ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਪਿੰਡ-ਪਿੰਡ ਲੋਕਾਂ ਨਾਲ ਸਿੱਧਾ ਸੰਪਰਕ ਕਰਕੇ ਹੋਰ ਮਜ਼ਬੂਤ ਕੀਤਾ ਜਾਵੇਗਾ – ਸਿਹਤ ਮੰਤਰੀ
ਨਸ਼ਿਆਂ ਵਿਰੁੱਧ ਜੰਗ ਨੂੰ ਲੋਕਾਂ ਦਾ ਭਰਵਾਂ ਹੁੰਗਾਰਾ: ਡਾ. ਬਲਬੀਰ ਸਿੰਘ
ਪਟਿਆਲਾ, 17 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਸਰਕਾਰੀ ਬਿਕਰਮ ਕਾਲਜ, ਪਟਿਆਲਾ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਸਬੰਧੀ ਕਰਵਾਏ ਸਮਾਗਮ ਦੌਰਾਨ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਵਿੱਢੀ ਮੁਹਿੰਮ ਨੂੰ ਲੋਕਾਂ ਵੱਲੋਂ ਭਰਵਾਂ ਹੁੰਗਾਰਾ ਮਿਲ ਰਿਹਾ ਹੈ। ਉਨ੍ਹਾਂ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਇਸ ਮੁਹਿੰਮ ਨੂੰ ਹੋਰ ਮਜ਼ਬੂਤ ਕਰਦਿਆਂ ਹੁਣ ਪਿੰਡ-ਪਿੰਡ ਲੋਕਾਂ ਨਾਲ ਸਿੱਧਾ ਸੰਪਰਕ ਕੀਤਾ ਜਾਵੇਗਾ।

ਸਿਹਤ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰੀ ਨੂੰ ਰੋਕਣ ਲਈ ਆਧੁਨਿਕ ਤਕਨੀਕ ਦੀ ਵਰਤੋਂ ਵੀ ਕੀਤੀ ਜਾ ਰਹੀ ਹੈ। ਸਰਹੱਦੀ ਅਤੇ ਸੰਵੇਦਨਸ਼ੀਲ ਖੇਤਰਾਂ ਵਿੱਚ ਡ੍ਰੋਨ ਰਾਹੀਂ ਨਿਗਰਾਨੀ ਰੱਖ ਕੇ ਨਸ਼ਾ ਤਸਕਰੀ ਦੀਆਂ ਗਤੀਵਿਧੀਆਂ ’ਤੇ ‘ਬਾਜ਼ ਅੱਖ’ ਰੱਖੀ ਜਾ ਰਹੀ ਹੈ।
ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਵਿਅਕਤੀਆਂ ਨੂੰ ਕਾਨੂੰਨ ਦੀ ਗ੍ਰਿਫ਼ਤ ਵਿੱਚ ਲਿਆਂਦਾ ਜਾਵੇਗਾ, ਜਦਕਿ ਨਸ਼ੇ ਦੀ ਜਕੜ ਵਿੱਚ ਫਸੇ ਨੌਜਵਾਨਾਂ ਨੂੰ ਇਸ ਤੋਂ ਬਾਹਰ ਕੱਢਣ ਲਈ ਵਿਸ਼ੇਸ਼ ਅਤੇ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦਾ ਸੰਕਲਪ ਪੰਜਾਬ ਵਿੱਚੋਂ ਨਸ਼ਿਆਂ ਦੀਆਂ ਜੜ੍ਹਾਂ ਨੂੰ ਖ਼ਤਮ ਕਰਨਾ ਹੈ। ਉਨ੍ਹਾਂ ਦੱਸਿਆ ਕਿ ਨਸ਼ਾ ਛੱਡਣ ਦੇ ਇੱਛੁਕ ਵਿਅਕਤੀਆਂ ਲਈ ਡੀ-ਐਡਿਕਸ਼ਨ ਸੈਂਟਰਾਂ ਰਾਹੀਂ ਇਲਾਜ ਅਤੇ ਪੁਨਰਵਾਸ ਦੀਆਂ ਸਹੂਲਤਾਂ ਉਪਲਬਧ ਕਰਵਾਈਆਂ ਜਾ ਰਹੀਆਂ ਹਨ। ਇਸ ਦੇ ਨਾਲ ਹੀ ਜੇਲ੍ਹਾਂ ਵਿੱਚ ਬੰਦ ਨਸ਼ਾ-ਨਿਰਭਰ ਵਿਅਕਤੀਆਂ ਲਈ ਵੀ ਲੋੜੀਂਦੇ ਪ੍ਰਬੰਧ ਕੀਤੇ ਗਏ ਹਨ, ਤਾਂ ਜੋ ਉਨ੍ਹਾਂ ਨੂੰ ਇਲਾਜ ਅਤੇ ਸਹਾਇਤਾ ਮਿਲ ਸਕੇ।
ਉਨ੍ਹਾਂ ਕਿਹਾ ਕਿ ਪਟਿਆਲਾ ਦਿਹਾਤੀ ਨਾਲ ਸਬੰਧਤ ਮੀਟਿੰਗਾਂ ਅਤੇ ਜ਼ਮੀਨੀ ਪੱਧਰ ’ਤੇ ਕੀਤੇ ਜਾ ਰਹੇ ਯਤਨਾਂ ਦੇ ਨਤੀਜੇ ਹੁਣ ਸਾਹਮਣੇ ਆ ਰਹੇ ਹਨ। ਸਰਕਾਰ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਅੰਤਿਮ ਪੜਾਅ ਤੱਕ ਲਿਜਾਣ ਲਈ ਪ੍ਰਸ਼ਾਸਨ, ਪੁਲਿਸ, ਸਿਹਤ ਵਿਭਾਗ, ਵਿਲੇਜ ਡਿਫੈਂਸ ਕਮੇਟੀਆਂ ਅਤੇ ਆਮ ਲੋਕਾਂ ਨੂੰ ਇਕਜੁੱਟ ਹੋ ਕੇ ਕੰਮ ਕਰਨ ਦਾ ਸੱਦਾ ਦਿੱਤਾ ਗਿਆ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਨਸ਼ਿਆਂ ਵਿਰੁੱਧ ਲੜਾਈ ਸਿਰਫ਼ ਸਰਕਾਰ ਦੀ ਨਹੀਂ, ਸਗੋਂ ਸਮੁੱਚੇ ਸਮਾਜ ਦੀ ਸਾਂਝੀ ਜ਼ਿੰਮੇਵਾਰੀ ਹੈ। ਲੋਕਾਂ ਦੇ ਸਹਿਯੋਗ ਨਾਲ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਟੀਚੇ ਵੱਲ ਤੇਜ਼ੀ ਨਾਲ ਅੱਗੇ ਵਧਿਆ ਜਾ ਰਿਹਾ ਹੈ। ਇਸ ਮੌਕੇ ਓਹਨਾ ਦੇ ਨਾਲ ਆਮ ਆਦਮੀ ਪਾਰਟੀ ਦੇ ਸਟੇਜ ਸਕੱਤਰ ਜਗਤਾਰ ਸਿੰਘ ਜੱਗਾ, ਐਸ ਡੀ ਐਮ ਗੁਰਦੇਵ ਸਿੰਘ ਧਮ, ਡੀ ਐਸ ਪੀ, ਸਿਹਤ ਵਿਭਾਗ ਦੇ ਅਧਿਕਾਰੀ, ਕਾਲਜ ਦੇ ਵਿਦਿਆਰਥੀ ਅਤੇ ਵਿਲੇਜ ਡਿਫੈਂਸ ਕਮੇਟੀ ਦੇ ਮੈਂਬਰ ਮੌਜੂਦ ਸਨ।







