ਚੰਡੀਗੜ੍ਹ, 23 ਸਤੰਬਰ, 2026 (ਚੌਧਰੀ ਪ੍ਰਭਜੀਤ ਸਿੰਘ): ਪੰਜਾਬ ਦੇ ਮੰਤਰੀ ਸੰਜੀਵ ਅਰੋੜਾ ਵੱਲੋਂ ਦਾਇਰ ਜ਼ਮਾਨਤ ਪਟੀਸ਼ਨ ’ਤੇ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਸੁਣਵਾਈ ਹੋਣੀ ਹੈ। ਅਰੋੜਾ ਇਸ ਸਮੇਂ ਐਨਫੋਰਸਮੈਂਟ ਡਾਇਰੈਕਟੋਰੇਟ (ED) ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਵਿੱਚ ਨਿਆਂਇਕ ਹਿਰਾਸਤ ਵਿੱਚ ਹਨ। ਅਰੋੜਾ ਨੂੰ ED ਨੇ 9 ਮਈ 2026 ਨੂੰ ਚੰਡੀਗੜ੍ਹ ਸਥਿਤ ਉਨ੍ਹਾਂ ਦੀ ਸਰਕਾਰੀ ਰਿਹਾਇਸ਼ ਤੋਂ ਗ੍ਰਿਫ਼ਤਾਰ ਕੀਤਾ ਸੀ। ਇਸ ਤੋਂ ਬਾਅਦ ਗੁਰੁਗ੍ਰਾਮ ਦੀ ਵਿਸ਼ੇਸ਼ PMLA ਅਦਾਲਤ ਨੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਸੀ। ਗੁਰੁਗ੍ਰਾਮ ਦੀ ਵਿਸ਼ੇਸ਼ ਅਦਾਲਤ ਨੇ 15 ਜੂਨ ਨੂੰ ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ ਖਾਰਜ ਕਰ ਦਿੱਤੀ ਸੀ। ਅਦਾਲਤ ਦੇ ਫ਼ੈਸਲੇ ਤੋਂ ਬਾਅਦ ਉਨ੍ਹਾਂ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਦਾ ਰੁਖ ਕੀਤਾ।
ਹਾਈਕੋਰਟ ਵਿੱਚ ਜ਼ਮਾਨਤ ਨਾਲ ਸਬੰਧਤ ਮਾਮਲਾ ਪਹਿਲਾਂ ਵੀ ਸੁਣਵਾਈ ਲਈ ਆ ਚੁੱਕਾ ਹੈ। ਸੁਪਰੀਮ ਕੋਰਟ ਦੇ 28 ਜੁਲਾਈ ਦੇ ਹੁਕਮ ਅਨੁਸਾਰ, ਅਰੋੜਾ ਦੀ ਨਿਯਮਤ ਜ਼ਮਾਨਤ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਲੰਬਿਤ ਸੀ ਅਤੇ ਹਾਈਕੋਰਟ ਨੂੰ ਮਾਮਲਾ ਕਾਨੂੰਨ ਅਨੁਸਾਰ ਗੁਣ-ਦੋਸ਼ ਦੇ ਆਧਾਰ ’ਤੇ ਤੈਅ ਕਰਨ ਲਈ ਕਿਹਾ ਗਿਆ ਸੀ। ਇਸ ਮਾਮਲੇ ਵਿੱਚ ED ਵੱਲੋਂ ਕਥਿਤ GST ਧੋਖਾਧੜੀ ਅਤੇ ਮਨੀ ਲਾਂਡਰਿੰਗ ਨਾਲ ਸਬੰਧਤ ਦੋਸ਼ ਲਗਾਏ ਗਏ ਹਨ। ਦੂਜੇ ਪਾਸੇ, ਅਰੋੜਾ ਵੱਲੋਂ ਆਪਣੀ ਗ੍ਰਿਫ਼ਤਾਰੀ ਅਤੇ ਜਾਂਚ ਦੀ ਕਾਰਵਾਈ ਨੂੰ ਅਦਾਲਤ ਵਿੱਚ ਚੁਣੌਤੀ ਦਿੱਤੀ ਗਈ ਹੈ। ਹੁਣ ਅੱਜ ਦੀ ਸੁਣਵਾਈ ਦੌਰਾਨ ਹਾਈਕੋਰਟ ਵੱਲੋਂ ਜ਼ਮਾਨਤ ਪਟੀਸ਼ਨ ’ਤੇ ਕੀ ਕਾਰਵਾਈ ਕੀਤੀ ਜਾਂਦੀ ਹੈ, ਇਸ ’ਤੇ ਸਭ ਦੀ ਨਜ਼ਰ ਰਹੇਗੀ।
