ਚੰਡੀਗੜ੍ਹ, 12 ਅਗਸਤ, 2026 (ਹਰਸ਼ਪ੍ਰੀਤ ਕੌਰ) : ਪੰਜਾਬ ਦੇ ਚਰਚਿਤ ਸਿੰਚਾਈ ਘੁਟਾਲੇ ਦੀ ਜਾਂਚ ਵਿੱਚ ਸਾਬਕਾ ਮੁੱਖ ਸਕੱਤਰ ਸਰਵੇਸ਼ ਕੌਸ਼ਲ ਸਮੇਤ ਤਿੰਨ ਸੇਵਾਮੁਕਤ IAS ਅਧਿਕਾਰੀਆਂ ਨੂੰ ਵੱਡੀ ਰਾਹਤ ਮਿਲੀ ਹੈ। ਪੰਜਾਬ ਵਿਜੀਲੈਂਸ ਬਿਊਰੋ ਦੀ ਜਾਂਚ ਵਿੱਚ ਇਨ੍ਹਾਂ ਅਧਿਕਾਰੀਆਂ ਖ਼ਿਲਾਫ਼ ਦੋਸ਼ਾਂ ਨੂੰ ਸਾਬਤ ਕਰਨ ਲਈ ਕੋਈ ਠੋਸ ਸਬੂਤ ਨਹੀਂ ਮਿਲਿਆ। ਵਿਜੀਲੈਂਸ ਨੇ ਸਾਬਕਾ ਵਿਸ਼ੇਸ਼ ਮੁੱਖ ਸਕੱਤਰ KBS ਸਿੱਧੂ ਅਤੇ ਸਾਬਕਾ ਸਿੰਚਾਈ ਸਕੱਤਰ ਕਾਹਨ ਸਿੰਘ ਪੰਨੂ ਨੂੰ ਵੀ ਮਾਮਲੇ ਵਿੱਚ ਦੋਸ਼ਮੁਕਤ ਕਰ ਦਿੱਤਾ ਹੈ।
ਹਾਈ ਕੋਰਟ ਨੂੰ ਸੌਂਪੀ ਰਿਪੋਰਟ
ਇਸ ਸਬੰਧੀ ਜਾਣਕਾਰੀ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਦਾਇਰ ਕੀਤੀ ਗਈ ਸਟੇਟਸ ਰਿਪੋਰਟ ਰਾਹੀਂ ਸਾਹਮਣੇ ਆਈ ਹੈ। ਦੱਸਿਆ ਗਿਆ ਹੈ ਕਿ 15 ਮਈ ਨੂੰ ਹਾਈ ਕੋਰਟ ਨੇ ਸਰਕਾਰ ਨੂੰ ਜਾਂਚ 15 ਦਿਨਾਂ ਦੇ ਅੰਦਰ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ ਸਨ। ਇਹ ਹਦਾਇਤ ਇਸ ਲਈ ਦਿੱਤੀ ਗਈ ਸੀ ਕਿਉਂਕਿ ਅਧਿਕਾਰੀਆਂ ਖ਼ਿਲਾਫ਼ ਜਾਂਚ ਕਾਫ਼ੀ ਲੰਬੇ ਸਮੇਂ ਤੋਂ ਲਟਕੀ ਹੋਈ ਸੀ।
₹1,000 ਕਰੋੜ ਤੋਂ ਵੱਧ ਦੇ ਪ੍ਰੋਜੈਕਟਾਂ ’ਤੇ ਉੱਠੇ ਸਨ ਸਵਾਲ
ਇਹ ਮਾਮਲਾ ਸਾਲ 2007 ਤੋਂ 2017 ਦਰਮਿਆਨ ਅਕਾਲੀ ਦਲ-ਭਾਜਪਾ ਸਰਕਾਰ ਦੇ ਕਾਰਜਕਾਲ ਦੌਰਾਨ ਸਿੰਚਾਈ ਵਿਭਾਗ ਨਾਲ ਜੁੜੇ ਜਲ ਪ੍ਰੋਜੈਕਟਾਂ ਦੇ ਟੈਂਡਰਾਂ ਨਾਲ ਸਬੰਧਤ ਹੈ। ਸ਼ਿਕਾਇਤ ਵਿੱਚ ਦੋਸ਼ ਲਗਾਇਆ ਗਿਆ ਸੀ ਕਿ ਲਗਭਗ ₹1,000 ਤੋਂ ₹1,200 ਕਰੋੜ ਦੇ ਪ੍ਰੋਜੈਕਟਾਂ ਦੇ ਟੈਂਡਰ ਇੱਕ ਮੁੱਖ ਠੇਕੇਦਾਰ ਨੂੰ ਕਥਿਤ ਤੌਰ ’ਤੇ ਫਾਇਦਾ ਪਹੁੰਚਾਉਣ ਲਈ ਤਿਆਰ ਕੀਤੇ ਗਏ। ਇਸ ਮਾਮਲੇ ਵਿੱਚ ਕੁਝ ਸੀਨੀਅਰ ਅਧਿਕਾਰੀਆਂ ਅਤੇ ਸਿਆਸੀ ਲੋਕਾਂ ਵਿਚਕਾਰ ਕਥਿਤ ਮਿਲੀਭੁਗਤ ਦੇ ਦੋਸ਼ ਵੀ ਸਾਹਮਣੇ ਆਏ ਸਨ। ਹਾਲਾਂਕਿ, ਵਿਜੀਲੈਂਸ ਦੀ ਤਾਜ਼ਾ ਜਾਂਚ ਵਿੱਚ ਸਾਬਕਾ ਅਧਿਕਾਰੀਆਂ ਖ਼ਿਲਾਫ਼ ਲੱਗੇ ਦੋਸ਼ਾਂ ਨੂੰ ਸਾਬਤ ਕਰਨ ਲਈ ਲੋੜੀਂਦੇ ਠੋਸ ਸਬੂਤ ਨਹੀਂ ਮਿਲੇ।
