21 ਜੁਲਾਈ, 2026 (ਸੰਜੀਵ ਸ਼ਰਮਾ): ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਕੁਮਾਰ ਘੋਸ਼ ਨੇ ਰਾਜ ਦੇ ਬਾਲ ਭਵਨਾਂ ਵਿੱਚ ਵਾਂਝੇ ਬੱਚਿਆਂ ਲਈ ਭਾਰਤ ਸਕਾਊਟਸ ਐਂਡ ਗਾਈਡਜ਼ ਦੀਆਂ ਗਤੀਵਿਧੀਆਂ ਸ਼ੁਰੂ ਕਰਨ ਦੀ ਪਹਿਲ ਨੂੰ ਮਹੱਤਵਪੂਰਨ ਕਦਮ ਦੱਸਿਆ ਹੈ। ਉਨ੍ਹਾਂ ਕਿਹਾ ਕਿ ਇਹ ਪਹਿਲ ਬੱਚਿਆਂ ਵਿੱਚ ਆਤਮ-ਵਿਸ਼ਵਾਸ, ਅਨੁਸ਼ਾਸਨ ਅਤੇ ਨੇਤ੍ਰਿਤਵ ਦੇ ਗੁਣ ਵਿਕਸਿਤ ਕਰਨ ਵਿੱਚ ਸਹਾਇਕ ਸਾਬਤ ਹੋਵੇਗੀ।
ਲੋਕ ਭਵਨ ਵਿਖੇ ਹਰਿਆਣਾ ਰਾਜ ਭਾਰਤ ਸਕਾਊਟਸ ਐਂਡ ਗਾਈਡਜ਼ ਦੀ 44ਵੀਂ ਸਾਲਾਨਾ ਆਮ ਮੀਟਿੰਗ ਨੂੰ ਸੰਬੋਧਨ ਕਰਦਿਆਂ ਰਾਜਪਾਲ ਨੇ ਕਿਹਾ ਕਿ ਮਹਿਲਾ ਅਤੇ ਬਾਲ ਵਿਕਾਸ ਵਿਭਾਗ ਵੱਲੋਂ ਕੀਤੀ ਗਈ ਇਸ ਪਹਿਲ ਰਾਹੀਂ ਬਾਲ ਭਵਨਾਂ ਵਿੱਚ ਰਹਿਣ ਵਾਲੇ ਬੱਚਿਆਂ ਨੂੰ ਜੀਵਨ ਉਪਯੋਗੀ ਹੁਨਰ ਸਿੱਖਣ ਦਾ ਮੌਕਾ ਮਿਲੇਗਾ।
ਉਨ੍ਹਾਂ ਕਿਹਾ ਕਿ ਸਕਾਊਟਿੰਗ ਅਤੇ ਗਾਈਡਿੰਗ ਦੀਆਂ ਗਤੀਵਿਧੀਆਂ ਬੱਚਿਆਂ ਵਿੱਚ ਟੀਮ ਭਾਵਨਾ, ਜ਼ਿੰਮੇਵਾਰੀ, ਸੇਵਾ ਦੀ ਭਾਵਨਾ ਅਤੇ ਚੁਣੌਤੀਆਂ ਦਾ ਸਾਹਮਣਾ ਕਰਨ ਦੀ ਸਮਰੱਥਾ ਪੈਦਾ ਕਰਦੀਆਂ ਹਨ। ਇਹ ਗੁਣ ਉਨ੍ਹਾਂ ਨੂੰ ਭਵਿੱਖ ਵਿੱਚ ਸਮਾਜ ਦੇ ਜ਼ਿੰਮੇਵਾਰ ਨਾਗਰਿਕ ਬਣਨ ਲਈ ਤਿਆਰ ਕਰਦੇ ਹਨ।
ਰਾਜਪਾਲ ਨੇ ਹਰਿਆਣਾ ਰਾਜ ਭਾਰਤ ਸਕਾਊਟਸ ਐਂਡ ਗਾਈਡਜ਼ ਐਸੋਸੀਏਸ਼ਨ ਵੱਲੋਂ ਸੂਬੇ ਦੇ ਕਾਲਜਾਂ ਅਤੇ ਯੂਨੀਵਰਸਿਟੀਆਂ ਨਾਲ ਸਮਝੌਤਾ ਪੱਤਰ ਕਰਕੇ ਰੋਵਰਸ ਅਤੇ ਰੇਂਜਰਸ ਇਕਾਈਆਂ ਸਥਾਪਤ ਕਰਨ ਦੀ ਪਹਿਲ ਦੀ ਵੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਸ ਨਾਲ ਨੌਜਵਾਨਾਂ ਵਿੱਚ ਸੇਵਾ ਅਤੇ ਸਮਾਜਿਕ ਜ਼ਿੰਮੇਵਾਰੀ ਦੀ ਭਾਵਨਾ ਹੋਰ ਮਜ਼ਬੂਤ ਹੋਵੇਗੀ।
ਪ੍ਰੋ. ਅਸੀਮ ਕੁਮਾਰ ਘੋਸ਼ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਲਈ ਨੌਜਵਾਨਾਂ ਦਾ ਚਰਿੱਤਰ ਨਿਰਮਾਣ ਬਹੁਤ ਜ਼ਰੂਰੀ ਹੈ। ਸਕਾਊਟਿੰਗ ਅਤੇ ਗਾਈਡਿੰਗ ਰਾਹੀਂ ਇਮਾਨਦਾਰੀ, ਹਮਦਰਦੀ, ਸਾਹਸ, ਕੁਦਰਤ ਪ੍ਰਤੀ ਸਤਿਕਾਰ ਅਤੇ ਨਿਰਸਵਾਰਥ ਸੇਵਾ ਵਰਗੇ ਮੁੱਲਾਂ ਨੂੰ ਉਤਸ਼ਾਹ ਮਿਲਦਾ ਹੈ।
ਉਨ੍ਹਾਂ ਕਿਹਾ ਕਿ ਭਾਰਤ ਸਕਾਊਟਸ ਐਂਡ ਗਾਈਡਜ਼ ਸਿਰਫ਼ ਇੱਕ ਸੰਸਥਾ ਨਹੀਂ, ਸਗੋਂ ਨੌਜਵਾਨਾਂ ਵਿੱਚ ਅਨੁਸ਼ਾਸਨ, ਲੀਡਰਸ਼ਿਪ ਅਤੇ ਸੇਵਾ ਭਾਵਨਾ ਪੈਦਾ ਕਰਨ ਵਾਲਾ ਇੱਕ ਪ੍ਰਭਾਵਸ਼ਾਲੀ ਅੰਦੋਲਨ ਹੈ, ਜੋ ਮਜ਼ਬੂਤ ਅਤੇ ਸਮਾਵੇਸ਼ੀ ਸਮਾਜ ਦੇ ਨਿਰਮਾਣ ਵਿੱਚ ਅਹਿਮ ਭੂਮਿਕਾ ਨਿਭਾ ਰਿਹਾ ਹੈ।








