ਪਟਿਆਲਾ, 21 ਅਗਸਤ, 2026 (ਦੀਪਕ ਦੱਤਾ) : ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸੀ.ਐਚ.ਸੀ. ਤ੍ਰਿਪੜੀ ਵਿਖੇ ਬਹੁ-ਵਿਸ਼ੇਸ਼ਤਾ ਵਾਲੇ ਮੈਗਾ ਮੁਫ਼ਤ ਮੈਡੀਕਲ ਕੈਂਪ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਮੁੱਖ ਮੰਤਵ ਹਰ ਨਾਗਰਿਕ ਤੱਕ ਮਿਆਰੀ ਅਤੇ ਸਮੇਂ ਸਿਰ ਸਿਹਤ ਸੇਵਾਵਾਂ ਪਹੁੰਚਾਉਣਾ ਹੈ, ਖਾਸ ਕਰਕੇ ਉਨ੍ਹਾਂ ਲੋਕਾਂ ਤੱਕ ਜੋ ਮਾਹਿਰ ਡਾਕਟਰਾਂ ਦੀਆਂ ਸੇਵਾਵਾਂ ਆਸਾਨੀ ਨਾਲ ਹਾਸਲ ਨਹੀਂ ਕਰ ਸਕਦੇ। ਸਿਹਤ ਮੰਤਰੀ ਨੇ ਕਿਹਾ ਕਿ ਮੈਡੀਕਲ ਕਾਲਜ ਤੋਂ ਵੱਖ-ਵੱਖ ਵਿਭਾਗਾਂ ਦੇ ਮਾਹਿਰ ਡਾਕਟਰਾਂ ਦੀ ਟੀਮ ਕੈਂਪ ਵਿੱਚ ਪਹੁੰਚੀ ਹੈ, ਜਿੱਥੇ ਲੋਕਾਂ ਨੂੰ ਇੱਕੋ ਛੱਤ ਹੇਠ ਮਾਹਿਰ ਡਾਕਟਰੀ ਸਲਾਹ, ਜਾਂਚ ਅਤੇ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਦੀਆਂ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਉਨ੍ਹਾਂ ਕਿਹਾ ਕਿ ਇਸ ਕੈਂਪ ਦਾ ਉਦੇਸ਼ ਸਿਰਫ਼ ਬਿਮਾਰੀ ਹੋਣ ਤੋਂ ਬਾਅਦ ਇਲਾਜ ਕਰਨਾ ਨਹੀਂ, ਸਗੋਂ ਬਿਮਾਰੀਆਂ ਦੀ ਰੋਕਥਾਮ, ਸਮੇਂ ਸਿਰ ਜਾਂਚ ਅਤੇ ਸ਼ੁਰੂਆਤੀ ਪੜਾਅ ‘ਤੇ ਇਲਾਜ ਨੂੰ ਉਤਸ਼ਾਹਿਤ ਕਰਨਾ ਵੀ ਹੈ। ਉਨ੍ਹਾਂ ਕਿਹਾ ਕਿ ਸ਼ੂਗਰ, ਬਲੱਡ ਪ੍ਰੈਸ਼ਰ, ਦਿਲ ਦੀਆਂ ਬਿਮਾਰੀਆਂ, ਕੈਂਸਰ ਅਤੇ ਹੋਰ ਗੰਭੀਰ ਬਿਮਾਰੀਆਂ ਦੀ ਸਮੇਂ ਸਿਰ ਪਛਾਣ ਨਾਲ ਕਈ ਕੀਮਤੀ ਜ਼ਿੰਦਗੀਆਂ ਬਚਾਈਆਂ ਜਾ ਸਕਦੀਆਂ ਹਨ। ਇਸ ਮੌਕੇ ਸਿਹਤ ਮੰਤਰੀ ਨੇ ਸੀ.ਐਚ.ਸੀ. ਤ੍ਰਿਪੜੀ ਵਿਖੇ ਨਵੇਂ ਅਲਟ੍ਰਾਸਾਊਂਡ ਮਸ਼ੀਨ ਦਾ ਵੀ ਉਦਘਾਟਨ ਕੀਤਾ। ਉਨ੍ਹਾਂ ਕਿਹਾ ਕਿ ਸਿਹਤ ਸੰਸਥਾਵਾਂ ਵਿੱਚ ਆਧੁਨਿਕ ਸਹੂਲਤਾਂ ਉਪਲਬਧ ਕਰਵਾਉਣ ਨਾਲ ਲੋਕਾਂ ਨੂੰ ਆਪਣੇ ਨੇੜੇ ਹੀ ਬਿਹਤਰ ਸਿਹਤ ਸੇਵਾਵਾਂ ਮਿਲਣਗੀਆਂ।

ਉਨ੍ਹਾਂ ਕੈਂਪ ਵਿੱਚ ਪਹੁੰਚੇ ਲੋਕਾਂ ਨੂੰ ਅਪੀਲ ਕੀਤੀ ਕਿ ਸਿਹਤ ਨਾਲ ਸਬੰਧਤ ਕਿਸੇ ਵੀ ਲੱਛਣ ਨੂੰ ਨਜ਼ਰਅੰਦਾਜ਼ ਨਾ ਕੀਤਾ ਜਾਵੇ ਅਤੇ ਸਮੇਂ ਸਿਰ ਡਾਕਟਰੀ ਸਲਾਹ ਲਈ ਜਾਵੇ। ਉਨ੍ਹਾਂ ਕਿਹਾ ਕਿ ਸਿਹਤਮੰਦ ਜੀਵਨ-ਸ਼ੈਲੀ, ਸੰਤੁਲਿਤ ਖੁਰਾਕ, ਨਿਯਮਿਤ ਕਸਰਤ ਅਤੇ ਸਮੇਂ ਸਿਰ ਸਿਹਤ ਜਾਂਚ ਨੂੰ ਜੀਵਨ ਦਾ ਹਿੱਸਾ ਬਣਾਉਣਾ ਚਾਹੀਦਾ ਹੈ। ਇਸ ਮੌਕੇ ਸਿਵਲ ਸਰਜਨ ਡਾ. ਸ਼ੈਲੀ ਜੇਟਲੀ, ਐਸ.ਐਮ.ਓ. ਡਾ. ਪਰਨੀਤ ਕੌਰ, ਡਾ. ਬਲਕਾਰ ਸਿੰਘ ਤੋਂ ਇਲਾਵਾ ਸਿਹਤ ਵਿਭਾਗ ਦੇ ਸੀਨੀਅਰ ਅਧਿਕਾਰੀ, ਮੈਡੀਕਲ ਕਾਲਜ ਤੋਂ ਪਹੁੰਚੇ ਮਾਹਿਰ ਡਾਕਟਰ, ਸਮੂਹ ਮੈਡੀਕਲ ਅਤੇ ਪੈਰਾਮੈਡੀਕਲ ਸਟਾਫ਼ ਅਤੇ ਹੋਰ ਪਤਵੰਤੇ ਮੌਜੂਦ ਸਨ।






