12ਵੀਂ ਵਿੱਚ 90 ਫ਼ੀਸਦੀ ਤੋਂ ਵੱਧ ਅੰਕ ਲੈਣ ਵਾਲੇ ਵਿਦਿਆਰਥੀਆਂ ਦਾ ਸਨਮਾਨ; ਅਗਲੇ ਮਹੀਨੇ ਤੋਂ ਪੰਜਾਬ ਦੇ ਸਕੂਲਾਂ ਵਿੱਚ ਸ਼ੁਰੂ ਹੋਵੇਗਾ AI ਪਾਠਕ੍ਰਮ
ਸੰਗਰੂਰ, 3 ਜੁਲਾਈ:(ਛਤਰਪਾਲ ਸਿੰਘ): ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਸੁਧਾਰਾਂ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ‘ਬਰਾਈਟ ਮਾਈਂਡਜ਼ ਪੰਜਾਬ 2026’ ਪ੍ਰੋਗਰਾਮ ਤਹਿਤ ਡਾਇਟ ਸੰਗਰੂਰ ਵਿਖੇ ਵਿਸ਼ੇਸ਼ ਸਮਾਗਮ ਕਰਵਾਇਆ ਗਿਆ। ਇਸ ਮੌਕੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵਿਦਿਆਰਥੀਆਂ ਅਤੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਕਰਕੇ ਸਿੱਖਿਆ ਪ੍ਰਣਾਲੀ ਨੂੰ ਹੋਰ ਬਿਹਤਰ ਬਣਾਉਣ ਲਈ ਉਨ੍ਹਾਂ ਦੇ ਸੁਝਾਅ ਜਾਣੇ।

ਸਮਾਗਮ ਦੌਰਾਨ 12ਵੀਂ ਜਮਾਤ ਵਿੱਚ 90 ਫ਼ੀਸਦੀ ਜਾਂ ਇਸ ਤੋਂ ਵੱਧ ਅੰਕ ਹਾਸਲ ਕਰਨ ਵਾਲੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਇਹ ਵਿਦਿਆਰਥੀ ਪੰਜਾਬ ਦਾ ਮਾਣ ਹਨ ਅਤੇ ਭਵਿੱਖ ਵਿੱਚ ਵੱਖ-ਵੱਖ ਖੇਤਰਾਂ ਵਿੱਚ ਦੇਸ਼ ਦੀ ਅਗਵਾਈ ਕਰਨਗੇ।
ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਸਿੱਖਿਆ ਨੂੰ ਆਧੁਨਿਕ ਲੋੜਾਂ ਦੇ ਅਨੁਕੂਲ ਬਣਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸੇ ਕੜੀ ਤਹਿਤ ਅਗਲੇ ਮਹੀਨੇ ਤੋਂ ਸੂਬੇ ਦੇ ਸਰਕਾਰੀ ਸਕੂਲਾਂ ਵਿੱਚ ਆਰਟੀਫ਼ੀਸ਼ਲ ਇੰਟੈਲੀਜੈਂਸ (AI) ਦਾ ਪਾਠਕ੍ਰਮ ਸ਼ੁਰੂ ਕੀਤਾ ਜਾਵੇਗਾ, ਤਾਂ ਜੋ ਵਿਦਿਆਰਥੀ ਭਵਿੱਖ ਦੀਆਂ ਤਕਨੀਕੀ ਚੁਣੌਤੀਆਂ ਅਤੇ ਰੁਜ਼ਗਾਰ ਦੇ ਮੌਕਿਆਂ ਲਈ ਤਿਆਰ ਹੋ ਸਕਣ।
ਸਿੱਖਿਆ ਮੰਤਰੀ ਨੇ ਕਿਹਾ ਕਿ ਪਹਿਲੀ ਵਾਰ ਵਿਦਿਆਰਥੀਆਂ ਤੋਂ ਸਿੱਧੇ ਤੌਰ ‘ਤੇ ਪ੍ਰੀਖਿਆ ਪ੍ਰਣਾਲੀ, ਸਿਲੇਬਸ ਅਤੇ ਪੜ੍ਹਾਉਣ ਦੇ ਤਰੀਕਿਆਂ ਬਾਰੇ ਰਾਏ ਲਈ ਜਾ ਰਹੀ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਵੱਲੋਂ ਦਿੱਤੇ ਗਏ ਵਾਜਬ ਸੁਝਾਵਾਂ ਨੂੰ ਭਵਿੱਖ ਦੀਆਂ ਸਿੱਖਿਆ ਨੀਤੀਆਂ ਵਿੱਚ ਸ਼ਾਮਲ ਕੀਤਾ ਜਾਵੇਗਾ।

ਇਸ ਮੌਕੇ ਮਨੀਸ਼ ਸਿਸੋਦੀਆ ਨੇ ਕਿਹਾ ਕਿ ਕਿਸੇ ਵੀ ਦੇਸ਼ ਦੀ ਤਰੱਕੀ ਉਸ ਦੀ ਸਿੱਖਿਆ ਪ੍ਰਣਾਲੀ ‘ਤੇ ਨਿਰਭਰ ਕਰਦੀ ਹੈ। ਉਨ੍ਹਾਂ ਜ਼ੋਰ ਦਿੱਤਾ ਕਿ ਸਰਕਾਰ ਨੂੰ ਸਿੱਖਿਆ ਸੁਧਾਰਾਂ ਲਈ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਰਾਏ ਨੂੰ ਤਰਜੀਹ ਦੇਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ AI ਆਉਣ ਵਾਲੇ ਸਮੇਂ ਵਿੱਚ ਰੁਜ਼ਗਾਰ ਦੇ ਨਵੇਂ ਮੌਕੇ ਪੈਦਾ ਕਰੇਗੀ, ਇਸ ਲਈ ਨਵੀਂ ਪੀੜ੍ਹੀ ਨੂੰ ਸਮੇਂ ਸਿਰ ਇਸ ਤਕਨਾਲੋਜੀ ਨਾਲ ਜੋੜਨਾ ਲਾਜ਼ਮੀ ਹੈ।
ਸਮਾਗਮ ਦੌਰਾਨ ਵਿਦਿਆਰਥੀਆਂ ਨੂੰ ਸੰਵਿਧਾਨਕ ਮੁੱਲਾਂ ਦੀ ਪਾਲਣਾ, ਵਾਤਾਵਰਣ ਦੀ ਸੰਭਾਲ, ਸੱਭਿਆਚਾਰਕ ਵਿਰਾਸਤ ਦੀ ਰੱਖਿਆ ਅਤੇ ਸਮਾਜ ਪ੍ਰਤੀ ਆਪਣੀਆਂ ਜ਼ਿੰਮੇਵਾਰੀਆਂ ਨਿਭਾਉਣ ਦਾ ਸੰਕਲਪ ਵੀ ਦਿਵਾਇਆ ਗਿਆ।
ਇਸ ਮੌਕੇ ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ, ਵਿਧਾਇਕ ਨਰਿੰਦਰ ਕੌਰ ਭਰਾਜ, ਡਾਇਰੈਕਟਰ ਸਕੂਲ ਸਿੱਖਿਆ (ਸੈਕੰਡਰੀ) ਸਕੱਤਰ ਸਿੰਘ ਬੱਲ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।








