ਲਹਿਰਾਗਾਗਾ, 18 ਜੁਲਾਈ (ਜਤਿੰਦਰ ਗਰਗ): ਵਿਧਾਨ ਸਭਾ ਹਲਕਾ ਲਹਿਰਾਗਾਗਾ ਦੇ ਪਿੰਡ ਲਹਿਲ ਕਲਾਂ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਹੁਲਾਰਾ ਮਿਲਿਆ ਜਦੋਂ ਸੈਂਕੜੇ ਨੌਜਵਾਨਾਂ ਨੇ ਪਾਰਟੀ ਦੀ ਮੈਂਬਰਸ਼ਿਪ ਹਾਸਲ ਕੀਤੀ। ਇਸ ਮੌਕੇ ਪੰਜਾਬ ਦੇ ਕੈਬਨਿਟ ਮੰਤਰੀ ਅਤੇ ਹਲਕਾ ਵਿਧਾਇਕ ਐਡਵੋਕੇਟ ਬਰਿੰਦਰ ਗੋਇਲ ਨੇ ਨਵੇਂ ਮੈਂਬਰਾਂ ਦਾ ਸਵਾਗਤ ਕਰਦਿਆਂ ਇਸ ਨੂੰ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੇ ਕੰਮਾਂ ‘ਤੇ ਲੋਕਾਂ ਦੇ ਵਧਦੇ ਵਿਸ਼ਵਾਸ ਦੀ ਨਿਸ਼ਾਨੀ ਦੱਸਿਆ।
ਪਾਰਟੀ ਵਿੱਚ ਸ਼ਾਮਲ ਹੋਏ ਨੌਜਵਾਨਾਂ ਨੇ ਕਿਹਾ ਕਿ ਉਹ ਪੰਜਾਬ ਵਿੱਚ ਸਿੱਖਿਆ, ਸਿਹਤ, ਰੁਜ਼ਗਾਰ ਅਤੇ ਭ੍ਰਿਸ਼ਟਾਚਾਰ ਵਿਰੁੱਧ ਸਰਕਾਰ ਵੱਲੋਂ ਕੀਤੇ ਜਾ ਰਹੇ ਯਤਨਾਂ ਤੋਂ ਪ੍ਰਭਾਵਿਤ ਹੋ ਕੇ ‘ਆਪ’ ਨਾਲ ਜੁੜੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਉਹ ਪਾਰਟੀ ਦੀਆਂ ਨੀਤੀਆਂ ਅਤੇ ਸਰਕਾਰ ਦੀਆਂ ਲੋਕ ਭਲਾਈ ਯੋਜਨਾਵਾਂ ਨੂੰ ਘਰ-ਘਰ ਤੱਕ ਪਹੁੰਚਾਉਣ ਲਈ ਸਰਗਰਮ ਭੂਮਿਕਾ ਨਿਭਾਉਣਗੇ।
ਸਮਾਗਮ ਨੂੰ ਸੰਬੋਧਨ ਕਰਦਿਆਂ ਮੰਤਰੀ ਬਰਿੰਦਰ ਗੋਇਲ ਨੇ ਕਿਹਾ ਕਿ ਨੌਜਵਾਨ ਕਿਸੇ ਵੀ ਸਿਆਸੀ ਪਾਰਟੀ ਦੀ ਸਭ ਤੋਂ ਵੱਡੀ ਤਾਕਤ ਹੁੰਦੇ ਹਨ ਅਤੇ ਉਨ੍ਹਾਂ ਦੀ ਭਾਗੀਦਾਰੀ ਨਾਲ ਸੰਗਠਨ ਹੋਰ ਮਜ਼ਬੂਤ ਹੁੰਦਾ ਹੈ। ਉਨ੍ਹਾਂ ਦਾਅਵਾ ਕੀਤਾ ਕਿ 2022 ਦੀ ਤਰ੍ਹਾਂ 2027 ਦੀਆਂ ਵਿਧਾਨ ਸਭਾ ਚੋਣਾਂ ਵਿੱਚ ਵੀ ਆਮ ਆਦਮੀ ਪਾਰਟੀ ਨੂੰ ਲੋਕਾਂ ਦਾ ਭਰਪੂਰ ਸਮਰਥਨ ਮਿਲੇਗਾ।
ਮੰਤਰੀ ਗੋਇਲ ਨੇ ਆਪਣੇ ਸੰਬੋਧਨ ਦੌਰਾਨ ਸਰਕਾਰ ਦੀਆਂ ਵੱਖ-ਵੱਖ ਲੋਕ ਭਲਾਈ ਯੋਜਨਾਵਾਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਮੁਫ਼ਤ ਬਿਜਲੀ, ਆਮ ਆਦਮੀ ਕਲੀਨਿਕ, ਸਿਹਤ ਸਹੂਲਤਾਂ, ਰੁਜ਼ਗਾਰ ਦੇ ਮੌਕੇ ਅਤੇ ਸਿੰਚਾਈ ਪ੍ਰੋਜੈਕਟਾਂ ਵਰਗੇ ਕਦਮਾਂ ਰਾਹੀਂ ਲੋਕਾਂ ਨੂੰ ਸਿੱਧਾ ਲਾਭ ਪਹੁੰਚਾਇਆ ਜਾ ਰਿਹਾ ਹੈ।
ਇਸ ਮੌਕੇ ਬਲਾਕ ਪ੍ਰਧਾਨ ਚਰਨਜੀਤ ਸ਼ਰਮਾ, ਸਰਪੰਚ ਜਸਪਾਲ ਸਿੰਘ, ਸਰਪੰਚ ਗੁਰਜੀਤ ਸਿੰਘ, ਗੁਰਪ੍ਰੀਤ ਸਿੰਘ, ਹਰਪਾਲ ਸਿੰਘ, ਓਐਸਡੀ ਰਾਕੇਸ਼ ਕੁਮਾਰ ਗੁਪਤਾ ਸਮੇਤ ਪਾਰਟੀ ਦੇ ਕਈ ਆਗੂ, ਵਰਕਰ ਅਤੇ ਵਲੰਟੀਅਰ ਮੌਜੂਦ ਰਹੇ।








