Homeਪਟਿਆਲਾ ਅਪਡੇਟਪੀਐਸਪੀਸੀਐਲ ਤੇ ਪੀਐਸਟੀਸੀਐਲ ਦੇ ਨਵੇਂ ਚੇਅਰਮੈਨ ਆਈਏਐਸ ਗੁਰਕੀਰਤ ਕਿਰਪਾਲ ਸਿੰਘ ਨੇ ਕੀਤੀ...

ਪੀਐਸਪੀਸੀਐਲ ਤੇ ਪੀਐਸਟੀਸੀਐਲ ਦੇ ਨਵੇਂ ਚੇਅਰਮੈਨ ਆਈਏਐਸ ਗੁਰਕੀਰਤ ਕਿਰਪਾਲ ਸਿੰਘ ਨੇ ਕੀਤੀ ਪਲੇਠੀ ਮੀਟਿੰਗ

Gurkirat Kirpal Singh Holds First Meeting as PSPCL and PSTCL Chairman

ਨਿਰਵਿਘਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਯਕੀਨੀ ਬਣਾਉਣ ਲਈ ਅਧਿਕਾਰੀਆਂ ਨੂੰ ਦਿੱਤੇ ਦਿਸ਼ਾ-ਨਿਰਦੇਸ਼

ਪਟਿਆਲਾ, 19 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਪੰਜਾਬ ਸਟੇਟ ਪਾਵਰ ਕਾਰਪੋਰੇਸ਼ਨ ਲਿਮਟਿਡ (ਪੀਐਸਪੀਸੀਐਲ) ਅਤੇ ਪੰਜਾਬ ਸਟੇਟ ਟਰਾਂਸਮਿਸ਼ਨ ਕਾਰਪੋਰੇਸ਼ਨ ਲਿਮਟਿਡ (ਪੀਐਸਟੀਸੀਐਲ) ਦੇ ਨਵ-ਨਿਯੁਕਤ ਚੇਅਰਮੈਨ ਆਈਏਐਸ ਗੁਰਕੀਰਤ ਕਿਰਪਾਲ ਸਿੰਘ ਨੇ ਅੱਜ ਪਟਿਆਲਾ ਸਥਿਤ ਬਿਜਲੀ ਨਿਗਮ ਦੇ ਮੁੱਖ ਦਫ਼ਤਰ ਵਿਖੇ ਪਹੁੰਚ ਕੇ ਦੋਵੇਂ ਕਾਰਪੋਰੇਸ਼ਨਾਂ ਦੇ ਡਾਇਰੈਕਟਰਾਂ ਅਤੇ ਸੀਨੀਅਰ ਅਧਿਕਾਰੀਆਂ ਨਾਲ ਪਲੇਠੀ ਮੀਟਿੰਗ ਕੀਤੀ। ਇਸ ਮੌਕੇ ਡਾਇਰੈਕਟਰ ਵੰਡ ਇੰਜ. ਇੰਦਰਪਾਲ ਸਿੰਘ, ਡਾਇਰੈਕਟਰ ਜਨਰੇਸ਼ਨ ਇੰਜ. ਪੁਨਰਦੀਪ ਸਿੰਘ ਬਰਾੜ, ਡਾਇਰੈਕਟਰ ਕਮਰਸ਼ੀਅਲ ਇੰਜ. ਹਰਸ਼ਰਨ ਕੌਰ ਤ੍ਰੇਹਨ, ਡਾਇਰੈਕਟਰ ਵਿੱਤ ਪੀਐਸਟੀਸੀਐਲ ਸੀ.ਏ. ਵਿਨੋਦ ਬਾਂਸਲ ਅਤੇ ਪੀਐਸਪੀਸੀਐਲ ਦੇ ਹੈੱਡ ਆਫ਼ ਦਿ ਡਿਪਾਰਟਮੈਂਟਸ ਉਨ੍ਹਾਂ ਦੇ ਸਵਾਗਤ ਲਈ ਮੌਜੂਦ ਸਨ।

ਮੀਟਿੰਗ ਦੌਰਾਨ ਚੇਅਰਮੈਨ ਨੇ ਪੀਐਸਪੀਸੀਐਲ ਅਤੇ ਪੀਐਸਟੀਸੀਐਲ ਦੇ ਕੰਮਕਾਜ ਦੀ ਮੌਜੂਦਾ ਸਥਿਤੀ ਦਾ ਵਿਸਥਾਰਪੂਰਵਕ ਜਾਇਜ਼ਾ ਲਿਆ। ਇਸ ਦੌਰਾਨ ਉਨ੍ਹਾਂ ਨੇ ਸੂਬੇ ਵਿੱਚ ਬਿਜਲੀ ਦੀ ਮੰਗ ਅਤੇ ਸਪਲਾਈ, ਬਿਜਲੀ ਉਤਪਾਦਨ, ਪਾਵਰ ਪਰਚੇਜ਼, ਮੌਜੂਦਾ ਥਰਮਲ ਪਲਾਂਟਾਂ ਦੀ ਕਾਰਗੁਜ਼ਾਰੀ, ਕੋਲੇ ਦੀ ਉਪਲਬਧਤਾ, ਟਰਾਂਸਮਿਸ਼ਨ ਅਤੇ ਸਪਲਾਈ ਪ੍ਰਬੰਧਾਂ ਤੋਂ ਇਲਾਵਾ ਬਿਜਲੀ ਬਿੱਲਾਂ ਸਮੇਤ ਵੱਖ-ਵੱਖ ਅਹਿਮ ਮੁੱਦਿਆਂ ਬਾਰੇ ਅਧਿਕਾਰੀਆਂ ਤੋਂ ਜਾਣਕਾਰੀ ਹਾਸਲ ਕੀਤੀ। ਚੇਅਰਮੈਨ ਨੇ ਸਪੱਸ਼ਟ ਕੀਤਾ ਕਿ ਪੰਜਾਬ ਦੇ ਘਰੇਲੂ ਅਤੇ ਵਪਾਰਕ ਬਿਜਲੀ ਖਪਤਕਾਰਾਂ ਨੂੰ ਨਿਰਵਿਘਨ ਅਤੇ ਭਰੋਸੇਯੋਗ ਬਿਜਲੀ ਸਪਲਾਈ ਮੁਹੱਈਆ ਕਰਵਾਉਣਾ ਬਿਜਲੀ ਨਿਗਮ ਦੀ ਮੁੱਖ ਤਰਜੀਹ ਹੈ। ਇਸ ਦੇ ਨਾਲ ਹੀ ਕਿਸਾਨਾਂ ਨੂੰ ਨਿਰਧਾਰਤ ਸਮੇਂ ਅਨੁਸਾਰ 8 ਘੰਟੇ ਨਿਰਵਿਘਨ ਖੇਤੀਬਾੜੀ ਬਿਜਲੀ ਸਪਲਾਈ ਯਕੀਨੀ ਬਣਾਉਣਾ ਵੀ ਬਿਜਲੀ ਨਿਗਮ ਦੀ ਅਹਿਮ ਜ਼ਿੰਮੇਵਾਰੀ ਹੈ।

ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸੂਬੇ ਵਿੱਚ ਬਿਜਲੀ ਦੀ ਮੰਗ ਨੂੰ ਧਿਆਨ ਵਿੱਚ ਰੱਖਦਿਆਂ ਬਿਜਲੀ ਉਤਪਾਦਨ, ਟਰਾਂਸਮਿਸ਼ਨ ਅਤੇ ਸਪਲਾਈ ਪ੍ਰਬੰਧਾਂ ਨੂੰ ਹੋਰ ਮਜ਼ਬੂਤ ਅਤੇ ਸੁਚਾਰੂ ਬਣਾਉਣ ਲਈ ਲੋੜੀਂਦੇ ਪ੍ਰਬੰਧ ਯਕੀਨੀ ਬਣਾਏ ਜਾਣ। ਇਸ ਦੇ ਨਾਲ ਹੀ ਮੌਜੂਦਾ ਥਰਮਲ ਪਲਾਂਟਾਂ ਦੀ ਕਾਰਗੁਜ਼ਾਰੀ, ਕੋਲੇ ਦੀ ਉਪਲਬਧਤਾ ਅਤੇ ਪਾਵਰ ਪਰਚੇਜ਼ ਦੀ ਸਥਿਤੀ ’ਤੇ ਨਿਰੰਤਰ ਨਿਗਰਾਨੀ ਰੱਖਣ ਦੇ ਨਿਰਦੇਸ਼ ਦਿੱਤੇ ਗਏ। ਚੇਅਰਮੈਨ ਨੇ ਅਧਿਕਾਰੀਆਂ ਨੂੰ ਨਿਰਦੇਸ਼ ਜਾਰੀ ਕਰਦਿਆਂ ਕਿਹਾ ਕਿ ਘਰੇਲੂ, ਖੇਤੀਬਾੜੀ ਅਤੇ ਵਪਾਰਕ ਬਿਜਲੀ ਸਪਲਾਈ ਨਾਲ ਸਬੰਧਤ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇ ਅਤੇ ਫੀਲਡ ਪੱਧਰ ’ਤੇ ਨਿਗਰਾਨੀ ਨੂੰ ਹੋਰ ਪ੍ਰਭਾਵਸ਼ਾਲੀ ਬਣਾਇਆ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਖਪਤਕਾਰਾਂ ਦੀਆਂ ਸ਼ਿਕਾਇਤਾਂ ਦੇ ਤੁਰੰਤ ਨਿਪਟਾਰੇ ਅਤੇ ਬਿਜਲੀ ਸੇਵਾਵਾਂ ਦੀ ਗੁਣਵੱਤਾ ਵਿੱਚ ਲਗਾਤਾਰ ਸੁਧਾਰ ਲਈ ਸਰਗਰਮ ਭੂਮਿਕਾ ਨਿਭਾਉਣ ਲਈ ਵੀ ਆਖਿਆ।

ਇਸ ਮੌਕੇ ਉਨ੍ਹਾਂ ਨੇ ਪ੍ਰਿੰਟ ਅਤੇ ਇਲੈਕਟ੍ਰਾਨਿਕ ਮੀਡੀਆ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਉਨ੍ਹਾਂ ਦੇ ਹਰ ਸੁਝਾਅ ਦਾ ਹਮੇਸ਼ਾਂ ਹੀ ਸਵਾਗਤ ਕੀਤਾ ਜਾਵੇਗਾ ਅਤੇ ਮੀਡੀਆ ਸਾਥੀ ਉਨ੍ਹਾਂ ਨੂੰ ਕਿਸੇ ਵੀ ਸਮੇਂ ਉਨ੍ਹਾਂ ਦੇ ਦਫ਼ਤਰ ਆ ਕੇ ਮਿਲ ਸਕਦੇ ਹਨ। ਇਸ ਦੇ ਨਾਲ ਹੀ ਉਨ੍ਹਾਂ ਨੇ ਸੋਸ਼ਲ ਮੀਡੀਆ ਦੀ ਮਹੱਤਤਾ ’ਤੇ ਵੀ ਜ਼ੋਰ ਦਿੱਤਾ ਅਤੇ ਪੀਐਸਪੀਸੀਐਲ ਦੀਆਂ ਨਵੀਆਂ ਪਹਿਲਕਦਮੀਆਂ ਅਤੇ ਸਰਕਾਰੀ ਨੀਤੀਆਂ ਬਾਰੇ ਸਹੀ ਅਤੇ ਸਮੇਂ ਸਿਰ ਜਾਣਕਾਰੀ ਲਈ ਖਪਤਕਾਰਾਂ ਨੂੰ ਪੀਐਸਪੀਸੀਐਲ ਦੇ ਸੋਸ਼ਲ ਮੀਡੀਆ ਹੈਂਡਲਜ਼ ਨੂੰ Facebook, Instagram, X ਅਤੇ YouTube ’ਤੇ ਫਾਲੋ ਕਰਨ ਲਈ ਪ੍ਰੇਰਿਤ ਕੀਤਾ। ਮੀਟਿੰਗ ਦੇ ਅੰਤ ਵਿੱਚ ਚੇਅਰਮੈਨ ਨੇ ਦੋਵੇਂ ਕਾਰਪੋਰੇਸ਼ਨਾਂ ਦੇ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਦਿਆਂ ਬਿਜਲੀ ਪ੍ਰਬੰਧਾਂ ਨੂੰ ਹੋਰ ਸੁਚਾਰੂ ਬਣਾਉਣ ਅਤੇ ਖਪਤਕਾਰਾਂ ਨੂੰ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ।

RELATED ARTICLES
- Advertisment -
Google search engine
Google search engine
Google search engine
Google search engine

Most Popular

Recent Comments