Home ਪਟਿਆਲਾ ਅਪਡੇਟ ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 80 ਕੋਰੋਨਾ ਵਾਰੀਅਰਜ਼ ਨੂੰ ਨਰਸਿੰਗ ਸਟਾਫ਼...

ਸਿਹਤ ਮੰਤਰੀ ਡਾ. ਬਲਬੀਰ ਸਿੰਘ ਨੇ 80 ਕੋਰੋਨਾ ਵਾਰੀਅਰਜ਼ ਨੂੰ ਨਰਸਿੰਗ ਸਟਾਫ਼ ਵਜੋਂ ਭਰਤੀ ਕਰਨ ਲਈ ਨਿਯੁਕਤੀ ਪੱਤਰ ਸੌਂਪੇ

Health Minister Dr. Balbir Singh distributes appointment letters to 80 Corona Warriors recruited as nursing staff in Punjab.

0
ਕੋਵਿਡ ਦੌਰਾਨ ਲੋਕਾਂ ਦੀਆਂ ਜਾਨਾਂ ਬਚਾਉਣ ਵਿੱਚ ਕੋਰੋਨਾ ਵਾਰੀਅਰਜ਼ ਤੇ ਵਲੰਟੀਅਰਾਂ ਦਾ ਯੋਗਦਾਨ ਭੁਲਾਇਆ ਨਹੀਂ ਜਾ ਸਕਦਾ: ਡਾ. ਬਲਬੀਰ ਸਿੰਘ
ਪਟਿਆਲਾ, 8 ਅਕਤੂਬਰ, 2026 (ਜਗਜੀਤ ਸਿੰਘ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਕਿਹਾ ਕਿ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਰਜਿੰਦਰਾ ਹਸਪਤਾਲ ਵਿਖੇ ਬਣਾਇਆ ਜਾ ਰਿਹਾ ਕ੍ਰਿਟੀਕਲ ਕੇਅਰ ਬਲਾਕ ਨਵੰਬਰ ਮਹੀਨੇ ਵਿੱਚ ਮਰੀਜ਼ਾਂ ਲਈ ਚਾਲੂ ਕਰ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸੂਬੇ ਦੇ ਬਾਕੀ 22 ਜ਼ਿਲ੍ਹਿਆਂ ਵਿੱਚ ਵੀ ਕ੍ਰਿਟੀਕਲ ਕੇਅਰ ਬਲਾਕ ਸਥਾਪਤ ਕੀਤੇ ਜਾ ਰਹੇ ਹਨ, ਤਾਂ ਜੋ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ।
ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਮੈਡੀਕਲ ਕਾਲਜ ਪਟਿਆਲਾ ਵਿਖੇ ਕੋਵਿਡ-19 ਮਹਾਂਮਾਰੀ ਦੌਰਾਨ ਅੰਮ੍ਰਿਤਸਰ, ਫਰੀਦਕੋਟ ਅਤੇ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜਾਂ ਵਿੱਚ ਸੇਵਾਵਾਂ ਨਿਭਾਉਣ ਵਾਲੇ 80 ਕੋਰੋਨਾ ਵਾਰੀਅਰਜ਼ ਨੂੰ ਨਰਸਿੰਗ ਸਟਾਫ਼ ਵਜੋਂ ਭਰਤੀ ਕਰਨ ਲਈ ਨਿਯੁਕਤੀ ਪੱਤਰ ਸੌਂਪੇ। ਉਨ੍ਹਾਂ ਦੱਸਿਆ ਕਿ ਇਨ੍ਹਾਂ ਵਿੱਚੋਂ 60 ਨਰਸਿੰਗ ਕਰਮਚਾਰੀ ਰਜਿੰਦਰਾ ਹਸਪਤਾਲ ਦੇ ਕ੍ਰਿਟੀਕਲ ਕੇਅਰ ਬਲਾਕ ਵਿੱਚ ਅਤੇ 20 ਡਾ. ਬੀ.ਆਰ. ਅੰਬੇਡਕਰ ਸਟੇਟ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਜ਼ (ਏਮਜ਼ ਮੋਹਾਲੀ) ਵਿਖੇ ਸੇਵਾਵਾਂ ਨਿਭਾਉਣਗੇ। ਉਨ੍ਹਾਂ ਕਿਹਾ ਕਿ ਇਨ੍ਹਾਂ ਨੂੰ ਵਿਸ਼ੇਸ਼ ਸਿਖਲਾਈ ਦਿੱਤੀ ਜਾਵੇਗੀ ਅਤੇ ਸੂਬੇ ਵਿੱਚ ਸਥਾਪਤ ਕੀਤੇ ਜਾਣ ਵਾਲੇ ਕ੍ਰਿਟੀਕਲ ਕੇਅਰ ਬਲਾਕਾਂ ਵਿੱਚ ਕੋਰੋਨਾ ਵਾਰੀਅਰਜ਼ ਤੇ ਕੋਵਿਡ ਵਲੰਟੀਅਰਾਂ ਦੀਆਂ ਸੇਵਾਵਾਂ ਲਈਆਂ ਜਾਣਗੀਆਂ।
ਸਿਹਤ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਹੁਣ ਤੱਕ ਸੂਬੇ ਵਿੱਚ ਲਗਭਗ 70 ਹਜ਼ਾਰ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ, ਜਿਨ੍ਹਾਂ ਵਿੱਚੋਂ ਕਰੀਬ 10 ਹਜ਼ਾਰ ਭਰਤੀਆਂ ਸਿਹਤ ਵਿਭਾਗ ਵਿੱਚ ਕੀਤੀਆਂ ਗਈਆਂ ਹਨ। ਉਨ੍ਹਾਂ ਕਿਹਾ ਕਿ ਕੋਵਿਡ ਮਹਾਂਮਾਰੀ ਦੌਰਾਨ ਆਪਣੀ ਜਾਨ ਦੀ ਪਰਵਾਹ ਕੀਤੇ ਬਿਨਾਂ ਲੋਕਾਂ ਦੀ ਸੇਵਾ ਕਰਨ ਵਾਲੇ ਕੋਰੋਨਾ ਵਾਰੀਅਰਜ਼ ਨੂੰ ਨਰਸਿੰਗ ਸਟਾਫ਼ ਵਜੋਂ ਭਰਤੀ ਕਰਨਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਇੱਛਾ ਸੀ। ਇਨ੍ਹਾਂ ਨੇ ਮਹਾਂਮਾਰੀ ਦੇ ਔਖੇ ਦੌਰ ਦੌਰਾਨ ਮਰੀਜ਼ਾਂ ਦੀ ਦੇਖਭਾਲ ਅਤੇ ਲੋਕਾਂ ਦੀਆਂ ਜਾਨਾਂ ਬਚਾਉਣ ਲਈ ਅਹਿਮ ਭੂਮਿਕਾ ਨਿਭਾਈ ਸੀ। ਡਾ. ਬਲਬੀਰ ਸਿੰਘ ਨੇ ਕਿਹਾ ਕਿ ਪੰਜਾਬ ਸਰਕਾਰ ਇਨ੍ਹਾਂ ਕੋਰੋਨਾ ਵਾਰੀਅਰਜ਼ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਲਈ ਆਪਣੀ ਵਚਨਬੱਧਤਾ ਨਿਭਾ ਰਹੀ ਹੈ, ਕਿਉਂਕਿ ਉਨ੍ਹਾਂ ਦੀ ਮਿਹਨਤ ਅਤੇ ਸਮਰਪਣ ਨੂੰ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਕੋਵਿਡ ਵਲੰਟੀਅਰਾਂ ਨੂੰ ਵੀ ਸਰਕਾਰ ਨਾਲ ਗੱਲਬਾਤ ਰਾਹੀਂ ਮਸਲੇ ਦਾ ਹੱਲ ਕੱਢਣ ਦੀ ਅਪੀਲ ਕਰਦਿਆਂ ਕਿਹਾ ਕਿ ਉਨ੍ਹਾਂ ਨੂੰ ਰੋਜ਼ਗਾਰ ਦੇ ਮੌਕੇ ਮੁਹੱਈਆ ਕਰਵਾਉਣ ਲਈ ਵੀ ਯਤਨ ਕੀਤੇ ਜਾਣਗੇ।
ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਸਿਹਤ, ਸਿੱਖਿਆ ਅਤੇ ਰੋਜ਼ਗਾਰ ਨੂੰ ਤਰਜੀਹ ਦੇ ਰਹੀ ਹੈ। ਸਰਕਾਰੀ ਹਸਪਤਾਲਾਂ ਦੀ ਕਾਇਆ-ਕਲਪ ਕਰਨ ਦੇ ਨਾਲ-ਨਾਲ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਰਾਹੀਂ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜੋ ਪੰਜਾਬ ਵਾਸੀਆਂ ਲਈ ਲਾਹੇਵੰਦ ਸਾਬਤ ਹੋ ਰਹੀਆਂ ਹਨ। ਇਸ ਮੌਕੇ ਡਾ. ਬਲਬੀਰ ਸਿੰਘ ਨੇ ਮਹਿਲਾ ਅਤੇ ਪੁਰਸ਼ ਨਰਸਿੰਗ ਕਰਮਚਾਰੀਆਂ ਨੂੰ ਨਿਯੁਕਤੀ ਪੱਤਰ ਸੌਂਪਦਿਆਂ ਵਧਾਈ ਦਿੱਤੀ ਅਤੇ ਆਪਣੀ ਡਿਊਟੀ ਪੂਰੀ ਇਮਾਨਦਾਰੀ, ਤਨਦੇਹੀ ਤੇ ਸਮਰਪਣ ਨਾਲ ਨਿਭਾਉਣ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਅੱਗੇ ਵਧਣ ਅਤੇ ਆਪਣੀ ਯੋਗਤਾ ਸਾਬਤ ਕਰਨ ਦਾ ਮੌਕਾ ਦਿੱਤਾ ਹੈ। ਇਸ ਮੌਕੇ ਨਵ-ਨਿਯੁਕਤ ਨਰਸਿੰਗ ਸਟਾਫ਼ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਸਿਹਤ ਮੰਤਰੀ ਡਾ. ਬਲਬੀਰ ਸਿੰਘ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਲੰਮਾ ਸਮਾਂ ਕਾਫ਼ੀ ਸੰਘਰਸ਼ ਕੀਤਾ ਪ੍ਰੰਤੂ ਭਗਵੰਤ ਮਾਨ ਸਰਕਾਰ ਨੇ ਹੀ ਉਨ੍ਹਾਂ ਦੀ ਬਾਂਹ ਫੜੀ ਹੈ ਅਤੇ ਉਨ੍ਹਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ ਹਨ।  ਇਸ ਮੌਕੇ ਡਾਇਰੈਕਟਰ, ਮੈਡੀਕਲ ਸਿੱਖਿਆ ਤੇ ਖੋਜ, ਡਾ. ਅਵਨੀਸ਼ ਕੁਮਾਰ, ਡਾ. ਭਗਵੰਤ ਸਿੰਘ, ਸਰਕਾਰੀ ਮੈਡੀਕਲ ਕਾਲਜ ਪਟਿਆਲਾ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਆਰ.ਪੀ.ਐਸ. ਸਿਬੀਆ, ਏਮਜ਼ ਮੁਹਾਲੀ ਦੇ ਡਾਇਰੈਕਟਰ-ਪ੍ਰਿੰਸੀਪਲ ਡਾ. ਨਵਦੀਪ ਸੈਣੀ, ਮੈਡੀਕਲ ਸੁਪਰਡੈਂਟ ਡਾ. ਵਿਸ਼ਾਲ ਚੋਪੜਾ, ਡਾ. ਕਿਰਨ, ਡਾ. ਰਾਜਾ ਪਰਮਜੀਤ ਸਿੰਘ, ਡਾ. ਦਿਦਾਰ ਸਿੰਘ ਵਾਲੀਆ, ਡਾ. ਵਿਨੋਦ ਡੰਗਵਾਲ ਅਤੇ ਹੋਰ ਫੈਕਲਟੀ ਮੈਂਬਰ ਮੌਜੂਦ ਸਨ।

Exit mobile version