Home ਪੰਜਾਬ ਗੁਰਦਾਸਪੁਰ ਵਿੱਚ ਪੁਲਿਸ ਮੁਲਾਜ਼ਮ ਦੇ ਕਤਲ ਦੀ ਜਾਂਚ ਤੇਜ਼, ਅੱਤਵਾਦੀ ਸਾਜ਼ਿਸ਼ ਦੇ...

ਗੁਰਦਾਸਪੁਰ ਵਿੱਚ ਪੁਲਿਸ ਮੁਲਾਜ਼ਮ ਦੇ ਕਤਲ ਦੀ ਜਾਂਚ ਤੇਜ਼, ਅੱਤਵਾਦੀ ਸਾਜ਼ਿਸ਼ ਦੇ ਐਂਗਲ ਤੋਂ ਵੀ ਹੋ ਰਹੀ ਪੜਤਾਲ

Punjab Police probes personal rivalry and possible terror links in the killing of Senior Constable Vinod Kumar in Gurdaspur.

0

ਗੁਰਦਾਸਪੁਰ, 17 ਨਵੰਬਰ (ਗੁਰਮੀਤ ਸਿੰਘ ਤੁੰਗ): ਪੰਜਾਬ ਦੇ ਗੁਰਦਾਸਪੁਰ ਵਿੱਚ ਸੀਨੀਅਰ ਕਾਂਸਟੇਬਲ ਵਿਨੋਦ ਕੁਮਾਰ ਦੀ ਗੋਲੀ ਮਾਰ ਕੇ ਹੱਤਿਆ ਕੀਤੇ ਜਾਣ ਦੇ ਮਾਮਲੇ ਵਿੱਚ ਪੁਲਿਸ ਵੱਲੋਂ ਵੱਖ-ਵੱਖ ਪਹਿਲੂਆਂ ਤੋਂ ਜਾਂਚ ਕੀਤੀ ਜਾ ਰਹੀ ਹੈ। ਪੁਲਿਸ ਨੇ ਨਿੱਜੀ ਰੰਜਿਸ਼ ਦੇ ਨਾਲ-ਨਾਲ ਦੇਸ਼ ਵਿਰੋਧੀ ਤੱਤਾਂ ਦੀ ਸ਼ਮੂਲੀਅਤ ਦੀ ਸੰਭਾਵਨਾ ਨੂੰ ਵੀ ਜਾਂਚ ਦੇ ਘੇਰੇ ਵਿੱਚ ਰੱਖਿਆ ਹੈ। ਅਧਿਕਾਰੀਆਂ ਮੁਤਾਬਕ ਇਸ ਮਾਮਲੇ ਵਿੱਚ ਅੱਤਵਾਦੀ ਸਾਜ਼ਿਸ਼ ਦੇ ਐਂਗਲ ਨੂੰ ਵੀ ਫਿਲਹਾਲ ਖਾਰਜ ਨਹੀਂ ਕੀਤਾ ਗਿਆ। ਸਪੈਸ਼ਲ ਡਾਇਰੈਕਟਰ ਜਨਰਲ ਆਫ਼ ਪੁਲਿਸ (ਲਾਅ ਐਂਡ ਆਰਡਰ) ਪ੍ਰਵੀਨ ਕੁਮਾਰ ਸਿਨਹਾ ਨੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਮ੍ਰਿਤਕ ਵਿਨੋਦ ਕੁਮਾਰ ਪੰਜਾਬ ਪੁਲਿਸ ਦੇ ਟੈਕਨੀਕਲ ਸਰਵਿਸਿਜ਼ ਵਿੰਗ ਵਿੱਚ ਤਾਇਨਾਤ ਸੀ। ਐਤਵਾਰ ਰਾਤ ਉਸ ਨੂੰ ਗੋਲੀ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ ਗਿਆ ਸੀ।

ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁੱਢਲੀ ਜਾਂਚ ਦੌਰਾਨ ਸਾਹਮਣੇ ਆਇਆ ਹੈ ਕਿ ਮੁਲਜ਼ਮਾਂ ਨੇ ਮੋਟਰਸਾਈਕਲ ‘ਤੇ ਲਿਫਟ ਲਈ ਸੀ। ਹਾਲਾਂਕਿ, ਹੁਣ ਤੱਕ ਜ਼ਬਰਦਸਤੀ ਅਗਵਾ ਕੀਤੇ ਜਾਣ ਸਬੰਧੀ ਕੋਈ ਸਬੂਤ ਨਹੀਂ ਮਿਲਿਆ ਹੈ। ਇਸ ਦੇ ਬਾਵਜੂਦ ਪੁਲਿਸ ਕਿਸੇ ਵੀ ਸੰਭਾਵਨਾ ਨੂੰ ਨਜ਼ਰਅੰਦਾਜ਼ ਨਹੀਂ ਕਰ ਰਹੀ। ਸਿਨਹਾ ਨੇ ਕਿਹਾ ਕਿ ਪਿਛਲੇ ਕੁਝ ਮਾਮਲਿਆਂ ਵਿੱਚ ਦੇਸ਼ ਵਿਰੋਧੀ ਤੱਤਾਂ ਦੀ ਸ਼ਮੂਲੀਅਤ ਸਾਹਮਣੇ ਆਉਣ ਕਾਰਨ ਇਸ ਪਹਿਲੂ ਦੀ ਵੀ ਗੰਭੀਰਤਾ ਨਾਲ ਜਾਂਚ ਕੀਤੀ ਜਾ ਰਹੀ ਹੈ। ਇਹ ਕਤਲ ਨਿੱਜੀ ਦੁਸ਼ਮਣੀ ਦਾ ਨਤੀਜਾ ਹੈ ਜਾਂ ਕਿਸੇ ਦੇਸ਼ ਵਿਰੋਧੀ ਸੰਗਠਨ ਦੇ ਇਸ਼ਾਰੇ ‘ਤੇ ਕੀਤਾ ਗਿਆ ਹੈ, ਇਸ ਬਾਰੇ ਜਾਂਚ ਪੂਰੀ ਹੋਣ ਅਤੇ ਹੋਰ ਤੱਥ ਸਾਹਮਣੇ ਆਉਣ ਤੋਂ ਬਾਅਦ ਹੀ ਸਪੱਸ਼ਟ ਹੋ ਸਕੇਗਾ। ਇਸ ਦੌਰਾਨ ਪਠਾਨਕੋਟ ਵਿੱਚ ਕਾਰ ਖੋਹਣ ਦੀ ਘਟਨਾ ਬਾਰੇ ਪੁੱਛੇ ਜਾਣ ‘ਤੇ ਪੁਲਿਸ ਅਧਿਕਾਰੀ ਨੇ ਕਿਹਾ ਕਿ ਇਹ ਵੱਖਰਾ ਮਾਮਲਾ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਅੰਮ੍ਰਿਤਸਰ ਦੇ ਨੇੜੇ ਇੱਕ ਲਾਸ਼ ਮਿਲੀ ਹੈ, ਜਿਸ ਸਬੰਧੀ ਪੁਲਿਸ ਵੱਲੋਂ ਮ੍ਰਿਤਕ ਦੀ ਪਛਾਣ ਅਤੇ ਹੋਰ ਵੇਰਵੇ ਇਕੱਠੇ ਕੀਤੇ ਜਾ ਰਹੇ ਹਨ। ਫਿਲਹਾਲ ਗੁਰਦਾਸਪੁਰ ਵਿੱਚ ਪੁਲਿਸ ਮੁਲਾਜ਼ਮ ਦੇ ਕਤਲ ਦੇ ਮਾਮਲੇ ਦੀ ਜਾਂਚ ਜਾਰੀ ਹੈ ਅਤੇ ਪੁਲਿਸ ਵੱਲੋਂ ਹੋਰ ਜਾਣਕਾਰੀ ਸਾਹਮਣੇ ਆਉਣ ਦੀ ਉਡੀਕ ਕੀਤੀ ਜਾ ਰਹੀ ਹੈ।

 

Exit mobile version