2022 ਵਿੱਚ ਬੋਰਡ ਭੰਗ ਹੋਣ ਤੋਂ ਬਾਅਦ ਸਰਕਾਰੀ ਪ੍ਰਸ਼ਾਸਕ ਰਾਹੀਂ ਚੱਲ ਰਿਹਾ ਸੀ ਪ੍ਰਬੰਧ, ਅੱਠ ਮੈਂਬਰਾਂ ਦੇ ਮੁੜ ਜ਼ਿੰਮੇਵਾਰੀ ਸੰਭਾਲਣ ਦੀ ਸੰਭਾਵਨਾ
ਚੰਡੀਗੜ੍ਹ/ਮੁੰਬਈ, 29 ਅਕਤੂਬਰ 2026 (ਚੌਧਰੀ ਪ੍ਰਭਜੀਤ ਸਿੰਘ): ਮਹਾਰਾਸ਼ਟਰ ਸਰਕਾਰ ਨੇ ਬੰਬੇ ਹਾਈ ਕੋਰਟ ਦੀ ਔਰੰਗਾਬਾਦ ਬੈਂਚ ਦੇ ਹੁਕਮਾਂ ਤੋਂ ਬਾਅਦ ਤਖ਼ਤ ਸ੍ਰੀ ਹਜ਼ੂਰ ਸਾਹਿਬ ਬੋਰਡ ਨੂੰ ਮੁੜ ਬਹਾਲ ਕਰ ਦਿੱਤਾ ਹੈ। ਇਸ ਫੈਸਲੇ ਨਾਲ ਸਾਲ 2022 ਵਿੱਚ ਬੋਰਡ ਭੰਗ ਕੀਤੇ ਜਾਣ ਤੋਂ ਬਾਅਦ ਸਰਕਾਰ ਵੱਲੋਂ ਨਿਯੁਕਤ ਪ੍ਰਸ਼ਾਸਕ ਰਾਹੀਂ ਚਲਾਏ ਜਾ ਰਹੇ ਪ੍ਰਬੰਧ ਦੇ ਦੌਰ ਦਾ ਅੰਤ ਹੋ ਗਿਆ ਹੈ।ਪ੍ਰਾਪਤ ਜਾਣਕਾਰੀ ਅਨੁਸਾਰ, ਬੋਰਡ ਦੇ ਪ੍ਰਧਾਨ ਭੁਪਿੰਦਰ ਸਿੰਘ ਮਿਨਹਾਸ ਦਾ ਦੇਹਾਂਤ ਹੋ ਚੁੱਕਾ ਹੈ, ਜਦਕਿ ਬਾਕੀ ਅੱਠ ਮੈਂਬਰਾਂ ਵੱਲੋਂ ਮੁੜ ਆਪਣੀਆਂ ਜ਼ਿੰਮੇਵਾਰੀਆਂ ਸੰਭਾਲਣ ਦੀ ਸੰਭਾਵਨਾ ਹੈ। ਮੁੜ ਜ਼ਿੰਮੇਵਾਰੀ ਸੰਭਾਲਣ ਵਾਲੇ ਸੰਭਾਵਿਤ ਮੈਂਬਰਾਂ ਵਿੱਚ ਮੀਤ ਪ੍ਰਧਾਨ ਗੁਰਿੰਦਰ ਸਿੰਘ ਬਾਵਾ, ਸਕੱਤਰ ਰਵਿੰਦਰ ਸਿੰਘ ਭੁੰਗਾਈ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ, ਐੱਸਜੀਪੀਸੀ ਦੇ ਸੀਨੀਅਰ ਮੀਤ ਪ੍ਰਧਾਨ ਰਘੁਜੀਤ ਸਿੰਘ ਵਿਰਕ, ਪਰਮਜੋਤ ਸਿੰਘ ਚਾਹਲ, ਗੁਰਮੀਤ ਸਿੰਘ ਮਹਾਜਨ, ਹਰਪਾਲ ਸਿੰਘ ਭਾਟੀਆ ਅਤੇ ਮਨਪ੍ਰੀਤ ਸਿੰਘ ਕੁੰਜੀਵਾਲੇ ਸ਼ਾਮਲ ਹਨ।ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਬੋਰਡ ਦੀ ਬਹਾਲੀ ਨੂੰ ਤਖ਼ਤ ਸ੍ਰੀ ਹਜ਼ੂਰ ਸਾਹਿਬ ਦੇ ਪ੍ਰਬੰਧਕੀ ਢਾਂਚੇ ਨਾਲ ਜੁੜਿਆ ਅਹਿਮ ਘਟਨਾਕ੍ਰਮ ਮੰਨਿਆ ਜਾ ਰਿਹਾ ਹੈ। ਹਾਲਾਂਕਿ, ਬਾਕੀ ਮੈਂਬਰਾਂ ਦੇ ਅਹੁਦਾ ਸੰਭਾਲਣ ਅਤੇ ਅਗਲੇ ਪ੍ਰਬੰਧਕੀ ਕਦਮਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਦੀ ਉਡੀਕ ਹੈ।
