ਵਿਕਾਸ ਕਾਰਜਾਂ ਲਈ 2 ਕਰੋੜ ਤੋਂ ਵੱਧ ਰੁਪਏ ਖਰਚਣ ਦਾ ਦਾਅਵਾ, ਲੋਕਾਂ ਨੂੰ ਜਲਦੀ ਹੱਲ ਦਾ ਦਿੱਤਾ ਭਰੋਸਾ
ਪਟਿਆਲਾ, 13 ਜੁਲਾਈ 2026 (ਛਤਰਪਾਲ ਸਿੰਘ): ਪੰਜਾਬ ਦੇ ਸਿਹਤ ਮੰਤਰੀ ਅਤੇ ਪਟਿਆਲਾ ਦਿਹਾਤੀ ਦੇ ਵਿਧਾਇਕ ਡਾ. ਬਲਬੀਰ ਸਿੰਘ ਵੱਲੋਂ ਸ਼ੁਰੂ ਕੀਤੇ ਗਏ ‘ਲੋਕ ਮਿਲਣੀ’ ਪ੍ਰੋਗਰਾਮ ਤਹਿਤ ਵਾਰਡ ਨੰਬਰ 6 ਵਿੱਚ ਆਨੰਦ ਨਗਰ ਕਮਿਊਨਿਟੀ ਸੈਂਟਰ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਕੀਤਾ ਗਿਆ। ਇਹ ਪ੍ਰੋਗਰਾਮ ਕੌਂਸਲਰ ਜਸਬੀਰ ਸਿੰਘ ਗਾਂਧੀ ਅਤੇ ਉਨ੍ਹਾਂ ਦੀ ਟੀਮ ਵੱਲੋਂ ਕਰਵਾਇਆ ਗਿਆ, ਜਿਸ ਵਿੱਚ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀਆਂ ਨੇ ਸ਼ਮੂਲੀਅਤ ਕੀਤੀ।

ਸਮਾਗਮ ਦੌਰਾਨ ਡਾ. ਬਲਬੀਰ ਸਿੰਘ ਦਾ ਕੌਂਸਲਰ ਜਸਬੀਰ ਸਿੰਘ ਗਾਂਧੀ, ਪਾਰਟੀ ਆਗੂਆਂ ਅਤੇ ਵਰਕਰਾਂ ਵੱਲੋਂ ਗੁਲਦਸਤਾ ਭੇਟ ਕਰਕੇ ਅਤੇ ਹਾਰ ਪਹਿਨਾ ਕੇ ਸਵਾਗਤ ਕੀਤਾ ਗਿਆ।
ਆਪਣੇ ਸੰਬੋਧਨ ਵਿੱਚ ਸਿਹਤ ਮੰਤਰੀ ਨੇ ਕਿਹਾ ਕਿ ਵਾਰਡ ਨੰਬਰ 6 ਵਿੱਚ ਸੜਕਾਂ, ਨਾਲੀਆਂ, ਸੀਵਰੇਜ, ਪਾਰਕਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ 2 ਕਰੋੜ ਰੁਪਏ ਤੋਂ ਵੱਧ ਦੀ ਰਕਮ ਖਰਚ ਕੀਤੀ ਜਾ ਚੁੱਕੀ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਵਿਕਾਸ ਨੂੰ ਪਹਿਲ ਦੇ ਰਹੀ ਹੈ ਅਤੇ ਸਿਹਤ, ਸਿੱਖਿਆ ਤੇ ਬੁਨਿਆਦੀ ਢਾਂਚੇ ਦੇ ਖੇਤਰ ਵਿੱਚ ਲਗਾਤਾਰ ਕੰਮ ਕੀਤੇ ਜਾ ਰਹੇ ਹਨ।
ਡਾ. ਬਲਬੀਰ ਸਿੰਘ ਨੇ ਮੌਕੇ ‘ਤੇ ਹੀ ਲੋਕਾਂ ਦੀਆਂ ਸ਼ਿਕਾਇਤਾਂ ਅਤੇ ਮੰਗਾਂ ਸੁਣੀਆਂ ਅਤੇ ਸਬੰਧਤ ਮਸਲਿਆਂ ਦੇ ਜਲਦੀ ਨਿਪਟਾਰੇ ਦਾ ਭਰੋਸਾ ਦਿੱਤਾ। ਇਸ ਦੌਰਾਨ ਕੌਂਸਲਰ ਜਸਬੀਰ ਸਿੰਘ ਗਾਂਧੀ ਵੱਲੋਂ ਸੰਗਤ ਲਈ ਠੰਢੇ ਮਿੱਠੇ ਪਾਣੀ ਦੀ ਛਬੀਲ, ਬਰੈੱਡ ਪਕੌੜੇ ਅਤੇ ਚਾਹ ਦਾ ਲੰਗਰ ਵੀ ਲਗਾਇਆ ਗਿਆ।
ਪ੍ਰੋਗਰਾਮ ਵਿੱਚ ਪਾਰਟੀ ਦੇ ਅਹੁਦੇਦਾਰਾਂ, ਸਮਾਜਿਕ ਆਗੂਆਂ ਅਤੇ ਵਾਰਡ ਦੇ ਵੱਡੀ ਗਿਣਤੀ ਵਿੱਚ ਵਸਨੀਕਾਂ ਨੇ ਸ਼ਮੂਲੀਅਤ ਕਰਦਿਆਂ ਵਿਕਾਸ ਕਾਰਜਾਂ ਸਬੰਧੀ ਆਪਣੇ ਸੁਝਾਅ ਵੀ ਸਾਂਝੇ ਕੀਤੇ।