18 ਨਵੰਬਰ, 2026 (ਸ਼ਹੀਦ-ਏ-ਆਜ਼ਮ-ਬਿਊਰੋ ) : ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਅਤੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਨੇ ਭਾਰਤ ਦੀ ਆਰਥਿਕ ਸਥਿਤੀ, ਬੇਰੁਜ਼ਗਾਰੀ ਅਤੇ ਸਿੱਖਿਆ ਪ੍ਰਣਾਲੀ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ ਹੈ। ਅਮਰੀਕਾ ਦੀ ਕੋਲੰਬੀਆ ਯੂਨੀਵਰਸਿਟੀ ਵਿੱਚ ਵਿਦਿਆਰਥੀਆਂ ਅਤੇ ਅਕਾਦਮਿਕ ਖੇਤਰ ਨਾਲ ਜੁੜੇ ਲੋਕਾਂ ਦੇ ਇਕੱਠ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਭਾਰਤ ਇੱਕ ਵੱਡੇ ਆਰਥਿਕ ਸੰਕਟ ਦੇ ਮੁਹਾਣੇ ’ਤੇ ਖੜ੍ਹਾ ਹੈ ਅਤੇ ਦੇਸ਼ ਵਿੱਚ ਬੇਰੁਜ਼ਗਾਰੀ ਦੀ ਸਮੱਸਿਆ ਕਾਫ਼ੀ ਗੰਭੀਰ ਰੂਪ ਧਾਰ ਚੁੱਕੀ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਦੇਸ਼ ਦੀ ਸਿੱਖਿਆ ਪ੍ਰਣਾਲੀ ਵਿੱਚ ਵੀ ਕਈ ਬੁਨਿਆਦੀ ਸਮੱਸਿਆਵਾਂ ਹਨ, ਜਿਨ੍ਹਾਂ ਨੂੰ ਨਜ਼ਰਅੰਦਾਜ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅਨੁਸਾਰ ਮੀਡੀਆ ਜਾਂ ਹੋਰ ਧਿਰਾਂ ਇਨ੍ਹਾਂ ਮੁੱਦਿਆਂ ਨੂੰ ਭਾਵੇਂ ਸਾਹਮਣੇ ਨਾ ਲਿਆਉਣ, ਪਰ ਬੇਰੁਜ਼ਗਾਰੀ ਅਤੇ ਸਿੱਖਿਆ ਨਾਲ ਜੁੜੀਆਂ ਚੁਣੌਤੀਆਂ ਦੇਸ਼ ਦੀ ਹਕੀਕਤ ਹਨ।
ਕੋਲੰਬੀਆ ਯੂਨੀਵਰਸਿਟੀ ਵਿੱਚ ਪ੍ਰੋਗਰਾਮ ਦੀ ਸੰਚਾਲਕ ਲਿਡੀਆ ਪੋਲਗ੍ਰੀਨ ਵੱਲੋਂ ਭਾਰਤ ਦੇ ਨੌਜਵਾਨਾਂ ਬਾਰੇ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਨੌਜਵਾਨਾਂ ਦਾ ਇੱਕ ਵੱਡਾ ਵਰਗ ਆਪਣੇ ਭਵਿੱਖ ਨੂੰ ਲੈ ਕੇ ਨਿਰਾਸ਼ਾ ਮਹਿਸੂਸ ਕਰ ਰਿਹਾ ਹੈ। ਉਨ੍ਹਾਂ ਕਿਹਾ ਕਿ ਇਸ ਵਰਗ ਵਿੱਚ ਮੱਧਵਰਗੀ ਪਰਿਵਾਰਾਂ ਨਾਲ ਸਬੰਧਤ ਅਤੇ ਪੜ੍ਹੇ-ਲਿਖੇ ਨੌਜਵਾਨ ਵੀ ਸ਼ਾਮਲ ਹਨ। ਉਨ੍ਹਾਂ ਮੁਤਾਬਕ ਨੌਜਵਾਨਾਂ ਦੀ ਨਿਰਾਸ਼ਾ ਦਾ ਮੁੱਖ ਕਾਰਨ ਇਹ ਹੈ ਕਿ ਉਨ੍ਹਾਂ ਨੂੰ ਆਪਣੇ ਲਈ ਰੁਜ਼ਗਾਰ ਅਤੇ ਤਰੱਕੀ ਦੇ ਲੋੜੀਂਦੇ ਮੌਕੇ ਦਿਖਾਈ ਨਹੀਂ ਦੇ ਰਹੇ। ਇਸ ਕਾਰਨ ਨਵੀਂ ਪੀੜ੍ਹੀ ਅਤੇ ਉਨ੍ਹਾਂ ਦੇ ਮਾਪਿਆਂ ਵਿਚਕਾਰ ਕਰੀਅਰ ਅਤੇ ਭਵਿੱਖ ਨੂੰ ਲੈ ਕੇ ਸੋਚ ਦਾ ਅੰਤਰ ਵੀ ਵਧ ਰਿਹਾ ਹੈ। ਰਾਹੁਲ ਗਾਂਧੀ ਨੇ ਕਿਹਾ ਕਿ ਅੱਜ ਦੇ ਨੌਜਵਾਨ ਪੁਰਾਣੀ ਪੀੜ੍ਹੀ ਵੱਲੋਂ ਦਿੱਤੀਆਂ ਜਾਂਦੀਆਂ ਸਲਾਹਾਂ ’ਤੇ ਸਵਾਲ ਉਠਾ ਰਹੇ ਹਨ, ਕਿਉਂਕਿ ਉਨ੍ਹਾਂ ਨੂੰ ਲੱਗਦਾ ਹੈ ਕਿ ਪਿਛਲੀ ਪੀੜ੍ਹੀ ਦੇ ਤਜਰਬੇ ਅਤੇ ਰੁਜ਼ਗਾਰ ਹਾਸਲ ਕਰਨ ਦੇ ਤਰੀਕੇ ਮੌਜੂਦਾ ਹਾਲਾਤ ਵਿੱਚ ਉਨ੍ਹਾਂ ਲਈ ਕਾਰਗਰ ਸਾਬਤ ਨਹੀਂ ਹੋ ਰਹੇ। ਉਨ੍ਹਾਂ ਨੇ ਬੇਰੁਜ਼ਗਾਰੀ, ਸਿੱਖਿਆ ਦੀ ਗੁਣਵੱਤਾ ਅਤੇ ਨੌਜਵਾਨਾਂ ਲਈ ਭਵਿੱਖ ਦੇ ਮੌਕਿਆਂ ਨੂੰ ਦੇਸ਼ ਦੇ ਅਹਿਮ ਮੁੱਦੇ ਦੱਸਿਆ। ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਇਨ੍ਹੀਂ ਦਿਨੀਂ ਦੋ ਦਿਨਾਂ ਅਮਰੀਕਾ ਦੌਰੇ ’ਤੇ ਹਨ। ਕੋਲੰਬੀਆ ਯੂਨੀਵਰਸਿਟੀ ਵਿੱਚ ਅਕਾਦਮਿਕ ਪ੍ਰੋਗਰਾਮ ਵਿੱਚ ਹਿੱਸਾ ਲੈਣ ਤੋਂ ਬਾਅਦ ਉਹ 18 ਨਵੰਬਰ ਨੂੰ ਸ਼ਿਕਾਗੋ ਯੂਨੀਵਰਸਿਟੀ ਦਾ ਦੌਰਾ ਵੀ ਕਰਨ ਵਾਲੇ ਹਨ।






