Home ਪਟਿਆਲਾ ਅਪਡੇਟ ਪਟਿਆਲਾ ‘ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪਤੀ ਵੱਲੋਂ ਪਤਨੀ ਦਾ ਕ.ਤ.ਲ

ਪਟਿਆਲਾ ‘ਚ ਦਿਲ ਦਹਿਲਾਉਣ ਵਾਲੀ ਵਾਰਦਾਤ, ਪਤੀ ਵੱਲੋਂ ਪਤਨੀ ਦਾ ਕ.ਤ.ਲ

0

ਪਟਿਆਲਾ, 29 ਜੁਲਾਈ, 2026 (ਦੀਪਕ ਦੱਤਾ) : ਪਟਿਆਲਾ ਜ਼ਿਲ੍ਹੇ ਦੇ ਪਿੰਡ ਸੈਂਸਰਵਾਲ ਤੋਂ ਇੱਕ ਦਿਲ ਦਹਿਲਾ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇੱਕ ਵਿਅਕਤੀ ‘ਤੇ ਦੋਸ਼ ਹੈ ਕਿ ਉਸ ਨੇ ਸ਼ਰਾਬ ਪੀਣ ਲਈ ਪੈਸੇ ਨਾ ਮਿਲਣ ‘ਤੇ ਆਪਣੀ ਪਤਨੀ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ।

ਮ੍ਰਿਤਕ ਮਹਿਲਾ ਦੀ ਪਛਾਣ ਹਰਮੀਤ ਕੌਰ ਵਜੋਂ ਹੋਈ ਹੈ। ਪੁਲਿਸ ਮੁਤਾਬਕ ਉਸ ਦਾ ਵਿਆਹ ਸਾਲ 2012 ਵਿੱਚ ਜਤਿੰਦਰ ਸਿੰਘ ਨਾਲ ਹੋਇਆ ਸੀ। ਮਾਮਲੇ ਦੀ ਜਾਣਕਾਰੀ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ।

ਮ੍ਰਿਤਕਾ ਦੇ ਭਰਾ ਹਰਮਿੰਦਰ ਸਿੰਘ ਵੱਲੋਂ ਪੁਲਿਸ ਨੂੰ ਦਿੱਤੀ ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਹੈ ਕਿ ਜਤਿੰਦਰ ਸਿੰਘ ਸ਼ਰਾਬ ਦਾ ਆਦੀ ਸੀ ਅਤੇ ਉਹ ਅਕਸਰ ਆਪਣੀ ਪਤਨੀ ਨਾਲ ਕੁੱਟਮਾਰ ਕਰਦਾ ਸੀ। ਪਰਿਵਾਰ ਵੱਲੋਂ ਕਈ ਵਾਰ ਮਾਮਲਾ ਸੁਲਝਾਉਣ ਦੀ ਕੋਸ਼ਿਸ਼ ਕੀਤੀ ਗਈ, ਪਰ ਹਾਲਾਤ ਨਹੀਂ ਬਦਲੇ।

ਸ਼ਿਕਾਇਤ ਅਨੁਸਾਰ 27 ਜੁਲਾਈ ਦੀ ਸ਼ਾਮ ਨੂੰ ਜਤਿੰਦਰ ਸਿੰਘ ਨੇ ਸ਼ਰਾਬ ਖਰੀਦਣ ਲਈ ਆਪਣੀ ਪਤਨੀ ਤੋਂ ਪੈਸਿਆਂ ਦੀ ਮੰਗ ਕੀਤੀ। ਪੈਸੇ ਦੇਣ ਤੋਂ ਇਨਕਾਰ ਕਰਨ ‘ਤੇ ਦੋਵਾਂ ਵਿਚਕਾਰ ਵਿਵਾਦ ਹੋ ਗਿਆ, ਜਿਸ ਦੌਰਾਨ ਜਤਿੰਦਰ ਨੇ ਕਥਿਤ ਤੌਰ ‘ਤੇ ਚਾਕੂ ਨਾਲ ਹਮਲਾ ਕਰ ਦਿੱਤਾ। ਗੰਭੀਰ ਜ਼ਖ਼ਮੀ ਹੋਣ ਕਾਰਨ ਹਰਮੀਤ ਕੌਰ ਦੀ ਮੌਤ ਹੋ ਗਈ।

ਪੁਲਿਸ ਨੇ ਸ਼ਿਕਾਇਤ ਦੇ ਆਧਾਰ ‘ਤੇ ਮੁਲਜ਼ਮ ਪਤੀ ਜਤਿੰਦਰ ਸਿੰਘ ਖ਼ਿਲਾਫ਼ ਭਾਰਤੀ ਨਿਆਂ ਸੰਹਿਤਾ (BNS) ਦੀ ਧਾਰਾ 103 ਤਹਿਤ ਕਤਲ ਦਾ ਮਾਮਲਾ ਦਰਜ ਕਰ ਲਿਆ ਹੈ।

ਪੁਲਿਸ ਅਧਿਕਾਰੀਆਂ ਮੁਤਾਬਕ ਵਾਰਦਾਤ ਤੋਂ ਬਾਅਦ ਮੁਲਜ਼ਮ ਫਰਾਰ ਹੈ। ਉਸ ਦੀ ਗ੍ਰਿਫ਼ਤਾਰੀ ਲਈ ਪੁਲਿਸ ਵੱਲੋਂ ਵੱਖ-ਵੱਖ ਥਾਵਾਂ ‘ਤੇ ਛਾਪੇਮਾਰੀ ਕੀਤੀ ਜਾ ਰਹੀ ਹੈ ਅਤੇ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

 

Exit mobile version