ਲੁਧਿਆਣਾ, 23 ਜੁਲਾਈ, 2026 (ਜਗਮੇਲ ਸਿੰਘ ਢਿੱਲੋ): ਗੁਰੂ ਅੰਗਦ ਦੇਵ ਵੈਟਰਨਰੀ ਅਤੇ ਐਨੀਮਲ ਸਾਇੰਸਿਜ਼ ਯੂਨੀਵਰਸਿਟੀ (ਗਡਵਾਸੂ) ਵੱਲੋਂ ਜ਼ਿਲ੍ਹਾ ਪ੍ਰਸ਼ਾਸਨ ਲੁਧਿਆਣਾ ਦੇ ਸਹਿਯੋਗ ਨਾਲ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਵਾਤਾਵਰਣ ਸੰਭਾਲ ਮੁਹਿੰਮ ਸ਼ੁਰੂ ਕੀਤੀ ਗਈ। ਇਸ ਤਹਿਤ ਯੂਨੀਵਰਸਿਟੀ ਕੈਂਪਸ ਵਿੱਚ ਵੱਡੇ ਪੱਧਰ ’ਤੇ ਪੌਦੇ ਲਗਾਉਣ ਦਾ ਉਪਰਾਲਾ ਕੀਤਾ ਗਿਆ, ਜਿਸ ਦਾ ਉਦੇਸ਼ ਹਰਿਆਵਲ ਵਧਾਉਣਾ ਅਤੇ ਸਾਫ਼-ਸੁਥਰਾ ਵਾਤਾਵਰਣ ਤਿਆਰ ਕਰਨਾ ਹੈ।
ਮੁਹਿੰਮ ਦਾ ਉਦਘਾਟਨ ਯੂਨੀਵਰਸਿਟੀ ਦੇ ਉਪ-ਕੁਲਪਤੀ ਡਾ. ਜਤਿੰਦਰ ਪਾਲ ਸਿੰਘ ਗਿੱਲ ਨੇ ਅਧਿਕਾਰੀਆਂ, ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਦੀ ਮੌਜੂਦਗੀ ਵਿੱਚ ਕੀਤਾ। ਇਸ ਮੌਕੇ ਵਣ ਰੇਂਜ ਅਧਿਕਾਰੀ ਕਮਲਪ੍ਰੀਤ ਸਿੰਘ ਵੀ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।
ਮੁਹਿੰਮ ਦੇ ਪਹਿਲੇ ਪੜਾਅ ਵਿੱਚ ਜ਼ਿਲ੍ਹਾ ਵਣ ਵਿਭਾਗ ਵੱਲੋਂ ਉਪਲਬਧ ਕਰਵਾਏ ਗਏ 500 ਰੁੱਖ ਯੂਨੀਵਰਸਿਟੀ ਦੇ ਵੱਖ-ਵੱਖ ਹਿੱਸਿਆਂ ਵਿੱਚ ਲਗਾਏ ਜਾਣਗੇ। ਇਨ੍ਹਾਂ ਨੂੰ ਸੜਕਾਂ ਦੇ ਕਿਨਾਰਿਆਂ, ਪਾਰਕਿੰਗ ਖੇਤਰਾਂ ਅਤੇ ਖੁੱਲ੍ਹੀਆਂ ਥਾਵਾਂ ’ਤੇ ਲਗਾ ਕੇ ਹਰੇ-ਭਰੇ ਖੇਤਰ ਵਿਕਸਤ ਕਰਨ ਦੀ ਯੋਜਨਾ ਹੈ।
ਡਾ. ਗਿੱਲ ਨੇ ਕਿਹਾ ਕਿ ਵਾਤਾਵਰਣ ਸੰਤੁਲਨ ਬਣਾਈ ਰੱਖਣ ਲਈ ਦੇਸੀ ਰੁੱਖਾਂ ਦੀਆਂ ਕਿਸਮਾਂ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਯੂਨੀਵਰਸਿਟੀ ਦੇ ਸਾਰੇ ਮੈਂਬਰਾਂ ਨੂੰ ਅਪੀਲ ਕੀਤੀ ਕਿ ਉਹ ਪੌਦੇ ਲਗਾਉਣ ਦੇ ਨਾਲ-ਨਾਲ ਉਨ੍ਹਾਂ ਦੀ ਦੇਖਭਾਲ ਦੀ ਜ਼ਿੰਮੇਵਾਰੀ ਵੀ ਨਿਭਾਉਣ।
ਵਣ ਰੇਂਜ ਅਧਿਕਾਰੀ ਕਮਲਪ੍ਰੀਤ ਸਿੰਘ ਨੇ ਯੂਨੀਵਰਸਿਟੀ ਵੱਲੋਂ ਵਾਤਾਵਰਣ ਸੁਰੱਖਿਆ ਲਈ ਕੀਤੇ ਜਾ ਰਹੇ ਯਤਨਾਂ ਦੀ ਪ੍ਰਸ਼ੰਸਾ ਕੀਤੀ ਅਤੇ ਹਰ ਸੰਭਵ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਇਸ ਦੌਰਾਨ ਮਿਲਖ ਅਧਿਕਾਰੀ ਡਾ. ਸਰਵਪ੍ਰੀਤ ਸਿੰਘ ਘੁੰਮਣ ਨੇ ਪੌਦੇ ਲਗਾਉਣ ਦੀ ਮੁਹਿੰਮ ਨੂੰ ਸਫਲ ਬਣਾਉਣ ਲਈ ਲੈਂਡਸਕੇਪਿੰਗ ਇਕਾਈ ਦੇ ਯੋਗਦਾਨ ਦੀ ਸ਼ਲਾਘਾ ਕੀਤੀ।








