ਮੰਡੀ ਗੋਬਿੰਦਗੜ੍ਹ,/ ਫਤਹਿਗੜ੍ਹ ਸਾਹਿਬ, 14 ਅਗਸਤ, 2026 (ਸੰਜੀਵ ਸ਼ਰਮਾ): ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅੱਜ ਜ਼ਿਲ੍ਹਾ ਪ੍ਰਸ਼ਾਸਨ ਤੇ ਪੁਲਿਸ ਵੱਲੋਂ ਸਾਂਝੇ ਤੌਰ ਤੇ ਕਾਰਵਾਈ ਕਰਦੇ ਹੋਏ ਮੰਡੀ ਗੋਬਿੰਦਗੜ੍ਹ ਵਿਖੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਨਸ਼ਾ ਤਸ਼ਕਰ ਦੀ ਨਜਾਇਜ ਜਾਇਦਾਦ ਨੂੰ ਢਾਹਿਆ ਗਿਆ। ਇਸ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਜ਼ਿਲ੍ਹਾ ਪੁਲਿਸ ਮੁਖੀ ਸ੍ਰੀ ਸੁਭਮ ਅਗਰਵਾਲ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਸ.ਭਗਵੰਤ ਸਿੰਘ ਮਾਨ ਅਤੇ ਡੀ.ਜੀ.ਪੀ.ਪੰਜਾਬ ਸ੍ਰੀ ਗੌਰਵ ਯਾਦਵ ਦੀ ਅਗਵਾਈ ਹੇਠ 01 ਮਾਰਚ 2025 ਤੋਂ ਸੂਬਾ ਪੱਧਰ ’ਤੇ ਚਲਾਈ ਜਾ ਰਹੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਵਿੱਚ ਨਸ਼ਾ ਤਸਕਰਾਂ ਅਤੇ ਨਸ਼ਿਆਂ ਨਾਲ ਜੁੜੀਆਂ ਗਤੀਵਿਧੀਆਂ ਖ਼ਿਲਾਫ਼ ਲਗਾਤਾਰ ਕਾਰਵਾਈ ਕੀਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਪਿਛਲੇ ਸਮੇਂ ਦੌਰਾਨ ਜ਼ਿਲ੍ਹੇ ਵਿੱਚ 04 ਹਜਾਰ ਤੋਂ ਵੱਧ ਵੱਡੇ-ਛੋਟੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਜਾ ਚੁੱਕਾ ਹੈ, ਜਦਕਿ ਕਰੀਬ 02 ਹਜਾਰ ਵਿਅਕਤੀਆਂ ਨੂੰ ਇਲਾਜ ਅਤੇ ਨਸ਼ਾ ਛੁਡਾਊ ਪ੍ਰਕਿਰਿਆ ਨਾਲ ਜੋੜਿਆ ਗਿਆ ਹੈ। ਇਸ ਤੋਂ ਇਲਾਵਾ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਨਸ਼ਿਆਂ ਦੇ ਕਾਲੇ ਕਾਰੋਬਾਰ ਰਾਹੀਂ ਬਣਾਈਆਂ ਗਈਆਂ ਜਾਂ ਨਾਜਾਇਜ਼ ਗਤੀਵਿਧੀਆਂ ਨਾਲ ਸਬੰਧਤ 15 ਤੋਂ ਵੱਧ ਇਮਾਰਤਾਂ/ਜਾਇਦਾਦਾਂ ਖ਼ਿਲਾਫ਼ ਕਾਰਵਾਈ ਕੀਤੀ ਜਾ ਚੁੱਕੀ ਹੈ। ਜ਼ਿਲ੍ਹਾ ਪੁਲਿਸ ਮੁਖੀ ਨੇ ਦੱਸਿਆ ਕਿ ਅੱਜ ਦੀ ਇਸ ਕਾਰਵਾਈ ਦੌਰਾਨ ਸੁਰਜੀਤ ਨਗਰ,ਮੰਡੀ ਗੋਬਿੰਦਗੜ੍ਹ ਵਿਖੇ ਜਿਸ ਵਿਅਕਤੀ ਦੀ ਨਜਾਇਜ ਜਾਇਦਾਦ ਤੇ ਕਾਰਵਾਈ ਕੀਤੀ ਗਈ ਹੈ, ਉਸਦੇ ਖ਼ਿਲਾਫ਼ ਲੁੱਟ-ਖੋਹ, ਚੋਰੀ ਅਤੇ ਨਸ਼ਿਆਂ ਦੀ ਵਿਕਰੀ ਤੇ ਸੇਵਨ ਨਾਲ ਸਬੰਧਤ ਪੰਜ ਮਾਮਲੇ ਦਰਜ ਹਨ ਅਤੇ ਉਸ ਦੀ ਉਮਰ ਕਰੀਬ 33 ਸਾਲ ਹੈ। ਉਨ੍ਹਾਂ ਕਿਹਾ ਕਿ ਪੁਲਿਸ ਵੱਲੋਂ ਉਕਤ ਵਿਅਕਤੀ ਦੀ ਗ੍ਰਿਫ਼ਤਾਰੀ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਸ੍ਰੀ ਅਗਰਵਾਲ ਨੇ ਕਿਹਾ ਕਿ ਪੁਲਿਸ ਵੱਲੋਂ ਅਦਾਲਤਾਂ ਵਿੱਚ ਮਾਮਲਿਆਂ ਦੀ ਪੈਰਵੀ ਵੀ ਗੰਭੀਰਤਾ ਨਾਲ ਕੀਤੀ ਜਾ ਰਹੀ ਹੈ ਅਤੇ ਮੁਲਜ਼ਮਾਂ ਦੀ ਜ਼ਮਾਨਤ ਰੱਦ ਕਰਵਾਉਣ ਸਮੇਤ ਕਾਨੂੰਨ ਅਨੁਸਾਰ ਸਖ਼ਤ ਕਾਰਵਾਈ ਲਈ ਲੋੜੀਂਦੇ ਕਦਮ ਚੁੱਕੇ ਜਾਂਦੇ ਹਨ। ਉਨ੍ਹਾਂ ਦੱਸਿਆ ਕਿ ਪਿੰਡਾਂ ਦੀਆਂ ਪੰਚਾਇਤਾਂ ਅਤੇ ਪੇਂਡੂ ਡਿਫੈਂਸ ਕਮੇਟੀਆਂ ਵੱਲੋਂ ਵੀ ਨਸ਼ਾ ਤਸਕਰਾਂ ਨੂੰ ਕਿਸੇ ਤਰ੍ਹਾਂ ਦੀ ਸਹਾਇਤਾ ਜਾਂ ਜ਼ਮਾਨਤ ਦੀ ਗਾਰੰਟੀ ਨਾ ਦੇਣ ਸਬੰਧੀ ਸਹਿਯੋਗ ਦਿੱਤਾ ਜਾ ਰਿਹਾ ਹੈ।
ਜ਼ਿਲ੍ਹਾ ਪੁਲਿਸ ਮੁਖੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਜੇਕਰ ਉਨ੍ਹਾਂ ਨੂੰ ਕਿਸੇ ਵੀ ਤਰ੍ਹਾਂ ਦੀ ਸਮਾਜ ਵਿਰੋਧੀ ਗਤੀਵਿਧੀ, ਖਾਸ ਕਰਕੇ ਨਸ਼ਿਆਂ ਦੀ ਤਸਕਰੀ ਬਾਰੇ ਜਾਣਕਾਰੀ ਮਿਲਦੀ ਹੈ ਤਾਂ ਉਹ ਪੰਜਾਬ ਸਰਕਾਰ ਦੀ ‘ਸੇਫ਼ ਪੰਜਾਬ’ ਹੈਲਪਲਾਈਨ ਜਾਂ 112 ਹੈਲਪਲਾਈਨ ਰਾਹੀਂ ਪੁਲਿਸ ਨਾਲ ਸੰਪਰਕ ਕਰਨ। ਉਨ੍ਹਾਂ ਭਰੋਸਾ ਦਿੱਤਾ ਕਿ ਸੂਚਨਾ ਦੇਣ ਵਾਲੇ ਵਿਅਕਤੀ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ। ਉਨ੍ਹਾਂ ਕਿਹਾ ਕਿ ਨਸ਼ਿਆਂ ਵਿਰੁੱਧ ਇਹ ਮੁਹਿੰਮ ਸਿਵਲ ਪ੍ਰਸ਼ਾਸਨ ਦੇ ਸਹਿਯੋਗ ਨਾਲ ਭਵਿੱਖ ਵਿੱਚ ਵੀ ਇਸੇ ਤਰ੍ਹਾਂ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਲੇ ਕਾਰੋਬਾਰ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ ਬਖ਼ਸ਼ਿਆ ਨਹੀਂ ਜਾਵੇਗਾ। ਇਸ ਮੌਕੇ ਡੀ.ਐਸ.ਪੀ.ਅਮਲੋਹ ਬਿਕਰਮਜੀਤ ਸਿੰਘ, ਐਸ.ਐਚ.ਓ. ਸੰਦੀਪ ਸਿੰਘ, ਪ੍ਰਧਾਨ ਨਗਰ ਕੌਂਸਲ ਸ੍ਰੀ ਹਰਪ੍ਰੀਤ ਸਿੰਘ ਪ੍ਰਿੰਸ਼ ਸਮੇਤ ਵੱਡੀ ਗਿਣਤੀ ਵਿੱਚ ਪੁਲਿਸ ਅਧਿਕਾਰੀ ਕਰਮਚਾਰੀ ਹਾਜਰ ਸਨ।