ਹਰਿਦੁਆਰ:3 ਅਗਸਤ (ਛਤਰਪਾਲ ਸਿੰਘ):ਹਰਿਦੁਆਰ ਵਿੱਚ ਕਾਂਵੜ ਯਾਤਰਾ ਦੌਰਾਨ ਵਾਪਰੇ ਦੁਖਦਾਈ ਹਾਦਸੇ ਵਿੱਚ ਜਾਨ ਗੁਆਉਣ ਵਾਲੇ ਚਾਰ ਨਾਬਾਲਗਾਂ ਦੇ ਪਰਿਵਾਰਾਂ ਨੂੰ ਪੰਜਾਬ ਦੇ ਰਾਜਪਾਲ ਅਤੇ ਚੰਡੀਗੜ੍ਹ ਦੇ ਪ੍ਰਸ਼ਾਸਕ ਗੁਲਾਬ ਚੰਦ ਕਟਾਰੀਆ ਵੱਲੋਂ ਆਰਥਿਕ ਸਹਾਇਤਾ ਦੇਣ ਦਾ ਐਲਾਨ ਕੀਤਾ ਗਿਆ ਹੈ। ਉਨ੍ਹਾਂ ਪ੍ਰਭਾਵਿਤ ਪਰਿਵਾਰਾਂ ਨਾਲ ਮੁਲਾਕਾਤ ਕਰਕੇ ਦੁੱਖ ਸਾਂਝਾ ਕੀਤਾ ਅਤੇ ਹਰ ਪਰਿਵਾਰ ਨੂੰ 5 ਲੱਖ ਰੁਪਏ ਦੀ ਮਦਦ ਦੇਣ ਦੀ ਘੋਸ਼ਣਾ ਕੀਤੀ।
ਰਾਜਪਾਲ ਨੇ ਕਿਹਾ ਕਿ ਇਹ ਹਾਦਸਾ ਬਹੁਤ ਹੀ ਮਰਮਾਹਟ ਭਰਿਆ ਹੈ, ਜਿਸ ਨੇ ਕਈ ਪਰਿਵਾਰਾਂ ਨੂੰ ਗਹਿਰੇ ਸਦਮੇ ਵਿੱਚ ਪਾ ਦਿੱਤਾ ਹੈ। ਉਨ੍ਹਾਂ ਦੱਸਿਆ ਕਿ ਮ੍ਰਿਤਕ ਬੱਚੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਨਾਲ ਸਬੰਧਤ ਸਨ ਅਤੇ ਉਨ੍ਹਾਂ ਦੇ ਪਰਿਵਾਰ ਪਹਿਲਾਂ ਹੀ ਕਈ ਚੁਣੌਤੀਆਂ ਦਾ ਸਾਹਮਣਾ ਕਰ ਰਹੇ ਸਨ।
ਗੁਲਾਬ ਚੰਦ ਕਟਾਰੀਆ ਨੇ ਵਿਛੜੇ ਬੱਚਿਆਂ ਨੂੰ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਕਿਸੇ ਵੀ ਪਰਿਵਾਰ ਲਈ ਆਪਣੇ ਬੱਚੇ ਨੂੰ ਗੁਆਉਣਾ ਸਭ ਤੋਂ ਵੱਡਾ ਦੁੱਖ ਹੁੰਦਾ ਹੈ। ਉਨ੍ਹਾਂ ਆਸ ਪ੍ਰਗਟਾਈ ਕਿ ਇਹ ਵਿੱਤੀ ਸਹਾਇਤਾ ਪ੍ਰਭਾਵਿਤ ਪਰਿਵਾਰਾਂ ਨੂੰ ਕੁਝ ਹੱਦ ਤੱਕ ਰਾਹਤ ਪ੍ਰਦਾਨ ਕਰੇਗੀ ਅਤੇ ਉਨ੍ਹਾਂ ਦੀਆਂ ਤੁਰੰਤ ਲੋੜਾਂ ਨੂੰ ਪੂਰਾ ਕਰਨ ਵਿੱਚ ਮਦਦਗਾਰ ਸਾਬਤ ਹੋਵੇਗੀ।
ਰਾਜਪਾਲ ਨੇ ਇਹ ਵੀ ਸਪੱਸ਼ਟ ਕੀਤਾ ਕਿ ਇਹ ਰਕਮ ਰਾਜਪਾਲ ਵਿਵੇਕਾਧੀਨ ਫੰਡ ਵਿੱਚੋਂ ਦਿੱਤੀ ਜਾਵੇਗੀ। ਨਾਲ ਹੀ ਉਨ੍ਹਾਂ ਪ੍ਰਸ਼ਾਸਨਿਕ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਪੀੜਤ ਪਰਿਵਾਰਾਂ ਦੀ ਹਰ ਸੰਭਵ ਮਦਦ ਯਕੀਨੀ ਬਣਾਈ ਜਾਵੇ ਅਤੇ ਉਨ੍ਹਾਂ ਨੂੰ ਸਰਕਾਰੀ ਸਹੂਲਤਾਂ ਦਾ ਲਾਭ ਸਮੇਂ ਸਿਰ ਮਿਲੇ।
ਉਨ੍ਹਾਂ ਭਰੋਸਾ ਦਿਵਾਇਆ ਕਿ ਚੰਡੀਗੜ੍ਹ ਪ੍ਰਸ਼ਾਸਨ ਇਸ ਦੁੱਖ ਦੀ ਘੜੀ ਵਿੱਚ ਪ੍ਰਭਾਵਿਤ ਪਰਿਵਾਰਾਂ ਦੇ ਨਾਲ ਖੜ੍ਹਾ ਹੈ ਅਤੇ ਭਵਿੱਖ ਵਿੱਚ ਵੀ ਹਰ ਲੋੜੀਂਦੀ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ।






