ਜੀ.ਐਸ.ਟੀ. ਅਤੇ ਆਬਕਾਰੀ ਵਿਭਾਗ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ; ਗੈਰ-ਹਾਜ਼ਰ ਮੁਲਾਜ਼ਮਾਂ ਵਿਰੁੱਧ ਕਾਨੂੰਨ ਮੁਤਾਬਕ ਕਾਰਵਾਈ ਦੇ ਹੁਕਮ
ਸੰਗਰੂਰ, 25 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪੈਪਸੂ ਰੋਡ ਟ੍ਰਾਂਸਪੋਰਟ ਕਾਰਪੋਰੇਸ਼ਨ (ਪੀ.ਆਰ.ਟੀ.ਸੀ.) ਦੇ ਸੰਗਰੂਰ ਡਿਪੂ ਵਿਖੇ ਕਰਵਾਏ ਵਿਸ਼ੇਸ਼ ਸਮਾਗਮ ਦੌਰਾਨ ਆਊਟਸੋਰਸ ਮੁਲਾਜ਼ਮਾਂ ਨੂੰ ਕੰਟਰੈਕਟ ਅਧੀਨ ਲਿਆਉਣ ਦੀ ਇਤਿਹਾਸਕ ਪ੍ਰਕਿਰਿਆ ਦੀ ਰਸਮੀ ਸ਼ੁਰੂਆਤ ਕੀਤੀ। ਉਨ੍ਹਾਂ ਇਸ ਲੋਕ-ਪੱਖੀ ਫ਼ੈਸਲੇ ਲਈ ਸਮੂਹ ਮੁਲਾਜ਼ਮਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਮੁਲਾਜ਼ਮਾਂ ਨੂੰ ਸੁਰੱਖਿਅਤ ਭਵਿੱਖ, ਮਾਣ-ਸਨਮਾਨ ਅਤੇ ਬਿਹਤਰ ਸੇਵਾ ਸ਼ਰਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ੍ਹਤਾ ਨਾਲ ਕੰਮ ਕਰ ਰਹੀ ਹੈ। ਸਮਾਗਮ ਦੌਰਾਨ ਪੀ.ਆਰ.ਟੀ.ਸੀ. ਦੇ 1719 ਮੁਲਜ਼ਮਾਂ ਨੂੰ ਕੰਟਰੈਕਟ ਅਧੀਨ ਲਿਆਉਣ ਦੀ ਸ਼ੁਰੂਆਤ ਤਹਿਤ ਵੱਖ-ਵੱਖ ਡਿਪੂਆਂ ਦੇ 104 ਮੁਲਜ਼ਮਾਂ ਨੂੰ ਨਿਯੁਕਤੀ ਪੱਤਰ ਸੌਂਪੇ ਗਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਆਊਟਸੋਰਸ ਮੁਲਾਜ਼ਮਾਂ ਦੀ ਲੰਮੇ ਸਮੇਂ ਤੋਂ ਲਟਕਦੀ ਆ ਰਹੀ ਮੰਗ ਨੂੰ ਪੂਰਾ ਕਰਨ ਲਈ ਇੱਕ ਇਤਿਹਾਸਕ ਕਾਨੂੰਨ ਬਣਾਇਆ ਹੈ। ਇਸ ਕਾਨੂੰਨ ਅਧੀਨ ਨਿਰਧਾਰਤ 90 ਦਿਨਾਂ ਦੀ ਪ੍ਰਕਿਰਿਆ ਮੁਕੰਮਲ ਹੋਣ ਉਪਰੰਤ ਹੁਣ ਮੁਲਾਜ਼ਮਾਂ ਨੂੰ ਕੰਟਰੈਕਟ ਅਧੀਨ ਲਿਆਉਣ ਦੀ ਕਾਰਵਾਈ ਆਰੰਭ ਕਰ ਦਿੱਤੀ ਗਈ ਹੈ।
ਵਿੱਤ ਮੰਤਰੀ ਨੇ ਦੱਸਿਆ ਕਿ ਸਬੰਧਤ ਅਧਿਕਾਰੀਆਂ ਵੱਲੋਂ ਯੋਗ ਮੁਲਾਜ਼ਮਾਂ ਦੇ ਨਿਯੁਕਤੀ ਪੱਤਰ ਤਿਆਰ ਕੀਤੇ ਜਾ ਰਹੇ ਹਨ। ਹਰੇਕ ਮੁਲਾਜ਼ਮ ਦੇ ਸੇਵਾ ਰਿਕਾਰਡ ਦੀ ਪੜਤਾਲ, ਮੈਡੀਕਲ ਜਾਂਚ ਅਤੇ ਪੁਲਿਸ ਤਸਦੀਕ ਸਮੇਤ ਸਾਰੀਆਂ ਲੋੜੀਂਦੀਆਂ ਵਿਭਾਗੀ ਕਾਰਵਾਈਆਂ ਮੁਕੰਮਲ ਹੋਣ ਤੋਂ ਬਾਅਦ ਉਨ੍ਹਾਂ ਨੂੰ ਕੰਟਰੈਕਟ ਅਧੀਨ ਤਾਇਨਾਤ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਮੁੱਚੀ ਪ੍ਰਕਿਰਿਆ ਪਾਰਦਰਸ਼ੀ ਅਤੇ ਨਿਯਮਬੱਧ ਢੰਗ ਨਾਲ ਨੇਪਰੇ ਚਾੜ੍ਹੀ ਜਾਵੇਗੀ। ਸ੍ਰ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਇਨ੍ਹਾਂ ਮੁਲਾਜ਼ਮਾਂ ਦੀਆਂ ਜਾਇਜ਼ ਮੰਗਾਂ ਨੂੰ ਲਗਾਤਾਰ ਅਣਗੌਲਿਆ ਕੀਤਾ ਗਿਆ, ਜਿਸ ਕਾਰਨ ਉਨ੍ਹਾਂ ਨੂੰ ਆਪਣੇ ਹੱਕਾਂ ਲਈ ਵਾਰ-ਵਾਰ ਧਰਨੇ ਅਤੇ ਹੜਤਾਲਾਂ ਕਰਨੀਆਂ ਪੈਂਦੀਆਂ ਸਨ। ਇਸ ਦੇ ਉਲਟ, ਮੌਜੂਦਾ ਪੰਜਾਬ ਸਰਕਾਰ ਨੇ ਮੁਲਾਜ਼ਮਾਂ ਦੀਆਂ ਮੁਸ਼ਕਲਾਂ ਨੂੰ ਗੰਭੀਰਤਾ ਨਾਲ ਸਮਝਦਿਆਂ ਉਨ੍ਹਾਂ ਦੇ ਹਿੱਤਾਂ ਦੀ ਰਾਖੀ ਲਈ ਠੋਸ ਅਤੇ ਕਾਨੂੰਨੀ ਵਿਵਸਥਾ ਕੀਤੀ ਹੈ। ਉਨ੍ਹਾਂ ਮੁਲਾਜ਼ਮਾਂ ਨੂੰ ਆਪਣੀ ਡਿਊਟੀ ਪੂਰੀ ਤਨਦੇਹੀ, ਇਮਾਨਦਾਰੀ ਅਤੇ ਜ਼ਿੰਮੇਵਾਰੀ ਨਾਲ ਨਿਭਾਉਣ ਦਾ ਸੱਦਾ ਵੀ ਦਿੱਤਾ।
ਸਰਕਾਰੀ ਦਫ਼ਤਰਾਂ ਵਿੱਚ ਅਨੁਸ਼ਾਸਨ ਅਤੇ ਜਵਾਬਦੇਹੀ ਯਕੀਨੀ ਬਣਾਉਣ ਸਬੰਧੀ ਵਿੱਤ ਮੰਤਰੀ ਨੇ ਦੱਸਿਆ ਕਿ ਉਨ੍ਹਾਂ ਵੱਲੋਂ ਅੱਜ ਜੀ.ਐਸ.ਟੀ. ਅਤੇ ਆਬਕਾਰੀ ਵਿਭਾਗ, ਸੰਗਰੂਰ ਦੇ ਦਫ਼ਤਰਾਂ ਦੀ ਅਚਨਚੇਤ ਚੈਕਿੰਗ ਕੀਤੀ ਗਈ। ਇਸ ਦੌਰਾਨ ਕਈ ਮੁਲਾਜ਼ਮ ਡਿਊਟੀ ਤੋਂ ਗੈਰ-ਹਾਜ਼ਰ ਪਾਏ ਗਏ। ਉਨ੍ਹਾਂ ਦੱਸਿਆ ਕਿ ਦਫ਼ਤਰਾਂ ਦੇ ਹਾਜ਼ਰੀ ਰਜਿਸਟਰ ਕਬਜ਼ੇ ਵਿੱਚ ਲੈ ਕੇ ਗੈਰ-ਹਾਜ਼ਰ ਮੁਲਾਜ਼ਮਾਂ ਦੀ ਪਛਾਣ ਕੀਤੀ ਜਾ ਰਹੀ ਹੈ ਅਤੇ ਪੜਤਾਲ ਉਪਰੰਤ ਜ਼ਿੰਮੇਵਾਰ ਮੁਲਾਜ਼ਮਾਂ ਵਿਰੁੱਧ ਨਿਯਮਾਂ ਅਨੁਸਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਸਰਕਾਰੀ ਦਫ਼ਤਰਾਂ ਵਿੱਚ ਅਣਗਹਿਲੀ, ਲਾਪਰਵਾਹੀ ਅਤੇ ਬਿਨਾਂ ਪ੍ਰਵਾਨਗੀ ਗੈਰ-ਹਾਜ਼ਰੀ ਨੂੰ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਸਰਕਾਰੀ ਮੁਲਾਜ਼ਮਾਂ ਦੀ ਜ਼ਿੰਮੇਵਾਰੀ ਲੋਕਾਂ ਨੂੰ ਸਮੇਂ ਸਿਰ, ਪਾਰਦਰਸ਼ੀ ਅਤੇ ਸੁਚੱਜੀਆਂ ਸੇਵਾਵਾਂ ਮੁਹੱਈਆ ਕਰਵਾਉਣਾ ਹੈ ਅਤੇ ਇਸ ਫ਼ਰਜ਼ ਦੀ ਪੂਰਤੀ ਵਿੱਚ ਕੁਤਾਹੀ ਕਰਨ ਵਾਲਿਆਂ ਵਿਰੁੱਧ ਕਾਰਵਾਈ ਕੀਤੀ ਜਾਵੇਗੀ। ਇਸ ਮੌਕੇ ਪੀ.ਆਰ.ਟੀ.ਸੀ. ਦੇ ਐਮ.ਡੀ. ਜਸ਼ਨਪ੍ਰੀਤ ਕੌਰ ਗਿੱਲ, ਜੀ.ਐਮ. ਸੰਗਰੂਰ ਮਨਿੰਦਰਪਾਲ ਸਿੰਘ ਸਿੱਧੂ, ਵਿਤ ਮੰਤਰੀ ਦੇ ਓ. ਐੱਸ.ਡੀ. ਤਪਿੰਦਰ ਸਿੰਘ ਸੋਹੀ ਸਮੇਤ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ, ਵੱਖ-ਵੱਖ ਅਹੁਦੇਦਾਰ, ਪਤਵੰਤੇ ਅਤੇ ਵੱਡੀ ਗਿਣਤੀ ਮੁਲਾਜ਼ਮ ਹਾਜ਼ਰ ਸਨ।






