ਕੈਨੇਡਾ, 27 ਅਕਤੂਬਰ (ਗੁਰਮੀਤ ਸਿੰਘ ਤੁੰਗ): ਪੰਜਾਬ ਪੁਲਿਸ ਨੂੰ ਗੈਂਗਸਟਰਾਂ ਖ਼ਿਲਾਫ਼ ਕਾਰਵਾਈ ਦੇ ਮਾਮਲੇ ਵਿੱਚ ਅਹਿਮ ਸਫ਼ਲਤਾ ਮਿਲਣ ਦੀ ਖ਼ਬਰ ਸਾਹਮਣੇ ਆਈ ਹੈ। ਕੈਟਾਗਰੀ-ਏ ਗੈਂਗਸਟਰ ਅੰਮ੍ਰਿਤਪਾਲ ਸਿੰਘ ਉਰਫ਼ ਹਰਪ੍ਰੀਤ ਬਾਠ ਨੂੰ ਕੈਨੇਡਾ ਦੀ ਪੁਲਿਸ ਵੱਲੋਂ ਗ੍ਰਿਫ਼ਤਾਰ ਕੀਤੇ ਜਾਣ ਦੀ ਜਾਣਕਾਰੀ ਮਿਲੀ ਹੈ। ਦੱਸਿਆ ਜਾ ਰਿਹਾ ਹੈ ਕਿ ਉਹ ਪੰਜਾਬ ਵਿੱਚ ਦਰਜ 20 ਅਪਰਾਧਿਕ ਮਾਮਲਿਆਂ ਵਿੱਚ ਪੁਲਿਸ ਨੂੰ ਲੋੜੀਂਦਾ ਹੈ। ਜਾਣਕਾਰੀ ਅਨੁਸਾਰ, ਤਰਨਤਾਰਨ ਜ਼ਿਲ੍ਹੇ ਦੇ ਪਿੰਡ ਮੀਆਂਪੁਰ ਨਾਲ ਸਬੰਧਤ ਅੰਮ੍ਰਿਤਪਾਲ ਸਿੰਘ ਉਰਫ਼ ਹਰਪ੍ਰੀਤ ਬਾਠ ਕਥਿਤ ਤੌਰ ’ਤੇ ਗ਼ੈਰ-ਕਾਨੂੰਨੀ ਢੰਗ ਨਾਲ ਕੈਨੇਡਾ ਪਹੁੰਚਿਆ ਸੀ। ਉਸ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੁਣ ਤਰਨਤਾਰਨ ਪੁਲਿਸ ਵੱਲੋਂ ਉਸ ਨੂੰ ਭਾਰਤ ਲਿਆਉਣ ਲਈ ਕੇਂਦਰੀ ਏਜੰਸੀਆਂ ਰਾਹੀਂ ਕੈਨੇਡਾ ਦੇ ਅਧਿਕਾਰੀਆਂ ਨਾਲ ਤਾਲਮੇਲ ਕੀਤਾ ਜਾ ਰਿਹਾ ਹੈ। ਪੁਲਿਸ ਵੱਲੋਂ ਉਸ ਦੀ ਹਵਾਲਗੀ ਦੀ ਪ੍ਰਕਿਰਿਆ ਅੱਗੇ ਵਧਾਈ ਜਾ ਰਹੀ ਹੈ। ਜੇਕਰ ਸਬੰਧਤ ਕਾਨੂੰਨੀ ਅਤੇ ਪ੍ਰਸ਼ਾਸਨਿਕ ਕਾਰਵਾਈਆਂ ਪੂਰੀਆਂ ਹੋ ਜਾਂਦੀਆਂ ਹਨ ਤਾਂ ਉਸ ਨੂੰ ਆਉਣ ਵਾਲੇ ਸਮੇਂ ਵਿੱਚ ਭਾਰਤ ਲਿਆਂਦਾ ਜਾ ਸਕਦਾ ਹੈ। ਇਸ ਮਾਮਲੇ ਵਿੱਚ ਅਗਲੀ ਕਾਰਵਾਈ ਅਤੇ ਹਵਾਲਗੀ ਸਬੰਧੀ ਅਧਿਕਾਰਤ ਪੁਸ਼ਟੀ ਦੀ ਉਡੀਕ ਰਹੇਗੀ।






