23 ਜੁਲਾਈ, 2026 (ਦੀਪਕ ਦੱਤਾ): ਮਾਨਸੂਨ ਸੈਸ਼ਨ ਦੌਰਾਨ ਕਾਂਗਰਸ ਸੰਸਦ ਮੈਂਬਰ ਹਿਬੀ ਈਡਨ ਨੇ ਲੋਕ ਸਭਾ ਵਿੱਚ ਵਿਸ਼ੇਸ਼ ਅਧਿਕਾਰ ਮਤਾ ਲਿਆਉਣ ਲਈ ਨੋਟਿਸ ਦਿੱਤਾ ਹੈ। ਉਨ੍ਹਾਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਰਿਹਾਇਸ਼ ਦੇ ਬਾਹਰ ਹੋਏ ਪ੍ਰਦਰਸ਼ਨ ਦੌਰਾਨ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਅਤੇ ਕਾਂਗਰਸ ਦੀਆਂ ਮਹਿਲਾ ਸੰਸਦ ਮੈਂਬਰਾਂ ਨਾਲ ਕਥਿਤ ਤੌਰ ’ਤੇ ਹੋਈ ਪੁਲਿਸ ਕਾਰਵਾਈ ਨੂੰ ਸੰਸਦੀ ਅਧਿਕਾਰਾਂ ਦੀ ਉਲੰਘਣਾ ਦੱਸਿਆ।
ਲੋਕ ਸਭਾ ਦੇ ਜਨਰਲ ਸਕੱਤਰ ਨੂੰ ਭੇਜੇ ਪੱਤਰ ਵਿੱਚ ਈਡਨ ਨੇ ਦੋਸ਼ ਲਗਾਇਆ ਕਿ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸੰਸਦ ਮੈਂਬਰਾਂ ਨਾਲ ਪੁਲਿਸ ਨੇ ਸਖ਼ਤੀ ਕੀਤੀ। ਉਨ੍ਹਾਂ ਕਿਹਾ ਕਿ ਰਾਹੁਲ ਗਾਂਧੀ ਨੂੰ ਜ਼ਬਰਦਸਤੀ ਹਟਾ ਕੇ ਛੱਤਰਸਾਲ ਸਟੇਡੀਅਮ ਲਿਜਾਇਆ ਗਿਆ, ਜੋ ਕਿ ਵਿਰੋਧੀ ਧਿਰ ਦੇ ਨੇਤਾ ਦੇ ਅਹੁਦੇ ਦੀ ਮਰਿਆਦਾ ਨਾਲ ਜੁੜਿਆ ਗੰਭੀਰ ਮਾਮਲਾ ਹੈ।
ਈਡਨ ਨੇ ਆਪਣੇ ਨੋਟਿਸ ਵਿੱਚ ਕਿਹਾ ਕਿ ਕਾਂਗਰਸੀ ਸੰਸਦ ਮੈਂਬਰ ਵਿਦਿਆਰਥੀਆਂ ਅਤੇ ਨੌਜਵਾਨਾਂ ਨਾਲ ਇਕਜੁੱਟਤਾ ਦਿਖਾਉਣ ਲਈ 21 ਜੁਲਾਈ ਨੂੰ ਪ੍ਰਦਰਸ਼ਨ ਕਰ ਰਹੇ ਸਨ। ਉਨ੍ਹਾਂ ਦੋਸ਼ ਲਗਾਇਆ ਕਿ ਕੇਂਦਰ ਸਰਕਾਰ ਨੇ ਇਸ ਮਾਮਲੇ ਵਿੱਚ ਲੋਕਾਂ ਦੀਆਂ ਮੰਗਾਂ ਵੱਲ ਧਿਆਨ ਨਹੀਂ ਦਿੱਤਾ ਅਤੇ ਕੋਈ ਪ੍ਰਭਾਵਸ਼ਾਲੀ ਕਦਮ ਨਹੀਂ ਚੁੱਕਿਆ।
ਕਾਂਗਰਸ ਨੇ ਇਸ ਘਟਨਾ ਨੂੰ ਲੋਕਤੰਤਰਿਕ ਅਧਿਕਾਰਾਂ ’ਤੇ ਹਮਲਾ ਕਰਾਰ ਦਿੱਤਾ ਹੈ, ਜਦਕਿ ਮਾਮਲੇ ਨੂੰ ਲੈ ਕੇ ਸੰਸਦ ਵਿੱਚ ਵੀ ਹੰਗਾਮੇ ਦੇ ਆਸਾਰ ਹਨ।








