ਚੰਡੀਗੜ੍ਹ, 23 ਸਤੰਬਰ 2026 (ਚੌਧਰੀ ਪ੍ਰਭਜੀਤ ਸਿੰਘ): ਇਨਫੋਰਸਮੈਂਟ ਡਾਇਰੈਕਟੋਰੇਟ (ED) ਦੇ ਸਾਬਕਾ ਡਿਪਟੀ ਡਾਇਰੈਕਟਰ ਨਿਰੰਜਨ ਸਿੰਘ ਨੇ ਪੰਜਾਬ ਦੀ ਸਿਆਸਤ ਵਿੱਚ ਆਪਣਾ ਸਿਆਸੀ ਸਫ਼ਰ ਸ਼ੁਰੂ ਕਰਦਿਆਂ ਅਕਾਲੀ ਦਲ ‘ਵਾਰਿਸ ਪੰਜਾਬ ਦੇ’ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ ਹੈ। ਉਨ੍ਹਾਂ ਦੀ ਪਾਰਟੀ ਵਿੱਚ ਰਸਮੀ ਸ਼ਮੂਲੀਅਤ ਚੰਡੀਗੜ੍ਹ ਵਿੱਚ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਨਿਰੰਜਨ ਸਿੰਘ ਨੇ ਦੱਸਿਆ ਕਿ ਪਾਰਟੀ ਦੇ ਆਗੂ ਅਤੇ ਡਾਖਾ ਤੋਂ ਵਿਧਾਇਕ ਮਨਪ੍ਰੀਤ ਸਿੰਘ ਅਯਾਲੀ ਅਤੇ ਅੰਮ੍ਰਿਤਪਾਲ ਸਿੰਘ ਦੇ ਪਿਤਾ ਤਰਸੇਮ ਸਿੰਘ ਨੇ ਉਨ੍ਹਾਂ ਨਾਲ ਜਲੰਧਰ ਸਥਿਤ ਰਿਹਾਇਸ਼ ’ਤੇ ਮੁਲਾਕਾਤ ਕੀਤੀ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਪਾਰਟੀ ਵਿੱਚ ਸ਼ਾਮਲ ਹੋਣ ਦਾ ਫੈਸਲਾ ਕੀਤਾ।
ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਨਸ਼ਿਆਂ ਦੀ ਸਮੱਸਿਆ ਨੂੰ ਲੈ ਕੇ ਉਹ ਲੰਬੇ ਸਮੇਂ ਤੋਂ ਚਿੰਤਤ ਰਹੇ ਹਨ ਅਤੇ ਉਨ੍ਹਾਂ ਨੂੰ ਲੱਗਦਾ ਹੈ ਕਿ ਇਸ ਮੁੱਦੇ ’ਤੇ ‘ਵਾਰਿਸ ਪੰਜਾਬ ਦੇ’ ਗੰਭੀਰਤਾ ਨਾਲ ਕੰਮ ਕਰਨ ਦੀ ਗੱਲ ਕਰ ਰਹੀ ਹੈ। ਨਿਰੰਜਨ ਸਿੰਘ ਨੇ ਪਿਛਲੀਆਂ ਸਰਕਾਰਾਂ ਵੱਲੋਂ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣ ਦੇ ਦਾਅਵਿਆਂ ’ਤੇ ਵੀ ਸਵਾਲ ਉਠਾਏ ਹਨ। ਨਿਰੰਜਨ ਸਿੰਘ ED ਵਿੱਚ ਆਪਣੀ ਸੇਵਾ ਦੌਰਾਨ ਪੰਜਾਬ ਨਾਲ ਜੁੜੇ ਕਈ ਚਰਚਿਤ ਮਾਮਲਿਆਂ ਦੀ ਜਾਂਚ ਨਾਲ ਜੁੜੇ ਰਹੇ। ਉਨ੍ਹਾਂ ਨੇ ਜਗਦੀਸ਼ ਸਿੰਘ ਭੋਲਾ ਨਾਲ ਸਬੰਧਤ ਡਰੱਗ-ਮਨੀ ਲਾਂਡਰਿੰਗ ਮਾਮਲੇ ਅਤੇ ਰਾਜਾ ਕੰਡੋਲਾ ਮਾਮਲੇ ਸਮੇਤ ਕਈ ਕੇਸਾਂ ’ਤੇ ਕੰਮ ਕੀਤਾ। ਉਨ੍ਹਾਂ ਨੇ ਬਿਕਰਮ ਸਿੰਘ ਮਜੀਠੀਆ ਤੋਂ ਵੀ ਪੁੱਛਗਿੱਛ ਕੀਤੀ ਸੀ।
ਉਨ੍ਹਾਂ ਦੀ ED ਤੋਂ ਸੇਵਾਮੁਕਤੀ ਮਈ 2021 ਵਿੱਚ ਹੋਈ ਸੀ। ਸੇਵਾ ਤੋਂ ਬਾਅਦ ਵੀ ਉਹ ਪੰਜਾਬ ਵਿੱਚ ਨਸ਼ਿਆਂ ਅਤੇ ਇਨਫੋਰਸਮੈਂਟ ਨਾਲ ਜੁੜੇ ਮੁੱਦਿਆਂ ’ਤੇ ਜਨਤਕ ਤੌਰ ’ਤੇ ਆਪਣੀ ਰਾਏ ਰੱਖਦੇ ਰਹੇ ਹਨ। ਨਿਰੰਜਨ ਸਿੰਘ ਦੇ ‘ਵਾਰਿਸ ਪੰਜਾਬ ਦੇ’ ਵਿੱਚ ਦਾਖਲੇ ਨੂੰ ਪੰਜਾਬ ਦੀ ਆਉਣ ਵਾਲੀ ਚੋਣੀ ਸਿਆਸਤ ਦੇ ਸੰਦਰਭ ਵਿੱਚ ਵੀ ਦੇਖਿਆ ਜਾ ਰਿਹਾ ਹੈ। ਹਾਲਾਂਕਿ, ਉਨ੍ਹਾਂ ਨੇ ਕਿਸੇ ਖਾਸ ਵਿਧਾਨ ਸਭਾ ਸੀਟ ਤੋਂ ਚੋਣ ਲੜਨ ਬਾਰੇ ਅਜੇ ਕੋਈ ਫੈਸਲਾ ਨਾ ਹੋਣ ਦੀ ਗੱਲ ਕਹੀ ਹੈ।
