ਪਟਿਆਲਾ, 8 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ) : ਦੀਵਾਲੀ ਦੇ ਤਿਉਹਾਰ ਦੌਰਾਨ ਸ਼ਹਿਰ ਵਿੱਚ ਅਮਨ-ਕਾਨੂੰਨ ਦੀ ਸਥਿਤੀ ਬਰਕਰਾਰ ਰੱਖਣ ਲਈ ਪਟਿਆਲਾ ਪੁਲਿਸ ਵੱਲੋਂ ਸੁਰੱਖਿਆ ਪ੍ਰਬੰਧ ਹੋਰ ਮਜ਼ਬੂਤ ਕਰ ਦਿੱਤੇ ਗਏ ਹਨ। ਤਿਉਹਾਰ ਮੌਕੇ ਬਾਜ਼ਾਰਾਂ ਵਿੱਚ ਵਧ ਰਹੀ ਭੀੜ ਅਤੇ ਲੋਕਾਂ ਦੀ ਆਵਾਜਾਈ ਨੂੰ ਦੇਖਦਿਆਂ ਪੁਲਿਸ ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ ਹੈ। ਇਸ ਸਬੰਧੀ ਸਾਰੇ ਥਾਣਾ ਮੁਖੀਆਂ ਨੂੰ ਵਿਸ਼ੇਸ਼ ਚੌਕਸੀ ਵਰਤਣ ਅਤੇ ਆਪਣੇ-ਆਪਣੇ ਇਲਾਕਿਆਂ ਵਿੱਚ ਸੁਰੱਖਿਆ ਪ੍ਰਬੰਧਾਂ ਦੀ ਲਗਾਤਾਰ ਨਿਗਰਾਨੀ ਕਰਨ ਦੀਆਂ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਜ਼ਿਲ੍ਹਾ ਪੁਲਿਸ ਮੁਖੀ ਐੱਸ.ਐੱਸ.ਪੀ. ਹਰਮਨਦੀਪ ਸਿੰਘ ਹਾਂਸ ਨੇ ਖੁਦ ਸ਼ਹਿਰ ਦੇ ਸੁਰੱਖਿਆ ਪ੍ਰਬੰਧਾਂ ਦਾ ਨਿਰੀਖਣ ਕੀਤਾ ਅਤੇ ਪੁਲਿਸ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ। ਇਸੇ ਤਰ੍ਹਾਂ ਐੱਸ.ਪੀ. ਸਿਟੀ ਮੋਹਿਤ ਅਗਰਵਾਲ ਵੱਲੋਂ ਵੀ ਵੱਖ-ਵੱਖ ਇਲਾਕਿਆਂ ਵਿੱਚ ਪੁਲਿਸ ਦੀ ਤਾਇਨਾਤੀ, ਚੈਕਿੰਗ ਅਤੇ ਸੁਰੱਖਿਆ ਪ੍ਰਬੰਧਾਂ ਦਾ ਜਾਇਜ਼ਾ ਲਿਆ ਗਿਆ। ਦੀਵਾਲੀ ਦੀ ਖਰੀਦਦਾਰੀ ਕਾਰਨ ਸ਼ਹਿਰ ਦੇ ਪ੍ਰਮੁੱਖ ਬਾਜ਼ਾਰਾਂ ਵਿੱਚ ਲੋਕਾਂ ਦੀ ਭਾਰੀ ਆਮਦ ਦੇਖਣ ਨੂੰ ਮਿਲੀ। ਬਾਜ਼ਾਰਾਂ ਵਿੱਚ ਵਧੀ ਰੌਣਕ ਅਤੇ ਭੀੜ ਨੂੰ ਧਿਆਨ ਵਿੱਚ ਰੱਖਦਿਆਂ ਪੁਲਿਸ ਵੱਲੋਂ ਵਿਸ਼ੇਸ਼ ਨਿਗਰਾਨੀ ਰੱਖੀ ਜਾ ਰਹੀ ਹੈ, ਤਾਂ ਜੋ ਕਿਸੇ ਵੀ ਅਣਸੁਖਾਵੀਂ ਘਟਨਾ ਜਾਂ ਸ਼ਰਾਰਤੀ ਅਨਸਰਾਂ ਦੀਆਂ ਗਤੀਵਿਧੀਆਂ ਨੂੰ ਸਮੇਂ ਸਿਰ ਰੋਕਿਆ ਜਾ ਸਕੇ।
ਅੱਗ ਲੱਗਣ ਦੀਆਂ ਘਟਨਾਵਾਂ ਨਾਲ ਨਜਿੱਠਣ ਲਈ ਫਾਇਰ ਬ੍ਰਿਗੇਡ ਤਿਆਰ
ਦੂਜੇ ਪਾਸੇ, ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਅੱਗ ਲੱਗਣ ਦੀਆਂ ਸੰਭਾਵਿਤ ਘਟਨਾਵਾਂ ਨੂੰ ਦੇਖਦਿਆਂ ਨਗਰ ਨਿਗਮ ਵੱਲੋਂ ਵੀ ਐਮਰਜੈਂਸੀ ਪ੍ਰਬੰਧ ਕੀਤੇ ਗਏ ਹਨ। ਨਗਰ ਨਿਗਮ ਕਮਿਸ਼ਨਰ ਨੇ ਫਾਇਰ ਬ੍ਰਿਗੇਡ ਵਿਭਾਗ ਨੂੰ ਪੂਰੀ ਤਰ੍ਹਾਂ ਤਿਆਰ ਰਹਿਣ ਦੇ ਨਿਰਦੇਸ਼ ਦਿੱਤੇ ਹਨ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਦੀਆਂ ਛੁੱਟੀਆਂ ਵੀ ਰੱਦ ਕਰ ਦਿੱਤੀਆਂ ਗਈਆਂ ਹਨ, ਤਾਂ ਜੋ ਕਿਸੇ ਵੀ ਐਮਰਜੈਂਸੀ ਦੀ ਸੂਚਨਾ ਮਿਲਣ ’ਤੇ ਤੁਰੰਤ ਕਾਰਵਾਈ ਕੀਤੀ ਜਾ ਸਕੇ। ਪੁਲਿਸ ਅਤੇ ਨਗਰ ਨਿਗਮ ਵੱਲੋਂ ਕੀਤੇ ਜਾ ਰਹੇ ਇਨ੍ਹਾਂ ਪ੍ਰਬੰਧਾਂ ਦਾ ਮੁੱਖ ਉਦੇਸ਼ ਦੀਵਾਲੀ ਦਾ ਤਿਉਹਾਰ ਸ਼ਾਂਤੀਪੂਰਨ ਅਤੇ ਸੁਰੱਖਿਅਤ ਢੰਗ ਨਾਲ ਨੇਪਰੇ ਚਾੜ੍ਹਨਾ ਹੈ।






