ਚੰਡੀਗੜ੍ਹ, 29 ਅਕਤੂਬਰ, 2026 (ਸੰਜੀਵ ਸ਼ਰਮਾ): ਹਰਿਆਣਾ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ੍ਰੀ ਸ਼ਿਆਮ ਸਿੰਘ ਰਾਣਾ ਨੇ ਕਰਨਾਲ ਵਿੱਚ ਕਿਹਾ ਕਿ ਹਰਿਆਣਾ ਸਰਕਾਰ ਵੱਲੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਅਤੇ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਪ੍ਰਬੰਧਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਕਿਸਾਨਾਂ ਨੂੰ ਪਰਾਲੀ ਪ੍ਰਬੰਧਨ ਪ੍ਰਤੀ ਜਾਗਰੂਕ ਕਰਨ ਦੇ ਨਾਲ-ਨਾਲ ਆਧੁਨਿਕ ਖੇਤੀਬਾੜੀ ਮਸ਼ੀਨਾਂ ਦੀ ਵਰਤੋਂ ਕਰਨ ਲਈ ਵੀ ਉਤਸ਼ਾਹਿਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਪਰਾਲੀ ਪ੍ਰਬੰਧਨ ਲਈ ਕਿਸਾਨਾਂ ਨੂੰ 1,00,882 ਖੇਤੀਬਾੜੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਹਨ, ਜਿਸ ਕਾਰਨ ਇਸ ਵਾਰ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਕਾਫ਼ੀ ਕਮੀ ਆਈ ਹੈ। ਉਨ੍ਹਾਂ ਕਿਹਾ ਕਿ ਫ਼ਸਲਾਂ ਦੀ ਰਹਿੰਦ-ਖੂੰਹਦ ਦੇ ਢੁਕਵੇਂ ਨਿਪਟਾਰੇ ’ਤੇ ਜ਼ੋਰ ਦਿੱਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਪਰਾਲੀ ਸਾੜਨ ਦੀਆਂ ਘਟਨਾਵਾਂ ’ਤੇ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾ ਰਹੀ ਹੈ। ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਖੇਤਾਂ ਵਿੱਚ ਪਰਾਲੀ ਨਾ ਸਾੜਨ ਅਤੇ ਉਪਲਬਧ ਖੇਤੀਬਾੜੀ ਮਸ਼ੀਨਾਂ ਤੇ ਵਿਗਿਆਨਕ ਤਕਨੀਕਾਂ ਦੀ ਵਰਤੋਂ ਕਰਕੇ ਵਾਤਾਵਰਣ ਦੀ ਸੰਭਾਲ ਵਿੱਚ ਆਪਣਾ ਯੋਗਦਾਨ ਪਾਉਣ। ਪਰਾਲੀ ਦਾ ਢੁਕਵਾਂ ਪ੍ਰਬੰਧਨ ਮਿੱਟੀ ਦੀ ਉਪਜਾਊ ਸ਼ਕਤੀ ਨੂੰ ਬਣਾਈ ਰੱਖਣ ਅਤੇ ਹਵਾ ਪ੍ਰਦੂਸ਼ਣ ਨੂੰ ਘਟਾਉਣ ਵਿੱਚ ਸਹਾਇਕ ਹੁੰਦਾ ਹੈ। ਮੀਡੀਆ ਵੱਲੋਂ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੋਰਟਲ ’ਤੇ ਰਜਿਸਟਰਡ ਕਿਸਾਨਾਂ ਦੀ ਫ਼ਸਲ ਦੀ ਖਰੀਦ ਕੀਤੀ ਜਾ ਰਹੀ ਹੈ। ਉੱਤਰ ਪ੍ਰਦੇਸ਼ ਤੋਂ ਆਉਣ ਵਾਲੇ ਝੋਨੇ ਦੀ ਵਿਕਰੀ ’ਤੇ ਵੀ ਨਿਗਰਾਨੀ ਰੱਖੀ ਜਾ ਰਹੀ ਹੈ ਅਤੇ ਅਜਿਹਾ ਕਰਨ ਵਾਲੇ ਲੋਕਾਂ ਵਿਰੁੱਧ ਨਿਯਮਾਂ ਅਨੁਸਾਰ ਕਾਰਵਾਈ ਕੀਤੀ ਜਾਂਦੀ ਹੈ।
