ਨਵੀਂ ਦਿੱਲੀ, 27 ਨਵੰਬਰ 2026 (ਛਤਰਪਾਲ ਸਿੰਘ ) : ਭਾਰਤ ਅਤੇ ਅਮਰੀਕਾ ਵਿਚਾਲੇ ਲੰਬੇ ਸਮੇਂ ਤੋਂ ਚੱਲ ਰਹੇ ਵਪਾਰ ਸਮਝੌਤੇ ਨੂੰ ਲੈ ਕੇ ਵੱਡੀ ਖ਼ਬਰ ਸਾਹਮਣੇ ਆਈ ਹੈ। ਕੇਂਦਰੀ ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ ਨੇ ਸੰਕੇਤ ਦਿੱਤਾ ਹੈ ਕਿ ਦੋਵਾਂ ਦੇਸ਼ਾਂ ਵਿਚਾਲੇ ਦੁਵੱਲੇ ਵਪਾਰ ਸਮਝੌਤੇ ਨੂੰ ਅੰਤਿਮ ਰੂਪ ਦੇਣ ਦੀ ਪ੍ਰਕਿਰਿਆ ਹੁਣ ਅਹਿਮ ਪੜਾਅ ’ਤੇ ਪਹੁੰਚ ਗਈ ਹੈ ਅਤੇ ਸਮਝੌਤਾ ਜਲਦ ਸਿਰੇ ਚੜ੍ਹ ਸਕਦਾ ਹੈ। ‘ਇੰਡੀਆ ਡੈੱਟ ਕੈਪੀਟਲ ਮਾਰਕੀਟ ਸਮਿਟ 2026’ ਨੂੰ ਵੀਡੀਓ ਕਾਨਫਰੰਸ ਰਾਹੀਂ ਸੰਬੋਧਨ ਕਰਦਿਆਂ ਪੀਯੂਸ਼ ਗੋਇਲ ਨੇ ਕਿਹਾ ਕਿ ਅਮਰੀਕਾ ਨਾਲ ਵਪਾਰ ਸਮਝੌਤਾ ਪੂਰਾ ਹੋਣ ਦੇ ਨੇੜੇ ਹੈ। ਉਨ੍ਹਾਂ ਅਨੁਸਾਰ, ਸਮਝੌਤੇ ਨੂੰ ਅੰਤਿਮ ਰੂਪ ਦੇਣ ਵਿੱਚ ਪਹਿਲਾਂ ਜਿਹੜੀਆਂ ਪ੍ਰਕਿਰਿਆਵਾਂ ਅਤੇ ਰੁਕਾਵਟਾਂ ਸਾਹਮਣੇ ਆ ਰਹੀਆਂ ਸਨ, ਉਨ੍ਹਾਂ ਨੂੰ ਸੁਲਝਾਉਣ ਲਈ ਹੁਣ ਰਾਹ ਨਿਕਲਦਾ ਦਿਖਾਈ ਦੇ ਰਿਹਾ ਹੈ।
ਮੰਤਰੀ ਦਾ ਇਹ ਬਿਆਨ ਅਮਰੀਕੀ ਵਪਾਰ ਪ੍ਰਤੀਨਿਧੀ (USTR) ਦੀ ਤਾਜ਼ਾ ਰਿਪੋਰਟ ਤੋਂ ਬਾਅਦ ਆਇਆ ਹੈ। ਇਸ ਰਿਪੋਰਟ ਵਿੱਚ ਭਾਰਤ ਤੋਂ ਅਮਰੀਕਾ ਜਾਣ ਵਾਲੀਆਂ ਦਰਾਮਦਾਂ ’ਤੇ 25 ਫ਼ੀਸਦੀ ਟੈਰਿਫ ਲਗਾਉਣ ਦਾ ਪ੍ਰਸਤਾਵ ਰੱਖਿਆ ਗਿਆ ਹੈ। ਹਾਲਾਂਕਿ, ਰਿਪੋਰਟ ਮੁਤਾਬਕ ਜੇਕਰ ਦੋਵੇਂ ਦੇਸ਼ ਦੁਵੱਲੇ ਵਪਾਰ ਸਮਝੌਤੇ ’ਤੇ ਸਹਿਮਤ ਹੋ ਜਾਂਦੇ ਹਨ ਤਾਂ ਇਹ ਟੈਰਿਫ ਘਟਾ ਕੇ 17 ਫ਼ੀਸਦੀ ਤੱਕ ਸੀਮਤ ਕੀਤਾ ਜਾ ਸਕਦਾ ਹੈ। ਇਸ ਸੰਭਾਵੀ ਕਟੌਤੀ ਨਾਲ ਭਾਰਤੀ ਵਸਤਾਂ ਨੂੰ ਏਸ਼ੀਆ ਦੇ ਹੋਰ ਮੁਕਾਬਲੇਬਾਜ਼ ਦੇਸ਼ਾਂ ਦੇ ਮੁਕਾਬਲੇ ਕੁਝ ਹੱਦ ਤੱਕ ਵਪਾਰਕ ਲਾਭ ਮਿਲ ਸਕਦਾ ਹੈ। ਹੁਣ ਸਾਰਿਆਂ ਦੀਆਂ ਨਜ਼ਰਾਂ ਦੋਵਾਂ ਦੇਸ਼ਾਂ ਵਿਚਾਲੇ ਹੋਣ ਵਾਲੀ ਅਗਲੀ ਗੱਲਬਾਤ ਅਤੇ ਸਮਝੌਤੇ ਦੇ ਅੰਤਿਮ ਐਲਾਨ ’ਤੇ ਟਿਕੀਆਂ ਹੋਈਆਂ ਹਨ।






