ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ, 30 ਅਕਤੂਬਰ, 2026 (ਗੁਰਮੀਤ ਸਿੰਘ ਤੁੰਗ ) : ਪੰਜਾਬ ਸਰਕਾਰ ਵੱਲੋਂ ਜ਼ਿਲ੍ਹਾ ਫ਼ਤਹਿਗੜ੍ਹ ਸਾਹਿਬ ਲਈ ਨਿਯੁਕਤ ਪ੍ਰਭਾਰੀ ਸਕੱਤਰ ਸ੍ਰੀਮਤੀ ਰੀਤੂ ਅਗਰਵਾਲ, ਆਈ.ਏ.ਐੱਸ. ਵੱਲੋਂ ਅਨਾਜ ਮੰਡੀ ਬੱਸੀ ਪਠਾਣਾ ਅਤੇ ਨੰਦਪੁਰ ਕਲੌੜ ਦਾ ਅਚਨਚੇਤ ਦੌਰਾ ਕਰਕੇ ਝੋਨੇ ਦੀ ਖਰੀਦ, ਲਿਫਟਿੰਗ ਅਤੇ ਕਿਸਾਨਾਂ ਦੀ ਖਰੀਦ ਕੀਤੀ ਫ਼ਸਲ ਦੀ ਅਦਾਇਗੀ ਸਮੇਤ ਹੋਰ ਪ੍ਰਬੰਧਾਂ ਦਾ ਜਾਇਜ਼ਾ ਲਿਆ। ਸ੍ਰੀਮਤੀ ਰੀਤੂ ਅਗਰਵਾਲ ਵੱਲੋਂ ਮੰਡੀਆਂ ਵਿੱਚ ਪਹੁੰਚੇ ਝੋਨੇ ਦੀ ਨਮੀ ਦੀ ਜਾਂਚ ਕੀਤੀ ਅਤੇ ਖਰੀਦ ਪ੍ਰਕਿਰਿਆ ਨਾਲ ਜੁੜੇ ਅਧਿਕਾਰੀਆਂ ਨੂੰ ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਮੰਡੀਆਂ ਵਿੱਚ ਆਉਣ ਵਾਲੇ ਝੋਨੇ ਨੂੰ ਸਮਾਂਬੱਧ ਢੰਗ ਨਾਲ ਖਰੀਦ ਕਰਨ ਦੇ ਆਦੇਸ਼ ਜਾਰੀ ਕੀਤੇ। ਉਨ੍ਹਾਂ ਸਮੂਹ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਕਿਸਾਨਾਂ ਨੂੰ ਆਪਣੀ ਫ਼ਸਲ ਵੇਚਣ ਸਮੇਂ ਕਿਸੇ ਕਿਸਮ ਦੀ ਮੁਸ਼ਕਲ ਪੇਸ਼ ਨਹੀਂ ਆਉਣੀ ਚਾਹੀਦੀ ਅਤੇ ਖਰੀਦੀ ਗਈ ਫ਼ਸਲ ਦੀ ਲਿਫਟਿੰਗ ਤੇ ਕਿਸਾਨਾਂ ਨੂੰ ਅਦਾਇਗੀ ਨਿਰਧਾਰਤ ਸਮੇਂ ਅੰਦਰ ਯਕੀਨੀ ਬਣਾਈ ਜਾਵੇ।
ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਫ਼ਸਲ ਪੂਰੀ ਤਰ੍ਹਾਂ ਸੁੱਕਾ ਕੇ ਅਤੇ ਨਿਰਧਾਰਤ ਨਮੀ ਦੇ ਮਾਪਦੰਡਾਂ ਅਨੁਸਾਰ ਹੀ ਮੰਡੀਆਂ ਵਿੱਚ ਲੈ ਕੇ ਆਉਣ, ਤਾਂ ਜੋ ਉਨ੍ਹਾਂ ਦੀ ਫਸਲ ਦੀ ਨਾਲੋ ਨਾਲ ਖਰੀਦ ਕੀਤੀ ਜਾ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਰਾਜ ਦੀਆਂ ਮੰਡੀਆਂ ਅੰਦਰ ਕਿਸਾਨਾਂ ਦੀ ਪੁੱਤਾਂ ਵਾਂਗ ਪਾਲੀ ਫਸਲ ਦਾ ਇੱਕ ਇੱਕ ਦਾਣਾ ਖਰੀਦ ਕਰਨ ਲਈ ਵਚਨਬੱਧ ਹੈ। ਉਨ੍ਹਾਂ ਜਿੱਥੇ ਸਮੁੱਚੇ ਖਰੀਦ ਪ੍ਰਬੰਧਾਂ ਤੇ ਤਸੱਲੀ ਪ੍ਰਗਟਾਈ ਉੱਥੇ ਹੀ ਸਬੰਧਤ ਖਰੀਦ ਏਜੰਸੀਆਂ ਅਤੇ ਹੋਰਨਾਂ ਸਬੰਧਤ ਅਧਿਕਾਰੀਆਂ ਨੂੰ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਦੇ ਆਦੇਸ਼ ਵੀ ਜਾਰੀ ਕੀਤੇ। ਇਸ ਤੋਂ ਪਹਿਲਾਂ ਪ੍ਰਭਾਰੀ ਸਕੱਤਰ ਰੀਤੂ ਅਗਰਵਾਲ ਵੱਲੋਂ ਬੱਸੀ ਪਠਾਣਾ ਦੇ ਪਿੰਡ ਸ਼ਹੀਦਗੜ੍ਹ ਅਤੇ ਜੋਧਪੁਰ ਵਿਖੇ ਆਂਗਣਵਾੜੀ ਸੈਂਟਰ ਅਤੇ ਸਰਕਾਰੀ ਐਲੀਮੈਂਟਰੀ ਸਕੂਲ ਜੋਧਪੁਰ ਵਿਖੇ ਬੱਚਿਆਂ ਨੂੰ ਦਿੱਤੇ ਜਾਣ ਵਾਲੇ ਮਿਡ-ਡੇ-ਮੀਲ ਦੇ ਖਾਣੇ ਦੀ ਗੁਣਵੱਤਾ ਦੀ ਜਾਂਚ ਕੀਤੀ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਸਕੂਲ ਸਟਾਫ਼ ਨੂੰ ਹਦਾਇਤ ਕੀਤੀ ਕਿ ਬੱਚਿਆਂ ਦੀ ਸਿਹਤ ਅਤੇ ਪੋਸ਼ਣ ਨੂੰ ਧਿਆਨ ਵਿੱਚ ਰੱਖਦਿਆਂ ਉਨ੍ਹਾਂ ਨੂੰ ਸਾਫ਼-ਸੁਥਰਾ, ਪੌਸ਼ਟਿਕ ਅਤੇ ਮਿਆਰੀ ਭੋਜਨ ਮੁਹੱਈਆ ਕਰਵਾਇਆ ਜਾਵੇ ਅਤੇ ਸਰਕਾਰੀ ਅਦਾਰਿਆਂ ਵਿੱਚ ਦਿੱਤੀਆਂ ਜਾਣ ਵਾਲੀਆਂ ਸੇਵਾਵਾਂ ਦੀ ਗੁਣਵੱਤਾ ਨੂੰ ਬਰਕਰਾਰ ਰੱਖਿਆ ਜਾਵੇ। ਇਸ ਤੋਂ ਬਾਅਦ ਪ੍ਰਭਾਰੀ ਸਕੱਤਰ ਸ੍ਰੀਮਤੀ ਰੀਤੂ ਅਗਰਵਾਲ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿਖੇ ਵੱਖ-ਵੱਖ ਵਿਭਾਗਾਂ ਦੀ ਕਾਰਗੁਜਾਰੀ ਅਤੇ ਪ੍ਰਗਤੀ ਦਾ ਜ਼ਾਇਜਾ ਲਿਆ। ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਬੀਰ ਕੌਰ ਭੁੱਲਰ,ਐਸ.ਡੀ.ਐਮ.ਫਤਹਿਗੜ੍ਹ ਸਾਹਿਬ ਕਰੁਣ ਗੁਪਤਾ, ਐਸ.ਡੀ.ਐਮ.ਬਸੀ ਪਠਾਣਾਂ ਦੀਪਜੋਤ ਕੌਰ, ਫੂਡ ਸਪਲਾਈ ਅਫਸਰ ਕੇਵਲ ਸਿੰਘ, ਜ਼ਿਲ੍ਹਾ ਪ੍ਰੋਗਰਾਮ ਅਫਸਰ ਅਨੁਰਤਨ ਕੌਰ, ਜ਼ਿਲ੍ਹਾ ਮੰਡੀ ਅਫਸਰ,ਜ਼ਿਲ੍ਹਾ ਮਾਲ ਅਫਸਰ ਕਰਮਜੋਤ ਸਿੰਘ ਤੋਂ ਇਲਾਵਾ ਹੋਰ ਅਧਿਕਾਰੀ ਹਾਜਰ ਸਨ।
