ਜਲਾਲਾਬਾਦ, 25 ਅਕਤੂਬਰ (ਚੌਧਰੀ ਪ੍ਰਭਜੀਤ ਸਿੰਘ): ਪੰਜਾਬ ਵਿੱਚ 2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸਿਆਸੀ ਸਰਗਰਮੀਆਂ ਤੇਜ਼ ਹੋ ਗਈਆਂ ਹਨ। ਇਸ ਦੌਰਾਨ ਜਲਾਲਾਬਾਦ ਤੋਂ ਸਾਬਕਾ ਕਾਂਗਰਸੀ ਵਿਧਾਇਕ ਰਮਿੰਦਰ ਸਿੰਘ ਆਵਲਾ ਸ਼੍ਰੋਮਣੀ ਅਕਾਲੀ ਦਲ ਵਿੱਚ ਸ਼ਾਮਲ ਹੋ ਗਏ ਹਨ। ਪਾਰਟੀ ਆਗੂ ਸੁਖਬੀਰ ਸਿੰਘ ਬਾਦਲ ਨੇ ਉਨ੍ਹਾਂ ਦਾ ਸਵਾਗਤ ਕੀਤਾ। ਸੁਖਬੀਰ ਬਾਦਲ ਨੇ ਕਿਹਾ ਕਿ ਆਵਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਨਾਲ ਜਲਾਲਾਬਾਦ ਅਤੇ ਪੰਜਾਬ ਦੇ ਸਰਹੱਦੀ ਖੇਤਰਾਂ ਵਿੱਚ ਪਾਰਟੀ ਨੂੰ ਮਜ਼ਬੂਤੀ ਮਿਲੇਗੀ। ਉਨ੍ਹਾਂ ਜਲਾਲਾਬਾਦ ਨਾਲ ਆਪਣੇ ਸਿਆਸੀ ਸਬੰਧਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਇਸ ਹਲਕੇ ਨੇ ਉਨ੍ਹਾਂ ਨੂੰ ਤਿੰਨ ਵਾਰ ਸੇਵਾ ਕਰਨ ਦਾ ਮੌਕਾ ਦਿੱਤਾ ਹੈ। ਬਾਦਲ ਨੇ ਕਿਹਾ ਕਿ ਅਕਾਲੀ ਸਰਕਾਰਾਂ ਦੇ ਕਾਰਜਕਾਲ ਦੌਰਾਨ ਇਸ ਖੇਤਰ ਵਿੱਚ ਕਈ ਵਿਕਾਸ ਕਾਰਜ ਹੋਏ ਸਨ। ਉਨ੍ਹਾਂ ਆਸ ਪ੍ਰਗਟਾਈ ਕਿ ਰਮਿੰਦਰ ਸਿੰਘ ਆਵਲਾ ਆਉਣ ਵਾਲੇ ਸਮੇਂ ਵਿੱਚ ਜਲਾਲਾਬਾਦ ਹਲਕੇ ਅਤੇ ਸਰਹੱਦੀ ਇਲਾਕਿਆਂ ਵਿੱਚ ਸ਼੍ਰੋਮਣੀ ਅਕਾਲੀ ਦਲ ਨੂੰ ਮਜ਼ਬੂਤ ਕਰਨ ਲਈ ਕੰਮ ਕਰਨਗੇ। ਆਵਲਾ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨੂੰ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਸੂਬੇ ਦੀ ਸਿਆਸਤ ਵਿੱਚ ਇੱਕ ਨਵੇਂ ਘਟਨਾਕ੍ਰਮ ਵਜੋਂ ਦੇਖਿਆ ਜਾ ਰਿਹਾ ਹੈ।
