਾਰੀਆਂ ਨੇ ਹਰਿਆਣਾ ਸਰਕਾਰ ਨਾਲ ਆਪਣੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਕੰਪਨੀ ਸੂਬੇ ਦੇ ਕਿਸਾਨਾਂ, ਸਥਾਨਕ ਕਾਰੋਬਾਰੀਆਂ ਅਤੇ ਉਦਮੀਆਂ ਨੂੰ ਵਿਆਪਕ ਬਾਜ਼ਾਰ ਨਾਲ ਜੋੜਨ ਅਤੇ ਉਨ੍ਹਾਂ ਦੇ ਉਤਪਾਦਾਂ ਨੂੰ ਦੇਸ਼ ਭਰ ਵਿੱਚ ਪਹੁੰਚਾਉਣ ਲਈ ਲਗਾਤਾਰ ਸਹਿਯੋਗ ਦੇਵੇਗੀ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਹਰਿਆਣਾ ਸਰਕਾਰ ਨਿਵੇਸ਼, ਨਵੀਨਤਾ ਅਤੇ ਰੁਜ਼ਗਾਰ ਸਿਰਜਣ ਨੂੰ ਪ੍ਰੋਤਸਾਹਨ ਦੇਣ ਲਈ ਵਚਨਬੱਧ ਹੈ ਅਤੇ ਨਿੱਜੀ ਖੇਤਰ ਨਾਲ ਭਾਈਵਾਲੀ ਰਾਹੀਂ ਸੂਬੇ ਦੇ ਸਮੁੱਚੇ ਵਿਕਾਸ ਨੂੰ ਹੋਰ ਗਤੀ ਦਿੱਤੀ ਜਾਵੇਗੀ।
