ਚੰਡੀਗੜ੍ਹ, 11 ਸਤੰਬਰ, 2026 (ਛਤਰਪਾਲ ਸਿੰਘ ) : ਪੰਜਾਬ ਕਾਂਗਰਸ ਦੇ ਸੀਨੀਅਰ ਆਗੂਆਂ ਦੇ ਇੱਕ ਵਫ਼ਦ ਨੇ ਪੰਜਾਬ ਦੇ ਰਾਜਪਾਲ ਨਾਲ ਮੁਲਾਕਾਤ ਕਰਕੇ ਤੂਰ ਬੰਜਾਰਾ ਦੇ ਗੁਲਜ਼ਾਰ ਸਿੰਘ ਦੀ ਖੁਦਕੁਸ਼ੀ ਨਾਲ ਜੁੜੇ ਮਾਮਲੇ ਵਿੱਚ ਤੁਰੰਤ, ਨਿਰਪੱਖ ਅਤੇ ਕਾਨੂੰਨ ਅਨੁਸਾਰ ਕਾਰਵਾਈ ਦੀ ਮੰਗ ਕੀਤੀ। ਵਫ਼ਦ ਨੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਖ਼ਿਲਾਫ਼ ਲੱਗੇ ਦੋਸ਼ਾਂ ਦੀ ਵੀ ਨਿਰਪੱਖ ਜਾਂਚ ਕਰਵਾਉਣ ਦੀ ਮੰਗ ਰੱਖੀ। ਕਾਂਗਰਸੀ ਆਗੂਆਂ ਨੇ ਰਾਜਪਾਲ ਨੂੰ ਕਿਹਾ ਕਿ ਗੁਲਜ਼ਾਰ ਸਿੰਘ ਦੀ ਮੌਤ ਤੋਂ ਪਹਿਲਾਂ ਦੇ ਹਾਲਾਤ ਅਤੇ ਮਾਮਲੇ ਵਿੱਚ ਲਗਾਏ ਗਏ ਦੋਸ਼ਾਂ ਦੀ ਪੂਰੀ ਜਾਂਚ ਹੋਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਜਾਂਚ ਕਿਸੇ ਵੀ ਸਿਆਸੀ ਦਖ਼ਲ ਜਾਂ ਦਬਾਅ ਤੋਂ ਬਿਨਾਂ ਪਾਰਦਰਸ਼ੀ ਢੰਗ ਨਾਲ ਕੀਤੀ ਜਾਵੇ ਅਤੇ ਜੇਕਰ ਕਿਸੇ ਦੀ ਜ਼ਿੰਮੇਵਾਰੀ ਸਾਹਮਣੇ ਆਉਂਦੀ ਹੈ ਤਾਂ ਕਾਨੂੰਨ ਅਨੁਸਾਰ ਕਾਰਵਾਈ ਕੀਤੀ ਜਾਵੇ। ਰਾਜਪਾਲ ਨਾਲ ਮੁਲਾਕਾਤ ਕਰਨ ਵਾਲੇ ਵਫ਼ਦ ਵਿੱਚ ਸੰਸਦ ਮੈਂਬਰ ਚਰਨਜੀਤ ਸਿੰਘ ਚੰਨੀ, ਸੁਖਜਿੰਦਰ ਸਿੰਘ ਰੰਧਾਵਾ ਅਤੇ ਸ਼ੇਰ ਸਿੰਘ ਘੁਬਾਇਆ ਤੋਂ ਇਲਾਵਾ ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ ਅਤੇ ਬਰਿੰਦਰ ਪਾਹੜਾ ਸ਼ਾਮਲ ਸਨ। ਕਾਂਗਰਸ ਆਗੂਆਂ ਨੇ ਮਾਮਲੇ ਵਿੱਚ ਤੁਰੰਤ ਦਖ਼ਲ ਦੀ ਮੰਗ ਕਰਦਿਆਂ ਮ੍ਰਿਤਕ ਦੇ ਪਰਿਵਾਰ ਨੂੰ ਨਿਆਂ ਦਿਵਾਉਣ ਅਤੇ ਸੱਚਾਈ ਸਾਹਮਣੇ ਲਿਆਉਣ ਲਈ ਸਮਾਂਬੱਧ ਜਾਂਚ ਦੀ ਮੰਗ ਕੀਤੀ।







