Home ਪਟਿਆਲਾ ਅਪਡੇਟ ਨਾਜਾਇਜ਼ ਸ਼ਰਾਬ ਕੱਢਣ ਤੇ ਤਸਕਰੀ ਰੋਕਣ ਲਈ ਮੈਥਨੌਲ ਦੀ ਆਵਾਜਾਈ, ਸਟੋਰੇਜ ਤੇ...

ਨਾਜਾਇਜ਼ ਸ਼ਰਾਬ ਕੱਢਣ ਤੇ ਤਸਕਰੀ ਰੋਕਣ ਲਈ ਮੈਥਨੌਲ ਦੀ ਆਵਾਜਾਈ, ਸਟੋਰੇਜ ਤੇ ਵਰਤੋਂ ’ਤੇ ਸਖ਼ਤ ਨਿਗਰਾਨੀ ਦੇ ਨਿਰਦੇਸ਼

Strict Methanol Monitoring Ordered to Curb Illicit Liquor Distillation and Smuggling

0

ਪਟਿਆਲਾ, 25 ਸਤੰਬਰ, 2026 (ਗੁਰਮੀਤ ਸਿੰਘ ਤੁੰਗ) : ਡਿਪਟੀ ਕਮਿਸ਼ਨਰ ਪਟਿਆਲਾ ਡਾ. ਹਿਮਾਂਸ਼ੂ ਅਗਰਵਾਲ ਨੇ ਮੈਥਨੌਲ ਦੀ ਗੈਰ-ਅਧਿਕਾਰਤ ਵਰਤੋਂ ਰੋਕਣ ਲਈ ਇਸ ਦੀ ਆਵਾਜਾਈ, ਸਟੋਰੇਜ, ਢੋਆ-ਢੁਆਈ ਅਤੇ ਵਰਤੋਂ ਦੀ ਨੇੜਿਓਂ ਨਿਗਰਾਨੀ ਕਰਨ ਅਤੇ ਪੰਜਾਬ ਪੋਇਜ਼ਨਜ਼ ਪਜ਼ੈਸ਼ਨ ਐਂਡ ਸੇਲ ਰੂਲਜ਼, 2014, ਪੋਇਜ਼ਨਜ਼ ਐਕਟ, 1919, ਦੀ ਸਖ਼ਤੀ ਨਾਲ ਪਾਲਣਾ ਯਕੀਨੀ ਬਣਾਉਣ ਦੇ ਆਦੇਸ਼ ਦਿੱਤੇ ਹਨ। ਡਿਪਟੀ ਕਮਿਸ਼ਨਰ ਨੇ ਪਟਿਆਲਾ ਜ਼ਿਲ੍ਹੇ ਵਿੱਚ ਨਾਜਾਇਜ਼ ਸ਼ਰਾਬ ਕੱਢਣ, ਅੰਤਰ-ਰਾਜੀ ਤੇ ਅੰਤਰ-ਜ਼ਿਲ੍ਹਾ ਤਸਕਰੀ ਅਤੇ ਮੈਥਨੌਲ ਦੀ ਗੈਰ-ਕਾਨੂੰਨੀ ਵਰਤੋਂ ਨੂੰ ਰੋਕਣ ਲਈ ਆਬਕਾਰੀ ਕਮਿਸ਼ਨਰ, ਪੰਜਾਬ ਵੱਲੋਂ ਜਾਰੀ ਨਿਰਦੇਸ਼ਾਂ ਦੀ ਪਾਲਣਾ ਯਕੀਨੀ ਬਣਾਉਣ ਲਈ ਐਸ.ਐਸ.ਪੀ., ਸਮੂਹ ਐਸ.ਡੀ.ਐਮਜ਼, ਸਹਾਇਕ ਕਮਿਸ਼ਨਰ ਆਬਕਾਰੀ, ਸਿਵਲ ਸਰਜਨ, ਡਰੱਗ ਇੰਸਪੈਕਟਰਾਂ, ਜ਼ਿਲ੍ਹਾ ਉਦਯੋਗ ਕੇਂਦਰ ਅਤੇ ਡਿਪਟੀ ਡਾਇਰੈਕਟਰ ਫੈਕਟਰੀਜ਼ ਨੂੰ ਲੋੜੀਂਦੇ ਆਦੇਸ਼ ਜਾਰੀ ਕੀਤੇ ਹਨ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੈਥਨੌਲ ਦੀ ਗੈਰ-ਅਧਿਕਾਰਤ ਵਰਤੋਂ ਲੋਕਾਂ ਦੀ ਸਿਹਤ ਅਤੇ ਸੁਰੱਖਿਆ ਲਈ ਗੰਭੀਰ ਖ਼ਤਰਾ ਬਣ ਸਕਦੀ ਹੈ। ਉਨ੍ਹਾਂ ਕਿਹਾ ਕਿ ਖਾਸ ਕਰਕੇ ਲਾਹਨ ਤੋਂ ਨਾਜਾਇਜ਼ ਸ਼ਰਾਬ ਕੱਢਣ ਦੀਆਂ ਗਤੀਵਿਧੀਆਂ ਨੂੰ ਰੋਕਣ ਦੇ ਨਾਲ-ਨਾਲ ਅੰਤਰ-ਰਾਜੀ ਅਤੇ ਅੰਤਰ-ਜ਼ਿਲ੍ਹਾ ਸ਼ਰਾਬ ਦੀ ਤਸਕਰੀ ’ਤੇ ਵੀ ਪ੍ਰਭਾਵਸ਼ਾਲੀ ਢੰਗ ਨਾਲ ਰੋਕ ਲਗਾਉਣੀ ਲਾਜ਼ਮੀ ਹੈ। ਇਸ ਦੇ ਲਈ ਮੈਥਨੌਲ (ਮਿਥਾਇਲ ਅਲਕੋਹਲ) ਨੂੰ ਨਾਜਾਇਜ਼ ਸ਼ਰਾਬ ਬਣਾਉਣ ਲਈ ਗੈਰ-ਕਾਨੂੰਨੀ ਢੰਗ ਨਾਲ ਵਰਤੇ ਜਾਣ ਤੋਂ ਰੋਕਣ ਲਈ ਸਖ਼ਤ ਨਿਗਰਾਨੀ ਅਤੇ ਲੋੜੀਂਦੀ ਕਾਰਵਾਈ ਯਕੀਨੀ ਬਣਾਈ ਜਾਵੇ। ਨਾਜਾਇਜ਼ ਸ਼ਰਾਬ ਦੀ ਕੱਢਾਈ, ਤਸਕਰੀ ਅਤੇ ਮੈਥਨੌਲ ਦੀ ਗੈਰ-ਕਾਨੂੰਨੀ ਵਰਤੋਂ ਵਿਰੁੱਧ ਪ੍ਰਭਾਵਸ਼ਾਲੀ ਸਾਂਝੀ ਕਾਰਵਾਈ ਨੂੰ ਲਾਜ਼ਮੀ ਕਰਾਰ ਦਿੰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਲੋਕਾਂ ਦੀ ਸਿਹਤ ਤੇ ਸੁਰੱਖਿਆ ਦੀ ਰੱਖਿਆ ਦੇ ਨਾਲ-ਨਾਲ ਸਰਕਾਰੀ ਮਾਲੀਏ ਦੀ ਸੁਰੱਖਿਆ ਲਈ ਵੀ ਪੁਲਿਸ, ਆਬਕਾਰੀ ਵਿਭਾਗ ਅਤੇ ਸਬੰਧਤ ਵਿਭਾਗਾਂ ਦਰਮਿਆਨ ਨਿਰੰਤਰ ਤਾਲਮੇਲ ਬਹੁਤ ਜ਼ਰੂਰੀ ਹੈ।

Exit mobile version