Home ਪੰਜਾਬ ਜਨਗਣਨਾ 2027 ਦੀ ਸਵੈ-ਗਿਣਤੀ ਮੁਹਿੰਮ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਹੋਰ ਤੇਜ਼ ਕਰਨ...

ਜਨਗਣਨਾ 2027 ਦੀ ਸਵੈ-ਗਿਣਤੀ ਮੁਹਿੰਮ ਨੂੰ ਸੰਗਰੂਰ ਜ਼ਿਲ੍ਹੇ ਵਿੱਚ ਹੋਰ ਤੇਜ਼ ਕਰਨ ਦੇ ਨਿਰਦੇਸ਼

Additional Deputy Commissioner Ankur Mahindru reviewed the progress with Census Charge Officers.

0
ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਨੇ ਜਨਗਣਨਾ ਚਾਰਜ ਅਫ਼ਸਰਾਂ ਨਾਲ ਪ੍ਰਗਤੀ ਦੀ ਸਮੀਖਿਆ ਕੀਤੀ; ਸਿੱਖਿਆ ਵਿਭਾਗ ਅਤੇ ਜਨਗਣਨਾ ਟੀਮਾਂ ਨੂੰ ਜਾਗਰੂਕਤਾ ਗਤੀਵਿਧੀਆਂ ਵਧਾਉਣ ਲਈ ਕਿਹਾ
ਸੰਗਰੂਰ, 20 ਨਵੰਬਰ, 2026 (ਚੌਧਰੀ ਪ੍ਰਭਜੀਤ ਸਿੰਘ ) : ਜ਼ਿਲ੍ਹਾ ਜਨਗਣਨਾ ਅਫ਼ਸਰ-ਕਮ-ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਦੇ ਦਿਸ਼ਾ-ਨਿਰਦੇਸ਼ਾਂ ਹੇਠ ਅੱਜ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਚੱਲ ਰਹੀ ਸਵੈ-ਗਿਣਤੀ ਮੁਹਿੰਮ ਦੀ ਪ੍ਰਗਤੀ ਦੀ ਸਮੀਖਿਆ ਕਰਨ ਅਤੇ ਜ਼ਿਲ੍ਹੇ ਭਰ ਵਿੱਚ ਪ੍ਰਚਾਰ ਗਤੀਵਿਧੀਆਂ ਨੂੰ ਹੋਰ ਤੇਜ਼ ਕਰਨ ਲਈ ਮੀਟਿੰਗਾਂ ਕੀਤੀਆਂ ਗਈਆਂ। ਇੱਕ ਮੀਟਿੰਗ ਦੌਰਾਨ ਜ਼ਿਲ੍ਹਾ ਸਿੱਖਿਆ ਅਫ਼ਸਰਾਂ (ਸੈਕੰਡਰੀ ਅਤੇ ਐਲੀਮੈਂਟਰੀ), ਜਨਗਣਨਾ ਮਾਸਟਰ ਟ੍ਰੇਨਰਾਂ ਅਤੇ ਫੀਲਡ ਟ੍ਰੇਨਰਾਂ ਨੂੰ 16 ਨਵੰਬਰ ਤੋਂ ਸ਼ੁਰੂ ਹੋਈ ਸਵੈ-ਗਿਣਤੀ ਪ੍ਰਕਿਰਿਆ ਵਿੱਚ ਵੱਧ ਤੋਂ ਵੱਧ ਲੋਕਾਂ ਦੀ ਭਾਗੀਦਾਰੀ ਲਈ ਉਪਰਾਲੇ ਕਰਨ ਦੇ ਨਿਰਦੇਸ਼ ਦਿੱਤੇ ਗਏ। ਉਨ੍ਹਾਂ ਨੂੰ ਆਪਸੀ ਤਾਲਮੇਲ ਨਾਲ ਜਾਗਰੂਕਤਾ ਗਤੀਵਿਧੀਆਂ ਚਲਾਉਣ ਅਤੇ ਸਵੈ-ਗਿਣਤੀ ਸਬੰਧੀ ਜਾਣਕਾਰੀ ਜ਼ਿਲ੍ਹੇ ਭਰ ਦੇ ਲੋਕਾਂ ਤੱਕ ਪਹੁੰਚਾਉਣ ਲਈ ਵੀ ਕਿਹਾ ਗਿਆ।
ਇਸ ਤੋਂ ਇਲਾਵਾ, ਸਾਰੇ ਜਨਗਣਨਾ ਚਾਰਜ ਅਫ਼ਸਰਾਂ ਨਾਲ ਆਨਲਾਈਨ ਮੀਟਿੰਗ ਕਰਕੇ ਉਨ੍ਹਾਂ ਦੇ ਸਬੰਧਤ ਖੇਤਰਾਂ ਵਿੱਚ ਸਵੈ-ਗਿਣਤੀ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਗਿਆ। ਅਫ਼ਸਰਾਂ ਨੂੰ ਪ੍ਰਚਾਰ ਗਤੀਵਿਧੀਆਂ ਹੋਰ ਤੇਜ਼ ਕਰਨ, ਲੋਕਾਂ ਵਿੱਚ ਸਵੈ-ਗਿਣਤੀ ਬਾਰੇ ਜਾਗਰੂਕਤਾ ਵਧਾਉਣ ਅਤੇ ਫੀਲਡ ਟੀਮਾਂ ਰਾਹੀਂ ਵੱਧ ਤੋਂ ਵੱਧ ਲੋਕਾਂ ਨੂੰ ਇਸ ਪ੍ਰਕਿਰਿਆ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕਰਨ ਦੇ ਨਿਰਦੇਸ਼ ਦਿੱਤੇ ਗਏ। ਵਧੀਕ ਡਿਪਟੀ ਕਮਿਸ਼ਨਰ ਅੰਕੁਰ ਮਹਿੰਦਰੂ ਨੇ ਕਿਹਾ ਕਿ ਜਨਗਣਨਾ 2027 ਦੇ ਦੂਜੇ ਪੜਾਅ ਤਹਿਤ ਆਬਾਦੀ ਦੀ ਗਿਣਤੀ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ ਸਿੱਖਿਆ ਵਿਭਾਗ, ਜਨਗਣਨਾ ਚਾਰਜ ਅਫ਼ਸਰਾਂ, ਟ੍ਰੇਨਰਾਂ ਅਤੇ ਜ਼ਿਲ੍ਹਾ ਜਨਗਣਨਾ ਟੀਮ ਵਿਚਾਲੇ ਤਾਲਮੇਲ ਜ਼ਰੂਰੀ ਹੈ। ਉਨ੍ਹਾਂ ਸਬੰਧਤ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਸਵੈ-ਗਿਣਤੀ ਅਤੇ ਇਸ ਨਾਲ ਜੁੜੀਆਂ ਪ੍ਰਚਾਰ ਗਤੀਵਿਧੀਆਂ ਨੂੰ ਤਰਜੀਹ ਦੇਣ ਲਈ ਕਿਹਾ। ਮੀਟਿੰਗਾਂ ਵਿੱਚ ਜਨਗਣਨਾ ਸੰਚਾਲਨ ਡਾਇਰੈਕਟੋਰੇਟ, ਪੰਜਾਬ ਤੋਂ ਵਿਵੇਕ ਸਿੰਘ ਅਤੇ ਜ਼ਿਲ੍ਹਾ ਜਨਗਣਨਾ ਟੀਮ, ਸੰਗਰੂਰ ਦੇ ਮੈਂਬਰ ਵੀ ਹਾਜ਼ਰ ਸਨ।

Exit mobile version